ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਗਰਜੇ ਕਿਸਾਨ, ਧਰਨੇ ਦਿੱਤੇ

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਚੜੂਨੀ) ਨੇ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ ਪੰਜਾਬ ਭਰ ‘ਚ 10 ਕੌਮੀ ਮਾਰਗਾਂ ‘ਤੇ ਸਥਿਤ ਟੌਲ ਪਲਾਜ਼ਿਆਂ ‘ਤੇ ਧਰਨੇ ਦਿੱਤੇ। ਇਸ ਦੌਰਾਨ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਕੇ ਹੜ੍ਹਾਂ ਦੇ ਮੁਆਵਜ਼ੇ ਸਣੇ ਕਿਸਾਨਾਂ ਦੀਆਂ ਹੋਰ ਮੰਗਾਂ ਨਾ ਮੰਨਣ ਦੇ ਦੋਸ਼ ਲਾਏ।

ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਜਥੇਬੰਦੀ ਵੱਲੋਂ ਸੂਬੇ ‘ਚ ਲਾਡੋਵਾਲ ਟੌਲ ਪਲਾਜ਼ਾ, ਸੋਲਖੀਆਂ, ਮਾਨਾਵਾਲਾ, ਧਰੇੜੀ ਜੱਟਾਂ, ਦੱਪਰ, ਕਾਲਾਝਾੜ, ਪਠਾਨਕੋਟ, ਕੱਥੂਨੰਗਲ, ਕੋਟ ਕਰੋੜ ਅਤੇ ਅਜੀਜਪੁਰ ਵਿਚ ਟੌਲ ਪਲਾਜ਼ਿਆਂ ਨੂੰ ਚਾਰ ਘੰਟੇ ਪਰਚੀ ਮੁਕਤ ਕਰਵਾਇਆ ਗਿਆ। ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ ਕਿ ਧਰਨਿਆਂ ਦੌਰਾਨ ਕਿਸਾਨ ਆਗੂਆਂ ਨੇ ਹੜ੍ਹਾਂ ‘ਚ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ, ਖੰਡ ਮਿੱਲਾਂ ਨੂੰ ਬੰਦ ਹੋਣ ਤੋਂ ਰੋਕਣ, ਫਸਲਾਂ ਤੇ ਐਮ.ਐਸ.ਪੀ. ਦੇਣ ਅਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਆਵਾਜ਼ ਬੁਲੰਦ ਕੀਤੀ ਹੈ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀ ਨੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਬਣਾਈਆਂ ਜਾ ਰਹੀਆਂ ਸੜਕਾਂ ਵਿਚ ਪਾਣੀ ਦੀ ਨਿਕਾਸੀ, ਖੇਤਾਂ ‘ਚ ਜਾਣ ਲਈ ਰਾਹ ਦੇਣ ਅਤੇ ਪ੍ਰਾਈਵੇਟ ਅਦਾਰਿਆਂ ਵਿਚ ਕੰਮ ਰਹੇ ਰਹੇ ਨੌਜਵਾਨਾਂ ਨੂੰ ਘੱਟ ਤੋਂ ਘੱਟ 20 ਹਜ਼ਾਰ ਰੁਪਏ ਮਹੀਨਾ ਤਨਖਾਹ ਦੇਣ ਦੀ ਮੰਗ ਕੀਤੀ ਗਈ ਹੈ। ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ‘ਚ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਆਗੂਆਂ ਨੇ ਦੇਸ਼ ਤੇ ਖ਼ਾਸ ਕਰ ਕੇ ਪੰਜਾਬ ਦੀ ਕਿਸਾਨੀ ਦੇ ਸਾਹਮਣੇ ਖੜ੍ਹੀਆਂ ਚੁਣੌਤੀਆਂ ਦਾ ਜ਼ਿਕਰ ਕੀਤਾ। ਕਿਸਾਨਾਂ ਨੇ ਇਸ ਗੱਲ ਦੀ ਹਾਮੀ ਭਰੀ ਕਿ ਹਕੂਮਤਾਂ ਨਾਲ ਸੰਘਰਸ਼ ਕਰ ਕੇ ਹੀ ਹੱਕ ਲਏ ਜਾ ਸਕਦੇ ਹਨ।
