ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲਿਆ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਰੌਂਅ ਨੂੰ ਭਾਂਪਦੇ ਹੋਏ ਗ੍ਰਾਮ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਸੰਸਥਾਵਾਂ ਭੰਗ ਕਰਨ ਲਈ 10 ਅਗਸਤ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।

ਪੰਚਾਇਤੀ ਪ੍ਰਤੀਨਿਧਾਂ ਨੇ ਇਸ ਫੈਸਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ। ਅਦਾਲਤੀ ਪ੍ਰਕਿਰਿਆ ਸ਼ੁਰੂ ਹੋਣ ਦੇ ਦੋ ਹਫਤੇ ਮਗਰੋਂ ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦੇ ਆਪਣੇ ਫੈਸਲੇ ਤੋਂ ਪੈਰ ਪਿਛਾਂਹ ਖਿੱਚ ਲਏ ਹਨ। ਐਡਵੋਕੇਟ ਜਨਰਲ ਵਿਨੋਦ ਘਈ ਨੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਅੱਗੇ ਪੇਸ਼ ਹੋ ਕੇ ਸੂਬਾ ਸਰਕਾਰ ਦੇ ਇਸ ਫੈਸਲੇ ਤੋਂ ਜਾਣੂ ਕਰਾਇਆ।
ਚੀਫ ਜਸਟਿਸ ਦੀ ਅਗਵਾਈ ਵਾਲਾ ਡਿਵੀਜ਼ਨ ਬੈਂਚ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਜੀਤ ਸਿੰਘ ਤਲਵੰਡੀ ਵੱਲੋਂ ਦਾਇਰ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕੀਤੀ ਜਾ ਰਹੀ ਸੀ। ਹਾਈਕੋਰਟ ਨੇ ਪੰਚਾਇਤਾਂ ਭੰਗ ਕੀਤੇ ਜਾਣ ਵਾਲੇ ਠੋਸ ਆਧਾਰ ਦਾ ਵੇਰਵਾ ਮੰਗਿਆ ਸੀ, ਪਰ ਸੂਬਾ ਸਰਕਾਰ ਕੋਈ ਢੁਕਵਾਂ ਜਵਾਬ ਨਹੀਂ ਦੇ ਸਕੀ। ਅਦਾਲਤ ਨੇ ਪਿਛਲੇ ਦਿਨੀਂ ਇਸ ਮਾਮਲੇ ‘ਤੇ ਸਰਕਾਰ ਦੀ ਝਾੜ-ਝੰਬ ਵੀ ਕੀਤੀ ਸੀ। ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਦੀਆਂ ਸੇਵਾਵਾਂ ਵੀ ਲਈਆਂ ਸਨ, ਪਰ ਸਰਕਾਰ ਨੇ ਅਦਾਲਤੀ ਰੌਂਅ ਦੇ ਮੱਦੇਨਜ਼ਰ 10 ਅਗਸਤ ਨੂੰ ਜਾਰੀ ਨੋਟੀਫਿਕੇਸ਼ਨ ਵਾਪਸ ਲੈਣ ਵਿਚ ਹੀ ਭਲਾ ਸਮਝਿਆ।
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੇ 28 ਅਗਸਤ ਨੂੰ ਹਾਈਕੋਰਟ ਵਿਚ ਹਲਫਨਾਮਾ ਦਾਇਰ ਕੀਤਾ ਸੀ ਕਿ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਲਈ ਸੰਵਿਧਾਨਕ ਵਿਵਸਥਾ ਅਨੁਸਾਰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਕੋਲ ਪੰਚਾਇਤੀ ਰਾਜ ਐਕਟ 1994 ਦੀ ਧਾਰਾ 209 ਅਧੀਨ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਕਰਾਉਣ ਦੇ ਆਦੇਸ਼ ਦੇਣ ਦਾ ਅਧਿਕਾਰ ਹੈ।
