ਰੱਖੜ ਪੁੰਨਿਆ ਕਾਨਫਰੰਸ: ਸਿਆਸੀ ਧਿਰਾਂ ਵੱਲੋਂ ਇਕ-ਦੂਜੇ ਨੂੰ ਚੋਭਾਂ

ਰਈਆ: ਮੇਲਾ ਰੱਖੜ-ਪੁੰਨਿਆ ਉਤੇ ਸੱਤਾਧਾਰੀ ਆਮ ਆਦਮੀ ਪਾਰਟੀ, ਪੰਜਾਬ ਪ੍ਰਦੇਸ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪੋ-ਆਪਣੀਆਂ ਕਾਨਫਰੰਸਾਂ ਕੀਤੀਆਂ ਗਈਆਂ ਅਤੇ ਆਪਣੇ ਸਿਆਸੀ ਵਿਰੋਧੀਆਂ ਬਾਰੇ ਖੁੱਲ੍ਹ ਕੇ ਦੂਸ਼ਣਬਾਜ਼ੀ ਕੀਤੀ।

ਸੱਤਾਧਾਰੀ ਆਮ ਆਦਮੀ ਪਾਰਟੀ ਦੀ ਕਾਨਫਰੰਸ ਵਿਚ ਕਿਆਸੀ ਗਈ ਭੀੜ ਤੋਂ ਕਾਫੀ ਘੱਟ ਗਿਣਤੀ ਵਿਚ ਵਰਕਰ ਪੁੱਜੇ ਅਤੇ ਵੱਡੀ ਗਿਣਤੀ ਕੁਰਸੀਆਂ ਖਾਲੀ ਮਿਲੀਆਂ। ‘ਆਪ` ਵੱਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਆਈ.ਟੀ.ਆਈ. ਗਰਾਊਂਡ ਵਿਚ ਰੈਲੀ ਕੀਤੀ ਗਈ। ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਹਿਲਾਂ ਕਾਂਗਰਸ ਸਰਕਾਰਾਂ ਵੇਲੇ ਪੰਜਾਬੀ ਸੂਬੇ ਨੂੰ ਸੀਮਤ ਕਰ ਦਿੱਤਾ ਗਿਆ ਹੈ ਤੇ ਹੁਣ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਰਾਜਪਾਲ ਰਾਹੀਂ ਪੰਜਾਬ ਨੂੰ ਬਰਬਾਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਸਫਲ ਕਰ ਦਿੱਤੀਆਂ ਗਈਆਂ ਹਨ। ਉੁਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਅਤੇ ਅਕਾਲੀ ਆਗੂਆਂ ਨੇ ਸੂਬੇ ਨੂੰ ਪਹਿਲਾਂ ਹੀ ਕਰਜ਼ਾਈ ਕਰ ਰੱਖਿਆ ਹੈ। ਇਨ੍ਹਾਂ ਪਾਰਟੀਆਂ ਨੇ ਪੰਜਾਬ ਸਿਰ ਤਿੰਨ ਲੱਖ ਕਰੋੜ ਦਾ ਕਰਜ਼ਾ ਚੜ੍ਹਾ ਦਿੱਤਾ ਸੀ। ਉਨ੍ਹਾਂ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਇਕ ਸਾਲ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਵੀ ਪੇਸ਼ ਕੀਤਾ।
ਪੰਜਾਬ ਪ੍ਰਦੇਸ ਕਾਂਗਰਸ ਪਾਰਟੀ ਵੱਲੋਂ ਕਾਨਫਰੰਸ ਵਿਚ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਦਰਿਆਵਾਂ ਵਿਚ ਖਣਨ ਕਰਵਾ ਕੇ ਸਫਾਈ ਕਰਵਾਈ ਜਾਂਦੀ ਤਾਂ ਬਿਆਸ ਤੇ ਸਤਲੁਜ ਦਰਿਆਵਾਂ ਵਿਚ ਆਏ ਹੜ੍ਹਾਂ ਨਾਲ ਪੰਜਾਬ ਦੇ ਲੋਕਾਂ ਦਾ ਇੰਨਾ ਨੁਕਸਾਨ ਨਾ ਹੁੰਦਾ, ਇਸ ਗਲਤੀ ਦਾ ਖਮਿਆਜ਼ਾ ਕਿਸਾਨਾਂ ਨੂੰ ਝੱਲਣਾ ਪੈ ਰਿਹਾ ਹੈ ਜਿਸ ਨਾਲ ਛੇ ਲੱਖ ਏਕੜ ਫਸਲ ਦਾ ਨੁਕਸਾਨ ਹੋਇਆ, ਜੇਕਰ ਪਹਿਲਾਂ ਸਫਾਈ ਕਰਵਾਈ ਜਾਂਦੀ ਤਾਂ ਸਿਰਫ 2000 ਏਕੜ ਦਾ ਨੁਕਸਾਨ ਹੋਣਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਦੇ ਜਿਉਂ ਦੇ ਤਿਉਂ ਪਏ ਹਨ। ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਦੀ ਨਹੀਂ ਸਗੋਂ ਕੇਜਰੀਵਾਲ ਦੀ ਫਿਕਰ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤਾਂ ਅਤੇ ਬਲਾਕ ਸਮਿਤੀਆਂ ਤੋੜ ਦਿੱਤੀਆਂ ਗਈਆਂ ਪਰ ਮੁੱਖ ਮੰਤਰੀ ਨੂੰ ਪੰਚਾਇਤਾਂ ਤੋੜਨ ਦਾ ਕੋਈ ਅਧਿਕਾਰ ਨਹੀਂ ਸੀ ਤੇ ਹਾਈ ਕੋਰਟ ਨੇ ਇਸ ਫੈਸਲੇ ‘ਤੇ ਰੋਕ ਲਾ ਦਿੱਤੀ ਹੈ।
ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਚ ਸ਼੍ਰੋੋਮਣੀ ਅਕਾਲੀ ਦਲ ਵਲੋਂ ਕਾਨਫਰੰਸ ਕਰਵਾਈ ਗਈ ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਸਮਾ (ਜਰੂਰੀ ਸੇਵਾਵਾਂ ਐਕਟ) ਮੁਲਾਜ਼ਮਾਂ ਖ਼ਿਲਾਫ਼ ਨਹੀਂ ਸਗੋਂ ਮੁੱਖ ਮੰਤਰੀ ਖ਼ਿਲਾਫ਼ ਲੱਗਣਾ ਚਾਹੀਦਾ ਹੈ ਜਿਨ੍ਹਾਂ ਨੇ ਹੜ੍ਹਾਂ ਵਿਚ ਫਸੇ ਸੂਬੇ ਦੀ ਬਾਂਹ ਨਹੀਂ ਫੜੀ ਅਤੇ ਉਹ ਸੰਕਟ ਸਮੇਂ ਆਪਣੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੱਧ ਪ੍ਰਦੇਸ ਤੇ ਛੱਤੀਸਗੜ੍ਹ ਵਰਗੇ ਰਾਜਾਂ ‘ਚ ਘੁੰਮਦੇ ਰਹੇ। ਸ੍ਰੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਐਸਮਾ ਵਾਲਾ ਪੈਮਾਨਾ ਖੁਦ ‘ਤੇ ਵੀ ਲਾਗੂ ਕਰਨਾ ਚਾਹੀਦਾ ਹੈ ਜੋ ਉਹ ਮੁਲਾਜ਼ਮਾਂ ‘ਤੇ ਲਾਗੂ ਕਰ ਰਹੇ ਹਨ। ਇਹੀ ਪੈਮਾਨਾ ਮੰਤਰੀਆਂ ਤੇ ਵਿਧਾਇਕਾਂ ‘ਤੇ ਵੀ ਲਾਗੂ ਹੋਣਾ ਚਾਹੀਦਾ ਹੈ ਜੋ ਪਿਛਲੇ ਮਹੀਨੇ ਆਏ ਹੜ੍ਹਾਂ ‘ਚ ਫਸੇ ਕਿਸਾਨਾਂ ਅਤੇ ਲੋਕਾਂ ਦੀ ਮਦਦ ਵਾਸਤੇ ਮੌਕੇ ‘ਤੇ ਨਹੀਂ ਪੁੱਜ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾਉਣ ਦੀ ਥਾਂ ਹੜਤਾਲੀ ਮੁਲਾਜ਼ਮਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੂਰ ਕਰੇ। ਸ੍ਰੀ ਬਾਦਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਉਂਦੀਆਂ ਚੋਣਾਂ ਲੜੇਗਾ। ਉਨ੍ਹਾਂ ਦੋਸ਼ ਲਾਇਆ ਕਿ ‘ਆਪ‘ ਸਰਕਾਰ ਦੇ ਕਾਰਜਕਾਲ ‘ਚ ਨਸ਼ਿਆਂ ਦਾ ਪਸਾਰ 10 ਗੁਣਾ ਵੱਧ ਗਿਆ ਹੈ। ‘ਆਪ‘ ਨੇ ਇਸ ਮਾਮਲੇ ‘ਚ ਅਕਾਲੀ ਦਲ ਤੇ ਬਿਕਰਮ ਸਿੰਘ ਮਜੀਠੀਆ ਦੀ ਬਦਨਾਮੀ ਕੀਤੀ ਪਰ ਇਸ ਵੇਲੇ ਸਿੰਥੈਟਿਕ ਡਰੱਗ ਦੀ ਖਪਤ ਸਭ ਤੋਂ ਜ਼ਿਆਦਾ ਹੈ।
ਪੰਜਾਬ ਦੇ ਮੁੱਦੇ ਜਿਉਂ ਦੇ ਤਿਉਂ: ਕਾਂਗਰਸ
ਚੰਡੀਗੜ੍ਹ: ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਮੁੱਦੇ ਜਿਉਂ ਦੇ ਤਿਉਂ ਪਏ ਹਨ। ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਦੀ ਨਹੀਂ ਸਗੋਂ ਕੇਜਰੀਵਾਲ ਦੀ ਫਿਕਰ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤਾਂ ਅਤੇ ਬਲਾਕ ਸਮਿਤੀਆਂ ਤੋੜ ਦਿੱਤੀਆਂ ਗਈਆਂ ਪਰ ਮੁੱਖ ਮੰਤਰੀ ਨੂੰ ਪੰਚਾਇਤਾਂ ਤੋੜਨ ਦਾ ਕੋਈ ਅਧਿਕਾਰ ਨਹੀਂ ਸੀ ਤੇ ਹਾਈ ਕੋਰਟ ਨੇ ਇਸ ਫੈਸਲੇ ‘ਤੇ ਰੋਕ ਲਾ ਦਿੱਤੀ ਹੈ। ਸ਼੍ਰੋੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਸਮਾ (ਜਰੂਰੀ ਸੇਵਾਵਾਂ ਐਕਟ) ਮੁਲਾਜ਼ਮਾਂ ਖ਼ਿਲਾਫ਼ ਨਹੀਂ ਸਗੋਂ ਮੁੱਖ ਮੰਤਰੀ ਖ਼ਿਲਾਫ਼ ਲੱਗਣਾ ਚਾਹੀਦਾ ਹੈ ਜਿਨ੍ਹਾਂ ਨੇ ਹੜ੍ਹਾਂ ਵਿਚ ਫਸੇ ਸੂਬੇ ਦੀ ਬਾਂਹ ਨਹੀਂ ਫੜੀ ਅਤੇ ਉਹ ਸੰਕਟ ਸਮੇਂ ਆਪਣੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੱਧ ਪ੍ਰਦੇਸ ਤੇ ਛੱਤੀਸਗੜ੍ਹ ਵਰਗੇ ਰਾਜਾਂ ‘ਚ ਘੁੰਮਦੇ ਰਹੇ।