ਬੁਲਾਰਿਆਂ ਨੇ ਕਿਹਾ ਕਿ ਖੇਤੀ ਵਿਗਿਆਨੀ ਪ੍ਰਤੀ ਸੱਚੀ ਸਰਧਾਂਜਲੀ ਇਹੋ ਹੋਵੇਗੀ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਇੰਨ-ਬਿੰਨ ਲਾਗੂ ਹੋ ਜਾਵੇ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਫਾਰਮੂਲੇ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਇੱਕ ਸੰਯੁਕਤ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਸਲ ਸਰਧਾਂਜਲੀ ਇਹ ਹੈ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਇਕ ਮੰਚ ‘ਤੇ ਇਕੱਠੀਆਂ ਹੋਣ। ਉਨ੍ਹਾਂ ਐਸ.ਵਾਈ.ਐਲ. ਦੇ ਮੁੱਦੇ ‘ਤੇ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਨਿਖੇਧੀ ਕੀਤੀ ਤੇ ਰਾਜਨੀਤੀ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪਾਣੀ ਦੇ ਇਸ ਝਗੜੇ ਨੂੰ ਰਿਪੇਰੀਅਨ ਸਿਧਾਂਤ ਦੇ ਆਧਾਰ ‘ਤੇ ਹੱਲ ਕੀਤਾ ਜਾਵੇ, ਕਿਸਾਨਾਂ ਅਤੇ ਖੇਤੀ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ ਕੀਤਾ ਜਾਵੇ।
ਸਵਾਮੀਨਾਥਨ ਰਿਪੋਰਟ ਲਾਗੂ ਕਰਵਾਉਣ ਲਈ ਸੰਘਰਸ਼ ਦਾ ਐਲਾਨ
ਚੰਡੀਗੜ੍ਹ: ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਹਰੀ ਕ੍ਰਾਂਤੀ ਦੇ ਪਿਤਾਮਾ ਮੰਨੇ ਜਾਂਦੇ ਡਾ. ਐਮ.ਐਸ. ਸਵਾਮੀਨਾਥਨ ਦੀ ਯਾਦ ਵਿਚ ਅਰਬਨ ਅਸਟੇਟ ਫੇਜ਼-ਦੋ ਦੇ ਗੁਰਦੁਆਰਾ ਸਿੰਘ ਸਭਾ ਵਿਚ ਅਖੰਡ ਪਾਠ ਦਾ ਭੋਗ ਪਾਇਆ। ਇਸ ਮੌਕੇ ਸੂਬੇ ਭਰ ਤੋਂ ਆਏ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਕਿ 18 ਅਕਤੂਬਰ ਨੂੰ ਸਵੇਰੇ 10 ਵਜੇ ਚੰਡੀਗੜ੍ਹ ਦੇ ਕਿਸਾਨ ਭਵਨ ਤੋਂ ਘੱਟੋ-ਘੱਟ ਸਾਂਝੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਸਵਾਮੀਨਾਥਨ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਸਾਨ ਆਗੂਆਂ ਨੇ ਇਕ ਸੁਰ ਹੁੰਦਿਆਂ ਕਿਹਾ ਕਿ ਏਕਤਾ ਸਮੇਂ ਦੀ ਮੁੱਖ ਲੋੜ ਹੈ। ਪਹਿਲਾਂ ਵੀ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਦੇਸ਼ ਦਾ ਸਭ ਤੋਂ ਵੱਡਾ ਕਿਸਾਨ ਅੰਦੋਲਨ ਏਕਤਾ ਦੇ ਸਿਰ ‘ਤੇ ਹੀ ਜਿੱਤਿਆ ਗਿਆ ਸੀ।