ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਉਤੇ ਸਿਆਸਤ ਭਖੀ

ਚੰਡੀਗੜ੍ਹ: ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਨਾਲ ਜੁੜੇ ਇਕ ਮਾਮਲੇ ਵਿਚ ਜਲਾਲਾਬਾਦ ਪੁਲਿਸ ਵੱਲੋਂ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਛਾਪਾ ਮਾਰ ਕੇ ਗ੍ਰਿਫਤਾਰ ਕਰਨ ਪਿੱਛੋਂ ਪੰਜਾਬ ਦੀ ਸਿਆਸਤ ਭਖ ਗਈ ਹੈ। ਇਸ ਕਾਰਵਾਈ ਪਿੱਛੋਂ ਕਾਂਗਰਸ ਤੋਂ ਇਲਾਵਾ ਅਕਾਲੀ ਦਲ ਅਤੇ ਭਾਜਪਾ ਸਣੇ ਵਿਰੋਧੀ ਧਿਰਾਂ ਖਹਿਰਾ ਦੀ ਹਮਾਇਤ ਵਿਚ ਨਿੱਤਰ ਆਈਆਂ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸੂਬਾ ਸਰਕਾਰ ਸਿਆਸੀ ਬਦਲਾਖੋਰੀ ਨਾਲ ਕੰਮ ਕਰ ਰਹੀ ਤੇ ਸ਼੍ਰੋਮਣੀ ਅਕਾਲੀ ਦਲ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਦਾ ਵਿਰੋਧ ਕਰਦਾ ਹੈ। ਡਾ. ਚੀਮਾ ਨੇ ਕਿਹਾ ਕਿ ਪਹਿਲਾਂ ਇਹ ਬਦਲਾਖੋਰੀ ਦੀ ਰਾਜਨੀਤੀ ਕਾਂਗਰਸ ਸਰਕਾਰ ਵੱਲੋਂ ਕੀਤੀ ਗਈ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਸੇ ਤਹਿਤ ਜੇਲ੍ਹ ਭੇਜਿਆ ਤੇ ਹੁਣ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮੌਜੂਦਾ ਸਰਕਾਰ ਵੱਲੋਂ ਪੁਰਾਣੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਨੇ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਨੂੰ ਜਿਸ ਤਰ੍ਹਾਂ ਅਪਮਾਨਿਤ ਕਰਕੇ ਗ੍ਰਿਫ਼ਤਾਰ ਕੀਤਾ ਹੈ, ਉਸ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਤੰਗ ਸੋਚ ਝਲਕਦੀ ਹੈ। ਉਨ੍ਹਾਂ ਆਖਿਆ ਕਿ ਮਾਨ ਸਰਕਾਰ ਵੱਲੋਂ ਵਿਰੋਧੀ ਧਿਰਾਂ ਖ਼ਿਲਾਫ਼ ਬਦਲਾਖੋਰੀ ਦੀ ਨੀਤੀ ਤਹਿਤ ਅਪਣਾਏ ਜਾ ਰਹੇ ਅਜਿਹੇ ਹੱਥਕੰਡੇ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਮਾਨ ਸਰਕਾਰ ਵੱਲੋਂ ਕਾਨੂੰਨੀ ਪ੍ਰਕਿਰਿਆ ਤਹਿਤ ਜਾਂਚ ‘ਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਨੋਟਿਸ ਦੇਣਾ ਚਾਹੀਦਾ ਸੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਵਫ਼ਦ ਨੇ ਖਹਿਰਾ ਦੀ ਗ੍ਰਿਫ਼ਤਾਰੀ ਦੇ ਮੁੱਦੇ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲ ਕੇ ਉਨ੍ਹਾਂ ਤੋਂ ਮਾਮਲੇ ਵਿਚ ਦਖਲ ਮੰਗਿਆ ਹੈ। ਇਸ ਤੋਂ ਪਹਿਲਾਂ ਕਾਂਗਰਸੀ ਆਗੂਆਂ ਨੇ ਖਹਿਰਾ ਦੀ ਗ੍ਰਿਫ਼ਤਾਰੀ ਦੇ ਮਾਮਲੇ ਨੂੰ ਲੈ ਕੇ ਇਕ ਮੀਟਿੰਗ ਵੀ ਕੀਤੀ ਜਿਸ ਵਿਚ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਵੀ ਹੋਈ। ਕਾਂਗਰਸ ਪ੍ਰਧਾਨ ਵੜਿੰਗ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ‘ਆਪ` ਸਰਕਾਰ ਨੂੰ ਨਿਸ਼ਾਨੇ `ਤੇ ਲਿਆ ਹੈ। ਉਨ੍ਹਾਂ ਕਿਹਾ ਕਿ ‘ਆਪ` ਸਰਕਾਰ ਨੇ ਖਹਿਰਾ ਨੂੰ ਇਕ ਪੁਰਾਣੇ ਕੇਸ ਵਿਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਬਦਲਾਖੋਰੀ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਪਰ ਕਾਂਗਰਸੀ ਆਗੂ ਇਸ ਸਿਆਸੀ ਪਰੇਸ਼ਾਨੀ ਨਾਲ ਹੌਸਲਾ ਨਹੀਂ ਹਾਰਨਗੇ। ਉਨ੍ਹਾਂ ਮੁਤਾਬਕ ਸੁਪਰੀਮ ਕੋਰਟ ਪਹਿਲਾਂ ਹੀ ਐਨ.ਡੀ.ਪੀ.ਐਸ. ਕੇਸ ਨੂੰ ਰੱਦ ਕਰ ਚੁੱਕੀ ਹੈ ਜਿਸ ਤਹਿਤ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵੜਿੰਗ ਨੇ ਆਖਿਆ ਕਿ ਜਿਹੜੇ ਕਾਂਗਰਸੀ ਆਗੂ ‘ਆਪ` ਸਰਕਾਰ ਦੇ ਦਾਗ਼ੀ ਨੇਤਾਵਾਂ ਖ਼ਿਲਾਫ਼ ਦਲੇਰੀ ਨਾਲ ਬੋਲਦੇ ਹਨ, ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਅਜਿਹੇ ਹੱਥਕੰਡੇ ਵਰਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਵਰਤਾਰਾ ਪੁਲਿਸ ਦੇ ਕਿਰਦਾਰ `ਤੇ ਵੀ ਸੁਆਲ ਖੜ੍ਹੇ ਕਰਦਾ ਹੈ ਅਤੇ ਲੋਕਾਂ ਦਾ ਕਾਨੂੰਨ ਵਿੱਚ ਭਰੋਸਾ ਥਿੜਕ ਰਿਹਾ ਹੈ।
ਪੰਜਾਬ ਵਿਚ ਇਸ ਵੇਲੇ ਧੱਕੇਸ਼ਾਹੀ ਦਾ ਰਾਜ: ਖਹਿਰਾ
ਚੰਡੀਗੜ੍ਹ: ਸੁਖਪਾਲ ਖਹਿਰਾ ਨੇ ਕਿਹਾ ਕਿ ਪੁਲਿਸ ਮੁਤਾਬਕ ਡਰੱਗ ਮਾਮਲੇ ਵਿਚ ‘ਸਿੱਟ` ਵੱਲੋਂ ਰਿਪੋਰਟ ਬਣਾਈ ਗਈ ਹੈ ਕਿ ਸਾਲ 2015 ਵਿਚ ਜਲਾਲਾਬਾਦ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੇਸ ਵਿਚ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਾਲ 2015 ਵਿਚ ਪਹਿਲਾਂ ਅਕਾਲੀ ਦਲ ਦੀ ਤਤਕਾਲੀ ਸਰਕਾਰ ਸਮੇਂ ਉਨ੍ਹਾਂ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਫਿਰ ਉਨ੍ਹਾਂ ਵਿਰੁੱਧ ਰਿਕਾਰਡ ਬਣਾ ਲਿਆ ਗਿਆ ਹੈ। ਸ੍ਰੀ ਖਹਿਰਾ ਨੇ ਦੋਸ਼ ਲਾਇਆ ਕਿ ਪੰਜਾਬ `ਚ ਇਸ ਵੇਲੇ ਧੱਕੇਸ਼ਾਹੀ ਦਾ ਰਾਜ ਹੈ ਕਿਉਂਕਿ ਪੁਲਿਸ ਦਾ ਫਰਜ਼ ਬਣਦਾ ਸੀ ਕਿ ਪਹਿਲਾਂ ਉਨ੍ਹਾਂ ਨੂੰ ਨੋਟਿਸ ਭੇਜਦੇ ਅਤੇ ਉਹ ਜਾ ਕੇ ਆਪਣਾ ਪੱਖ ਪੇਸ਼ ਕਰਦੇ।