ਪ੍ਰਕਾਸ਼ ਦਿਹਾੜਾ: ਦਰਬਾਰ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ

ਅੰਮ੍ਰਿਤਸਰ: ਦਰਬਾਰ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸਰਧਾ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਤੋਂ ਪੁੱਜੀ ਵੱਡੀ ਗਿਣਤੀ ਸੰਗਤ ਨੇ ਗੁਰੂਘਰ ਮੱਥਾ ਟੇਕਿਆ। ਇਸ ਦੌਰਾਨ ਪੁਰਾਤਨ ਰਵਾਇਤ ਅਨੁਸਾਰ ਗੁਰਦੁਆਰਾ ਸ੍ਰੀ ਰਾਮਸਰ ਤੋਂ ਦਰਬਾਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ।

ਇਸ ਮੌਕੇ ਦਰਬਾਰ ਸਾਹਿਬ ਨੂੰ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ ਅਤੇ ਸਵੇਰੇ ਜਲੌਅ ਵੀ ਸਜਾਏ ਗਏ। ਸ੍ਰੀ ਦਰਬਾਰ ਸਾਹਿਬ ਨੂੰ ਫੁੱਲਾਂ ਦੀਆਂ ਵੱਖ-ਵੱਖ ਵੰਨਗੀਆਂ ਨਾਲ ਸਜਾਇਆ ਗਿਆ। ਸ੍ਰੀ ਦਰਬਾਰ ਸਾਹਿਬ ਸਮੂਹ ‘ਚ ਸੱਚਖੰਡ ਵਿਖੇ, ਦਰਸ਼ਨੀ ਡਿਉਢੀ ਵਾਲੇ ਪੁਲ ਤੇ ਦਰਸ਼ਨੀ ਡਿਉਢੀ, ਸ੍ਰੀ ਅਕਾਲ ਤਖਤ ਅਤੇ ਚਾਰੋਂ ਦਿਸ਼ਾਵਾਂ ਵਿਚ ਬਣੀਆਂ ਛਬੀਲਾਂ ਵਾਲੇ ਸਥਾਨ ਨੂੰ ਫੁੱਲਾਂ ਦੀਆਂ ਵੰਨ-ਸੁਵੰਨੀਆਂ 40-50 ਕਿਸਮਾਂ ਨਾਲ ਸ਼ਿੰਗਾਰਿਆ ਗਿਆ ਹੈ। ਫੁੱਲਾਂ ਦੀ ਸਜਾਵਟ ਨਾਲ ਇਸ ਅਲੌਕਿਕ ਅਸਥਾਨ ਦੀ ਦਿੱਖ ਹੋਰ ਵੀ ਸੁੰਦਰ ਲੱਗ ਰਹੀ ਹੈ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਸ ਸਜਾਵਟ ਵਾਸਤੇ ਫੁੱਲਾਂ ਦੇ ਲਗਭਗ ਪੰਜ ਟਰੱਕ ਲੱਗੇ ਹਨ ਜੋ ਦੇਸ਼-ਵਿਦੇਸ਼ ਤੋਂ ਮੰਗਵਾਏ ਗਏ ਹਨ। ਫੁੱਲਾਂ ਨਾਲ ਸਜਾਵਟ ਦੀ ਇਹ ਸੇਵਾ ਇਸ ਵਾਰ ਸਥਾਨਕ ਸੰਗਤ ਵੱਲੋਂ ਕੀਤੀ ਗਈ ਹੈ। ਇਸ ਸਜਾਵਟ ਵਾਸਤੇ ਲਗਭਗ 125 ਕਾਰੀਗਰ ਅਤੇ ਇਸ ਤੋਂ ਵੱਧ ਸਰਧਾਲੂ ਲੱਗੇ ਹੋਏ ਹਨ।
ਇਸੇ ਤਰ੍ਹਾਂ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ‘ਚ ਦੀਪਮਾਲਾ ਕੀਤੀ ਗਈ। ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਕਰਵਾਏ ਗਏ। ਸਵੇਰੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਗੁਰਬਾਣੀ ਵੱਲੋਂ ਦਰਸਾਏ ਮਾਰਗ ‘ਤੇ ਚੱਲ ਕੇ ਜੀਵਨ ਬਤੀਤ ਕਰੇ।
ਉਨ੍ਹਾਂ ਕਿਹਾ ਕਿ ਪੰਜਵੇਂ ਗੁਰੂ ਅਰਜਨ ਦੇਵ ਜੀ ਨੇ ਆਪਣੇ ਹੱਥੀਂ 1604 ਵਿਚ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਦਰਬਾਰ ਸਾਹਿਬ ਵਿਖੇ ਕੀਤਾ ਸੀ। ਇਸੇ ਦਿਨ ਗੁਰੂ ਅਰਜਨ ਦੇਵ ਜੀ ਨੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪ ਕੇ ਸੇਵਾ ਸੰਭਾਲ ਦੀਆਂ ਸੇਵਾਵਾਂ ਦਿੱਤੀਆਂ, ਜਿਸ ਨਾਲ ਗ੍ਰੰਥੀ ਪਰੰਪਰਾ ਦੀ ਆਰੰਭਤਾ ਵੀ ਹੋਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।