ਗੁਰਦੁਆਰਿਆਂ ਦੀ ਸੰਭਾਲ ਨਾ ਹੋਣ ‘ਤੇ ਫਿਕਰਮੰਦੀ

ਅੰਮ੍ਰਿਤਸਰ: ਦੇਸ਼ ਦੀ ਵੰਡ ਤੋਂ ਬਾਅਦ ਪਾਕਿਸਤਾਨ ਵਿਚ ਰਹਿ ਗਏ ਗੁਰਦੁਆਰਿਆਂ ਦੀ ਸਾਂਭ-ਸੰਭਾਲ ਨਾ ਹੋਣ ਅਤੇ ਗੁਰਦੁਆਰਿਆਂ ਦੀਆਂ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕਰਨ ਖਿਲਾਫ ਅਕਾਲ ਤਖਤ ਦੇ ਜਥੇਦਾਰ ਰਘਬੀਰ ਸਿੰਘ ਨੇ ਚਿੰਤਾ ਪ੍ਰਗਟ ਕੀਤੀ ਹੈ।

ਉਨ੍ਹਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਖਿਆ ਹੈ ਕਿ ਉਹ ਆਪਣੀ ਸਰਕਾਰ ‘ਤੇ ਗੁਰਦੁਆਰਿਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਦਬਾਅ ਪਾਵੇ। ਉਨ੍ਹਾਂ ਆਖਿਆ ਕਿ ਮੁਲਕ ਦੀ ਵੰਡ ਤੋਂ ਬਾਅਦ ਪਾਕਿਸਤਾਨ ਦੀ ਧਰਤੀ ‘ਤੇ ਰਹਿ ਗਏ ਗੁਰਦੁਆਰਿਆਂ ਦੀ ਅਣਦੇਖੀ ਹੋਣ ਕਾਰਨ ਇਹ ਧਾਰਮਿਕ ਸਥਾਨ ਲੋਪ ਹੁੰਦੇ ਜਾ ਰਹੇ ਹਨ। ਪਾਕਿਸਤਾਨ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਇਤਿਹਾਸਕ ਸਥਾਨਾਂ ਨੂੰ ਪਹਿਲ ਦੇ ਆਧਾਰ ‘ਤੇ ਸੰਭਾਲੇ ਅਤੇ ਨਾਜਾਇਜ਼ ਕਬਜ਼ੇ ਖਤਮ ਕੀਤੇ ਜਾਣ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਾਰੇ ਧਾਰਮਿਕ ਸਥਾਨਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਵੀ ਖੁੱਲ੍ਹ ਦੇਵੇ। ਜਥੇਦਾਰ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਨੂੰ ਆਦੇਸ਼ ਦਿੱਤਾ ਹੈ ਕਿ ਉਹ ਇਸ ਮਾਮਲੇ ਵਿਚ ਪਾਕਿਸਤਾਨ ਸਰਕਾਰ ਨਾਲ ਸੰਪਰਕ ਕਰੇ ਅਤੇ ਗੁਰਦੁਆਰਿਆਂ ਦੀਆਂ ਜ਼ਮੀਨਾਂ ਨੂੰ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਦਬਾਅ ਪਾਵੇ।