ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਹਿਲਜੁਲ ਸ਼ੁਰੂ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਵੋਟਰ ਸੂਚੀਆਂ ਦੀ ਸੁਧਾਈ ਕਰਨ ਤੇ ਨਵੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ 21 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਚੋਣਾਂ ਕਰਵਾਉਣ ਲਈ ਰਾਹ ਪੱਧਰਾ ਹੋਵੇਗਾ, ਜਿਸ ਨਾਲ ਜਮਹੂਰੀ ਢੰਗ ਨਾਲ ਚੁਣੀ ਗਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਸਿੱਖਾਂ ਦੇ ਮਾਮਲਿਆਂ ਦੀ ਵਾਗਡੋਰ ਸੰਭਾਲ ਸਕੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਕੰਮਕਾਰ ਆਰਜ਼ੀ ਪ੍ਰਧਾਨ ਵਾਲੀ ਅੰਤਰਿਮ ਕਮੇਟੀ ਚਲਾ ਰਹੀ ਹੈ। ਸੂਬਾ ਸਰਕਾਰ ਪ੍ਰਮੁੱਖ ਸਿੱਖ ਸੰਸਥਾ ਦੀਆਂ ਚੋਣਾਂ ਜਲਦੀ ਕਰਵਾਉਣਾ ਯਕੀਨੀ ਬਣਾਏਗੀ।
ਸ੍ਰੀ ਮਾਨ ਨੇ ਕਿਹਾ ਕਿ ਸਿੱਖਾਂ ਦੀ ਵੱਕਾਰੀ ਸੰਸਥਾ ਹੁਣ ਆਪਣੇ ਆਕਾਵਾਂ ਦੇ ਹੱਥਾਂ ਦੀ ਕਠਪੁਤਲੀ ਬਣ ਗਈ ਹੈ। ਇਸ ਸਰਵਉੱਚ ਸੰਸਥਾ ਦੇ ਫੈਸਲੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਪਹਿਲਾਂ ਹੀ ਲੈ ਲਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਲਈ ਆਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣ ਦੀ ਲੋੜ ਹੈ। ਇਸ ਸੰਸਥਾ ਦੇ ਸਾਰੇ ਫੈਸਲੇ ਬਾਦਲ ਪਰਿਵਾਰ ਵੱਲੋਂ ਤੈਅ ਹੁੰਦੇ ਹਨ ਅਤੇ ਇਹ ਪਰਿਵਾਰ ਹੀ ਫੈਸਲੇ ਲਾਗੂ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ‘ਚ ਨਿੱਜੀ ਦਖਲ ਦੇ ਕੇ ਸੰਗਤਾਂ ਦੇ ਹਿੱਤਾਂ ਨੂੰ ਢਾਹ ਲਾਈ ਜਾ ਰਹੀ ਹੈ, ਜਿਸ ਨੂੰ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲੜਨ ਦੀ ਪੇਸ਼ਕਸ਼ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ‘ਐਕਸ‘ ਉਤੇ ਕਿਹਾ ਕਿ ਜੇਕਰ ਸ੍ਰੀ ਮਾਨ ਚੋਣ ਲੜਨੀ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ। ਉਹ ਕੇਜਰੀਵਾਲ ਤੋਂ ਇਜਾਜ਼ਤ ਲੈ ਲੈਣ। ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਗੁਰਦੁਆਰਾ ਚੋਣ ਕਮਿਸ਼ਨ ਵੋਟਾਂ ਬਣਾਉਣ ਸਬੰਧੀ ਨਿਰਦੇਸ਼ 25 ਮਈ ਨੂੰ ਜਾਰੀ ਕਰ ਚੁੱਕਾ ਹੈ। ਇਸ ਤੋਂ ਬਾਅਦ ਭਗਵੰਤ ਮਾਨ ਦਾ ਵੱਖਰਾ ਐਲਾਨਨਾਮਾ ਚੋਣ ਪ੍ਰਕਿਰਿਆ ‘ਚ ਦਖਲ ਅੰਦਾਜੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਕੰਮ ਆਪਣੇ ਖਾਤੇ ਪਾਉਣ ਦੀ ਥਾਂ ਪ੍ਰਸ਼ਾਸਨ ਨੂੰ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੇਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣੀਆਂ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਸਬੰਧੀ ਗੁਰਦੁਆਰਾ ਚੋਣ ਕਮਿਸ਼ਨ ਕਾਫੀ ਸਮਾਂ ਪਹਿਲਾਂ ਸਬੰਧਤ ਸੂਬਿਆਂ ਦੇ ਮੁੱਖ ਸਕੱਤਰਾਂ ਤੇ ਪ੍ਰਸ਼ਾਸਕ ਨੂੰ ਪੱਤਰ ਲਿਖ ਚੁੱਕਾ ਹੈ।
ਭਗਵੰਤ ਮਾਨ ਚੋਣ ਲੜਨੀ ਚਾਹੁੰਦੈ ਤਾਂ ਸਵਾਗਤ ਹੈ: ਚੀਮਾ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ‘ਐਕਸ` ਉਤੇ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਚੋਣ ਲੜਨੀ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ। ਉਹ ਕੇਜਰੀਵਾਲ ਤੋਂ ਇਜਾਜ਼ਤ ਲੈ ਲੈਣ। ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਗੁਰਦੁਆਰਾ ਚੋਣ ਕਮਿਸ਼ਨ ਵੋਟਾਂ ਬਣਾਉਣ ਸਬੰਧੀ ਨਿਰਦੇਸ਼ 25 ਮਈ ਨੂੰ ਜਾਰੀ ਕਰ ਚੁੱਕਾ ਹੈ। ਇਸ ਤੋਂ ਬਾਅਦ ਭਗਵੰਤ ਮਾਨ ਦਾ ਵੱਖਰਾ ਐਲਾਨਨਾਮਾ ਚੋਣ ਪ੍ਰਕਿਰਿਆ `ਚ ਦਖਲ ਅੰਦਾਜੀ ਹੈ।