ਹੜ੍ਹਾਂ ਦੇ ਪਾਣੀ ਨੇ ਇੱਕ ਵਾਰ ਰੋਕੀ ਜ਼ਿੰਦਗੀ ਦੀ ਰਫਤਾਰ

ਚੰਡੀਗੜ੍ਹ: ਪੰਜਾਬ ਦੇ ਕਈ ਜ਼ਿਲਿ੍ਹਆਂ ਵਿਚ ਇਕ ਵਾਰ ਮੁੜ ਹੜ੍ਹਾਂ ਦੇ ਪਾਣੀ ਨੇ ਲੋਕਾਂ ਦੀ ਜ਼ਿੰਦਗੀ ਦੀ ਰਫ਼ਤਾਰ ਰੋਕ ਦਿੱਤੀ ਹੈ। ਇਥੋਂ ਦੇ ਲੋਕਾਂ ਨੇ ਆਪਣਾ ਸਾਮਾਨ ਤੇ ਡੰਗਰ ਸੁਰੱਖਿਅਤ ਥਾਵਾਂ ‘ਤੇ ਲਿਜਾਣੇ ਸ਼ੁਰੂ ਕਰ ਦਿੱਤੇ ਹਨ। ਸਰਹੱਦੀ ਜ਼ਿਲਿ੍ਹਆਂ ਵਿਚ ਕਈ ਢਾਣੀਆਂ ਪਾਣੀ ਦੀ ਮਾਰ ਝੱਲ ਰਹੀਆਂ ਹਨ। ਭਾਖੜਾ ਤੇ ਪੌਂਗ ਡੈਮ ਵਿਚੋਂ ਪਾਣੀ ਛੱਡੇ ਜਾਣ ਕਾਰਨ ਸਤਲੁਜ ਤੇ ਬਿਆਸ ਦਰਿਆਵਾਂ ਨੇ ਪੰਜਾਬ ‘ਚ ਤਬਾਹੀ ਮਚਾ ਦਿੱਤੀ ਹੈ ਅਤੇ ਸੂਬੇ ਦੇ 8 ਜ਼ਿਲਿ੍ਹਆਂ ਦੇ 150 ਦੇ ਕਰੀਬ ਪਿੰਡ ਹੜ੍ਹਾਂ ਦੀ ਲਪੇਟ ‘ਚ ਆ ਚੁੱਕੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਸੂਬੇ ਦੇ ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਰੋਪੜ, ਹੁਸ਼ਿਆਰਪੁਰ, ਨਵਾਂਸ਼ਹਿਰ ਤਰਨ ਤਾਰਨ, ਗੁਰਦਾਸਪੁਰ ਜ਼ਿਲਿ੍ਹਆਂ ਤੋਂ ਇਲਾਵਾ ਹੋਰ ਇਲਾਕੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਨ੍ਹਾਂ ਜ਼ਿਲਿ੍ਹਆਂ ‘ਚ ਵੱਡੀ ਗਿਣਤੀ ‘ਚ ਲੋਕ ਬੇਘਰ ਹੋ ਚੁੱਕੇ ਹਨ। ਹਰੀਕੇ ਹੈੱਡ ਵਰਕਸ ‘ਤੇ ਸਤਲੁਜ ਤੇ ਬਿਆਸ ਦਰਿਆ ਦਾ ਪਾਣੀ ਇਕੱਠਾ ਹੋਣ ਕਰਕੇ ਫਿਰੋਜ਼ਪੁਰ ਤੇ ਫਾਜ਼ਿਲਕਾ ‘ਚ ਦਹਿਸ਼ਤ ਦਾ ਮਾਹੌਲ ਹੈ। ਜਿੱਥੇ ਪ੍ਰਸ਼ਾਸਨ ਵੱਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਬਚਾਅ ਕਾਰਜ ਕੀਤੇ ਜਾ ਰਹੇ ਹਨ। ਸੂਬੇ ਵਿਚ ਵਿਗੜਦੇ ਹਾਲਾਤ ਨੂੰ ਦੇਖਦੇ ਹੋਏ ਐਨ.ਡੀ.ਆਰ.ਐਫ. ਦੀਆਂ ਟੀਮਾਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਚਾਅ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ।
ਹਰੀਕੇ ਪੱਤਣ ਨੇੜਲੇ ਪਿੰਡ ਬਸਤੀ ਲਾਲ ਸਿੰਘ ਨੇੜੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਵਿਚ ਪਾੜ ਪੈ ਗਿਆ ਹੈ। ਇਸ ਨਾਲ ਪੱਟੀ ਹਲਕੇ ਦੇ ਦਰਜਨਾਂ ਪਿੰਡਾਂ ਵਿਚ ਪਾਣੀ ਦਾਖਲ ਹੋ ਗਿਆ ਹੈ। ਇਸੇ ਤਰ੍ਹਾਂ ਤਰਨ ਤਾਰਨ ਨੇੜੇ ਵੀ ਧੁੱਸੀ ਬੰਨ੍ਹ ‘ਚ ਪਾੜ ਪੈ ਗਿਆ ਹੈ ਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ। ਇਸ ਨਾਲ ਹਜ਼ਾਰਾਂ ਏਕੜ ਫਸਲ ਦਾ ਵੀ ਨੁਕਸਾਨ ਹੋਇਆ ਹੈ। ਫਿਰੋਜ਼ਪੁਰ ਤੇ ਫਾਜ਼ਿਲਕਾ ਜ਼ਿਲ੍ਹੇ ਦੇ ਦਰਜਨਾਂ ਪਿੰਡ ਪਾਣੀ ਵਿਚ ਡੁੱਬੇ ਪਏ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਜਗਤਪੁਰ ਟਾਂਡਾ ਨੇੜੇ ਧੁੱਸੀ ਬੰਨ੍ਹ ਵਿਚ ਪਏ ਪਾੜ ਕਰਕੇ ਦਰਜਨਾਂ ਪਿੰਡ ਹੜ੍ਹ ਦੀ ਲਪੇਟ ਵਿਚ ਆ ਗਏ ਹਨ।
ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਘੜੂੰਮ (ਹਰੀਕੇ) ਨੇੜੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਵਿਚ ਪਿਆ ਪਾੜ ਸਰਹੱਦੀ ਖੇਤਰ ਦੇ 39 ਪਿੰਡਾਂ ਲਈ ਤਬਾਹੀ ਦਾ ਕਾਰਨ ਬਣ ਰਿਹਾ ਹੈ। ਪ੍ਰਸ਼ਾਸਨ ਨੇ ਪਾੜ ਪੂਰਨ ਲਈ ਕਾਰ ਸੇਵਾ ਸੰਪਰਦਾ ਸਰਹਾਲੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁੱਖਾ ਸਿੰਘ ਨੂੰ ਮਦਦ ਲਈ ਬੁਲਾਇਆ ਹੈ। ਸਰਕਾਰੀ ਸੂਤਰਾਂ ਅਨੁਸਾਰ ਦਰਿਆ ਕੰਢੇ ਵਸੇ ਘੜੂੰਮ ਤੋਂ ਇਲਾਵਾ ਕੋਟਬੁੱਢਾ, ਕੁੱਤੀਵਾਲਾ, ਸਭਰਾ, ਘੁੱਲੇਵਾਲਾ, ਭੂਰਾ ਹਥਾੜ, ਗਦਾਈਕੇ, ਜੱਲੋਕੇ, ਭਾਓਵਾਲ, ਤਲਵੰਡੀ ਸੋਭਾਸਿੰਘ, ਬਹਾਦਰ ਨਗਰ, ਜੋਧਸਿੰਘ ਵਾਲਾ, ਝੁੱਗੀਆਂ ਕਾਲੂ, ਬੂਹ ਸਮੇਤ ਕੁੱਲ 19 ਪਿੰਡਾਂ ਵਿਚ ਪਾਣੀ ਦਾਖਲ ਹੋ ਗਿਆ ਹੈ। ਹੜ੍ਹ ਪੀੜਤਾਂ ਵੱਲੋਂ ਆਪਣੇ ਘਰਾਂ ਦਾ ਸਾਮਾਨ ਘਰਾਂ ਦੀਆਂ ਛੱਤਾਂ ‘ਤੇ ਰੱਖਿਆ ਜਾ ਰਿਹਾ ਹੈ। ਲੋਕ ਰਾਤ ਵੀ ਛੱਤਾਂ ‘ਤੇ ਕੱਟਣ ਲਈ ਮਜਬੂਰ ਹਨ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਕਿਸੇ ਤਰ੍ਹਾਂ ਵੀ ਮਦਦ ਨਹੀਂ ਕੀਤੀ ਜਾ ਰਹੀ।
ਨੁਕਸਾਨ ਦੀ ਪੂਰਤੀ ਕੀਤੀ ਜਾਵੇਗੀ: ਭਗਵੰਤ ਮਾਨ
ਮੁਕੇਰੀਆਂ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਹੈਲੀਕਾਪਟਰ ਸਮੇਤ ਸਮੁੱਚੀ ਮਸ਼ੀਨਰੀ ਲੋਕਾਂ ਦੀ ਮਦਦ ਵਿਚ ਲੱਗੀ ਹੋਈ ਹੈ ਅਤੇ ਕਿਸਾਨਾਂ ਸਮੇਤ ਹਰ ਵਰਗ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ‘ਚ ਮੀਂਹ ਨਹੀਂ ਪਿਆ, ਪਰ ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਪੈਣ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿਚ ਹੜ੍ਹ ਆਏ ਹਨ। ਉਹ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਲਗਾਤਾਰ ਰਾਬਤਾ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਤਸੱਲੀ ਦੀ ਗੱਲ ਹੈ ਕਿ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਘਟ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੋਟਾਂ ਪਾ ਕੇ ਉਨ੍ਹਾਂ ਨੂੰ ਚੁਣਿਆ ਹੈ ਅਤੇ ਹੁਣ ਉਹ ਆਪਣੀ ਜ਼ਿੰਮੇਵਾਰੀ ਨਿਭਾਉਣਗੇ।