ਚੇਤੇ ਰਹੇ ਕਿ ਪੰਚਾਇਤ ਵਿਭਾਗ ਨੇ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ 25 ਨਵੰਬਰ ਤੱਕ ਅਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਤੱਕ ਕਰਾਉਣ ਵਾਸਤੇ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਉਧਰ, ਸਰਕਾਰੀ ਫੈਸਲੇ ਨੂੰ ਚੁਣੌਤੀ ਦੇਣ ਵਾਲੇ ਪਟੀਸ਼ਨਰਾਂ ਦੀ ਦਲੀਲ ਨੇ ਸਰਕਾਰੀ ਪੱਖ ਨੂੰ ਖਾਰਜ ਕੀਤਾ ਕਿ ਪੰਚਾਇਤਾਂ ਨੂੰ ਪੰਜ ਸਾਲ ਦੇ ਕਾਰਜਕਾਲ ਤੋਂ ਪਹਿਲਾਂ ਭੰਗ ਕਰਨਾ ਗੈਰਕਾਨੂੰਨੀ ਹੈ। ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦੇ ਫੈਸਲੇ ‘ਤੇ ਲਏ ਯੂ-ਟਰਨ ਨੇ ਵਿਰੋਧੀ ਧਿਰਾਂ ਨੂੰ ਇਕ ਵੱਡਾ ਮੌਕਾ ਦੇ ਦਿੱਤਾ ਹੈ ਕਿਉਂਕਿ ਕਾਂਗਰਸ ਵੱਲੋਂ ਇਸ ਸਰਕਾਰੀ ਫੈਸਲੇ ਨੂੰ ਲੈ ਕੇ ਧਰਨੇ ਮੁਜ਼ਾਹਰੇ ਵੀ ਕੀਤੇ ਗਏ ਸਨ। ਪੰਜਾਬ ਵਿਚ ਇਸ ਵੇਲੇ ਬਹੁਗਿਣਤੀ ਗ੍ਰਾਮ ਪੰਚਾਇਤਾਂ ‘ਤੇ ਕਾਂਗਰਸੀ ਸਰਪੰਚ ਕਾਬਜ਼ ਹਨ।
ਤਕਨੀਕੀ ਖਾਮੀਆਂ ਕਰਕੇ ਫੈਸਲਾ ਵਾਪਸ ਲਿਆ: ਭੁੱਲਰ
ਚੰਡੀਗੜ੍ਹ:ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਫੈਸਲਾ ਤਕਨੀਕੀ ਖਾਮੀਆਂ ਕਰਕੇ ਵਾਪਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦਾ ਮਾਮਲਾ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿਚ ਆਇਆ ਤਾਂ ਉਨ੍ਹਾਂ ਨੇ ਤਕਨੀਕੀ ਖ਼ਾਮੀਆਂ ਕਾਰਨ ਤੁਰਤ ਪੰਚਾਇਤਾਂ ਨੂੰ ਭੰਗ ਕਰਨ ਦੇ ਆਦੇਸ਼ਾਂ ਲਈ ਪੰਚਾਇਤੀ ਵਿਭਾਗ ਦੇ ਅਫਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਅਤੇ ਪੰਚਾਇਤਾਂ ਨੂੰ ਭੰਗ ਕਰਨ ਵਾਲਾ ਫੈਸਲਾ ਵਾਪਸ ਲੈ ਲਿਆ ਤਾਂ ਜੋ ਤਕਨੀਕੀ ਕਮੀਆਂ ਨੂੰ ਪੂਰਾ ਕਰਕੇ ਚੋਣਾਂ ਬਿਨਾਂ ਕਿਸੇ ਪੱਖਪਾਤ ਤੋਂ ਕਰਵਾਈਆਂ ਜਾ ਸਕਣ। ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਸਬੰਧੀ ਤਕਨੀਕੀ ਖ਼ਾਮੀਆਂ ਵਾਲਾ ਫੈਸਲਾ ਲੈਣ ਵਾਲੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ ਨੂੰ ਤੁਰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।