ਸ਼੍ਰੋਮਣੀ ਕਮੇਟੀ ਵਲੋਂ ਅਮਰੀਕਾ ‘ਚ ਪ੍ਰਿੰਟਿੰਗ ਪ੍ਰੈੱਸ ਲਾਉਣ ਲਈ ਤਿਆਰੀਆਂ

ਅੰਮ੍ਰਿਤਸਰ: ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੇ ਸ਼ਹਿਰ ਟ੍ਰੇਸੀ ‘ਚ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਆਪਣੀ ਪ੍ਰਿੰਟਿੰਗ ਪ੍ਰੈੱਸ ਲਗਾਉਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਛੇਤੀ ਹੀ ਅਮਰੀਕਾ ਜਾਵੇਗਾ।

ਇਸ ਵਫ਼ਦ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੈਲੀਫੋਰਨੀਆ ਦੇ ਸ਼ਹਿਰ ਟ੍ਰੇਸੀ ‘ਚ ਆਪਣੀ ਪ੍ਰੀਟਿੰਗ ਪ੍ਰੈੱਸ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਸੰਸਥਾ ਦੇ ਬਾਨੀ ਸਿੱਖ ਵਿਦਵਾਨ ਗਿਆਨ ਸਿੰਘ ਸੰਧੂ ਕੈਨੇਡਾ, ਸਰਪ੍ਰਸਤ ਕਰਨੈਲ ਸਿੰਘ ਸੰਧੂ ਅਮਰੀਕਾ ਅਤੇ ਫਾਊਂਡੇਸ਼ਨ ਦੇ ਪੰਜਾਬ ਪ੍ਰਤੀਨਿਧ ਲਖਵਿੰਦਰ ਸਿੰਘ ਕਾਹਨਕੇ ਨੇ ਇਹ ਪੇਸ਼ਕਸ਼ ਕੀਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਅਮਰੀਕਾ ਅਤੇ ਕੈਨੇਡਾ ਦੀਆਂ ਸੰਗਤ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਵੱਡੀ ਮੰਗ ਕੀਤੀ ਜਾਂਦੀ ਰਹੀ ਹੈ, ਜਿਸ ਨੂੰ ਵੇਖਦਿਆਂ ਪ੍ਰਿਟਿੰਗ ਪ੍ਰੈੱਸ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਲੀਫੋਰਨੀਆ ਦੇ ਟ੍ਰੇਸੀ ‘ਚ ਸਥਾਪਤ ਕੀਤਾ ਜਾਣ ਵਾਲਾ ਸ਼੍ਰੋਮਣੀ ਕਮੇਟੀ ਦਾ ਇਹ ਕੇਂਦਰ ਸਿਰਫ ਪਾਵਨ ਸਰੂਪਾਂ ਦੀ ਛਪਾਈ ਹੀ ਨਹੀਂ ਕਰੇਗਾ, ਬਲਕਿ ਇਹ ਅਮਰੀਕਾ ਕੈਨੇਡਾ ਲਈ ਸ਼੍ਰੋਮਣੀ ਕਮੇਟੀ ਦੀ ਪ੍ਰਤੀਨਿਧਤਾ ਵੀ ਕਰੇਗਾ।
ਇਹ ਕੇਂਦਰ ਸ੍ਰੀ ਅਕਾਲ ਤਖ਼ਤ ਦੀ ਅਗਵਾਈ ‘ਚ ਕਾਰਜਸ਼ੀਲ ਹੋਵੇਗਾ, ਜਿਸ ਦੀ ਸੇਵਾ ਗਿਆਨ ਸਿੰਘ ਸੰਧੂ, ਕਰਨੈਲ ਸਿੰਘ ਸੰਧੂ, ਸਤਨਾਮ ਸਿੰਘ ਸੰਧੂ ਅਤੇ ਇਕਬਾਲ ਸਿੰਘ ਸੰਧੂ ਵੱਲੋਂ ਕਰਵਾਈ ਜਾਵੇਗੀ। ਜਦਕਿ ਪੰਜਾਬ ‘ਚ ਸੰਸਥਾ ਨਾਲ ਇਸ ਦੇ ਤਾਲਮੇਲ ਲਈ ਫਾਊਂਡੇਸ਼ਨ ਦੇ ਨੁਮਾਇੰਦੇ ਲਖਵਿੰਦਰ ਸਿੰਘ ਕਾਹਨੇਕੇ ਸੇਵਾਵਾਂ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਇਸ ਸਮੁੱਚੇ ਪ੍ਰੋਜੈਕਟ ਦੀ ਰੂਪ-ਰੇਖਾ ਤੈਅ ਕਰਨ ਅਤੇ ਹੋਰ ਲੋੜੀਂਦੀ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦੀ ਹੀ ਅਮਰੀਕਾ ਜਾਵੇਗਾ। ਇਸ ਵਫ਼ਦ ‘ਚ ਉਨ੍ਹਾਂ ਸਮੇਤ ਮੈਂਬਰ ਅਤੇ ਅਧਿਕਾਰੀ ਸ਼ਾਮਲ ਹੋਣਗੇ। ਸ੍ਰੀ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਯੂਬਾ ਸਿਟੀ ‘ਚ ਵੀ ਜਾਵੇਗਾ, ਜਿਥੇ ਪਹਿਲਾਂ ਤੋਂ ਹੀ ਧਰਮ ਪ੍ਰਚਾਰ ਕੇਂਦਰ ਸਥਾਪਤ ਕੀਤੇ ਜਾਣ ਦੀ ਕਾਰਵਾਈ ਚੱਲ ਰਹੀ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਵਰਗੀ ਦੀਦਾਰ ਸਿੰਘ ਬੈਂਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਯੂਬਾਸਿਟੀ ਵਿਚ 14.5 ਏਕੜ ਜਮੀਨ ਦਿੱਤੀ ਗਈ ਸੀ, ਜਿੱਥੇ ਧਰਮ ਪ੍ਰਚਾਰ ਕੇਂਦਰ ਬਣਾ ਕੇ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ ਪਰਵਾਸੀ ਸਿੱਖ ਗਿਆਨ ਸਿੰਘ ਸੰਧੂ ਕੈਨੇਡਾ ਅਤੇ ਉੱਘੇ ਕਾਰੋਬਾਰੀ ਕਰਨੈਲ ਸਿੰਘ ਸੰਧੂ ਅਮਰੀਕਾ ਵੱਲੋਂ ਕੀਤੀ ਗਈ ਪੇਸ਼ਕਸ਼ ਅਨੁਸਾਰ ਕੈਲੇਫੋਰਨੀਆ ਦੇ ਟ੍ਰੇਸੀ ਵਿਚ ਵੀ ਸ਼੍ਰੋਮਣੀ ਕਮੇਟੀ ਦਾ ਇਕ ਕੇਂਦਰ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਸਟਰੇਲੀਆ ਵਿਚ ਸੰਗਤ ਦੀ ਮੰਗ ਅਨੁਸਾਰ ਵਿਸ਼ੇਸ਼ ਬੱਸ ਵਿਚ ਮਰਿਆਦਾ ਅਨੁਸਾਰ ਸੁਸ਼ੋਭਿਤ ਕਰ ਕੇ 220 ਪਾਵਨ ਸਰੂਪ ਸਮੁੰਦਰੀ ਜਹਾਜ਼ ਰਾਹੀਂ ਭੇਜੇ ਜਾਣਗੇ।
ਗੁਰੂ ਰਾਮਦਾਸ ਲਾਇਬ੍ਰੇਰੀ ਨੂੰ ਡਿਜੀਟਾਈਜ਼ ਕੀਤਾ ਜਾਵੇਗਾ
ਅੰਮ੍ਰਿਤਸਰ: ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਦਰਬਾਰ ਸਾਹਿਬ ਨਾਲ ਸਬੰਧਤ ਗੁਰੂ ਰਾਮਦਾਸ ਲਾਇਬ੍ਰੇਰੀ ਨੂੰ ਡਿਜੀਟਾਈਜ਼ ਕੀਤਾ ਜਾਵੇਗਾ ਅਤੇ ਇਸ ਲਾਇਬ੍ਰੇਰੀ ਦੀ ਇਕ ਵੱਖਰੀ ਵੈੱਬਸਾਈਟ ਤਿਆਰ ਕਰ ਕੇ ਉਸ ‘ਤੇ ਅਹਿਮ ਪੁਸਤਕਾਂ ਦੇ ਸਿਰਲੇਖ ਅਤੇ ਤਤਕਰੇ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਸਿੱਖ ਇਤਿਹਾਸਕਾਰ ਸਵਰਨ ਸਿੰਘ ਚੂਸਲੇਵੜ੍ਹ ਦੋਵਾਂ ਸ਼ਖਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਣਗੀਆਂ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਵਿਤਕਰੇਬਾਜ਼ੀ ਨੂੰ ਤੁਰਤ ਰੋਕਿਆ ਜਾਵੇ ਅਤੇ ਗੁਰਦੁਆਰਾ ਚੋਣਾਂ ਲਈ ਵੋਟਰ ਫਾਰਮ ਪੰਜਾਬੀ ਵਿਚ ਵੀ ਛਾਪੇ ਜਾਣ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਰਕਾਰੀ ਦਫ਼ਤਰਾਂ ਵਿਚ ਵੀ ਪੰਜਾਬੀ ਭਾਸ਼ਾ ਨੂੰ ਬਣਦੀ ਜਗ੍ਹਾ ਦਿੱਤੀ ਜਾਵੇ।