ਵਿਜੀਲੈਂਸ ਨੇ ਮਨਪ੍ਰੀਤ ਬਾਦਲ ਉਤੇ ਸ਼ਿਕੰਜਾ ਕੱਸਿਆ
ਬਠਿੰਡਾ: ਵਿਜੀਲੈਂਸ ਬਿਊਰੋ ਬਠਿੰਡਾ ਨੇ ਭਾਜਪਾ ਨੇਤਾ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਵਿਅਕਤੀਆਂ ‘ਤੇ ਐਫ.ਆਈ.ਆਰ. ਦਰਜ ਕਰ ਲਈ ਹੈ, ਜਿਨ੍ਹਾਂ ਵਿਚ ਦੋ ਸਰਕਾਰੀ ਅਧਿਕਾਰੀ ਵੀ ਸ਼ਾਮਲ ਹਨ। ਇਹ ਕਾਰਵਾਈ ਬਠਿੰਡਾ ‘ਚ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਮਰਸ਼ੀਅਲ ਪਲਾਟਾਂ ਨੂੰ ਰਿਹਾਇਸ਼ੀ ਪਲਾਟਾਂ ਵਿਚ ਤਬਦੀਲ ਕਰ ਕੇ ਖ਼ਰੀਦੋ-ਫ਼ਰੋਖ਼ਤ ਕਰਨ ‘ਤੇ ਕੀਤੀ ਗਈ ਹੈ।

ਵਿਜੀਲੈਂਸ ਨੇ ਇਸ ਸਬੰਧੀ ਦੋ ਵਿਅਕਤੀਆਂ ਰਾਜੀਵ ਕੁਮਾਰ ਅਤੇ ਅਮਨਦੀਪ ਨੂੰ ਹਿਰਾਸਤ ‘ਚ ਵੀ ਲਿਆ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ (ਸ਼ਹਿਰੀ) ਤੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਪਲਾਟਾਂ ਦੀ ਖ਼ਰੀਦ ਮਾਮਲੇ ‘ਚ ਬੇਨੇਮੀਆਂ ਦੇ ਦੋਸ਼ ਲਾ ਕੇ ਕੈਪਟਨ ਸਰਕਾਰ ਵਕਤ ਉਦੋਂ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਲੋਕਪਾਲ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਬਾਅਦ ‘ਚ ਇਹ ਸ਼ਿਕਾਇਤ ਵਿਜੀਲੈਂਸ ਕੋਲ ਪਹੁੰਚੀ ਤਾਂ ਵਿਜੀਲੈਂਸ ਵੱਲੋਂ ਕੁਝ ਸਮਾਂ ਪਹਿਲਾਂ ਮਨਪ੍ਰੀਤ ਬਾਦਲ ਨੂੰ ਪੁੱਛ ਪੜਤਾਲ ਲਈ ਬਠਿੰਡਾ ਸਥਿਤ ਦਫਤਰ ਵਿਚ ਬੁਲਾਇਆ ਗਿਆ ਸੀ। ਗੌਰਤਲਬ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸਰੂਪ ਚੰਦ ਸਿੰਗਲਾ ਅਤੇ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ (ਸ਼ਹਿਰੀ) ਸੀਟ ਤੋਂ ਚੋਣ ਲੜੀ ਸੀ ਅਤੇ ਇਸ ਚੋਣ ‘ਚ ਦੋਵੇਂ ਹਾਰ ਗਏ ਸਨ। ਹਾਰ ਤੋਂ ਬਾਅਦ ਦੋਵਾਂ ਨੇ ਭਾਜਪਾ ਵਿਚ ਸ਼ਮੂਲੀਅਤ ਕਰ ਲਈ ਸੀ। ਸਿੰਗਲਾ ਵਰਤਮਾਨ ਸਮੇਂ ਭਾਜਪਾ ਜ਼ਿਲ੍ਹਾ ਬਠਿੰਡਾ (ਸ਼ਹਿਰੀ) ਦੇ ਪ੍ਰਧਾਨ ਹਨ। ਸਰੂਪ ਚੰਦ ਸਿੰਗਲਾ ਨੇ ਦੁਹਰਾਇਆ ਕਿ ਉਨ੍ਹਾਂ ਮਨਪ੍ਰੀਤ ਬਾਦਲ ਖ਼ਿਲਾਫ਼ ਜੋ ਸ਼ਿਕਾਇਤ ਵਿਜੀਲੈਂਸ ਕੋਲ ਕੀਤੀ ਸੀ, ਉਹ ਸੌ ਫੀਸਦੀ ਸਹੀ ਸੀ।
ਸੋਨੀ ਦੀ ਜ਼ਮਾਨਤ ਅਰਜ਼ੀ ਰੱਦ
ਚੰਡੀਗੜ੍ਹ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਪੀ ਸੋਨੀ ਦੀ ਜ਼ਮਾਨਤ ਸਬੰਧੀ ਅਰਜ਼ੀ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਰੱਦ ਕਰ ਦਿੱਤਾ। ਉਸ ਨੂੰ ਵਿਜੀਲੈਂਸ ਨੇ ਅੱਠ ਮਹੀਨਿਆਂ ਦੀ ਲੰਬੀ ਜਾਂਚ ਤੋਂ ਬਾਅਦ 10 ਜੁਲਾਈ ਨੂੰ ਗ੍ਰਿਫਤਾਰ ਕੀਤਾ ਸੀ ਤੇ ਉਹ ਇਸ ਵੇਲੇ ਕੇਂਦਰੀ ਜੇਲ੍ਹ ਵਿਚ ਬੰਦ ਹੈ। ਅਦਾਲਤ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਮੌਜੂਦਾ ਕੇਸ ਵਿਚ ਮੁਢਲੇ ਪੜਾਅ ਵਿਚ ਇਹ ਨਹੀਂ ਕਿਹਾ ਜਾ ਸਕਦਾ ਕਿ ਉਸ ਵਿਰੁੱਧ ਦੋਸ਼ ਪੂਰੀ ਤਰ੍ਹਾਂ ਝੂਠੇ, ਫਜ਼ੂਲ ਜਾਂ ਗਲਤ ਹਨ, ਤਾਂ ਜੋ ਜ਼ਮਾਨਤ ਨੂੰ ਜਾਇਜ਼ ਠਹਿਰਾਇਆ ਜਾ ਸਕੇ।