ਬੀਚਾਂ ਤੇ ਰਿਜੌਰਟਾਂ ਵਿਚ ਆਨੰਦ ਕਾਰਜ ਉਤੇ ਰੋਕ ਲਾਈ

ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਡੈਸਟੀਨੇਸ਼ਨ ਵੈਡਿੰਗ ਦੇ ਨਾਂ ਉਤੇ ਬੀਚ ਅਤੇ ਰਿਜੌਰਟ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰ ਕੇ ਆਨੰਦ ਕਾਰਜ ‘ਤੇ ਰੋਕ ਲਾ ਦਿੱਤੀ ਹੈ। ਇਸੇ ਤਰ੍ਹਾਂ ਬਠਿੰਡਾ ਦੇ ਗੁਰਦੁਆਰੇ ਵਿਚ ਦੋ ਕੁੜੀਆਂ ਦੇ ਸਮਲਿੰਗੀ ਵਿਆਹ ਦੇ ਮਾਮਲੇ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਯੋਗ ਕਰਾਰ ਦਿੰਦਿਆਂ ਉਥੋਂ ਦੇ ਮੁੱਖ ਗ੍ਰੰਥੀ, ਗ੍ਰੰਥੀ ਤੇ ਰਾਗੀ ਜਥੇ ਨੂੰ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪੰਜ ਸਾਲਾਂ ਲਈ ਬਲੈਕ ਲਿਸਟ ਕਰ ਦਿੱਤਾ ਗਿਆ ਹੈ।

ਸ੍ਰੀ ਅਕਾਲ ਤਖਤ ਸਕੱਤਰੇਤ ਵਿਚ ਹੋਈ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਅਤੇ ਤਖਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਹਾਜ਼ਰ ਸਨ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਬੀਚ ਅਤੇ ਰਿਜੌਰਟ ਵਿਚ ਆਨੰਦ ਕਾਰਜ ਮੌਕੇ ਮਰਿਆਦਾ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਪੁੱਜੀਆਂ ਹਨ ਜਿਸ ਦੇ ਆਧਾਰ ‘ਤੇ ਮਾਮਲਾ ਵਿਚਾਰਨ ਮਗਰੋਂ ਬੀਚ ਅਤੇ ਰਿਜੋਰਟ ਵਿਚ ਡੈਸਟੀਨੇਸ਼ਨ ਵੈਡਿੰਗ ਦੇ ਨਾਂ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਲਿਜਾ ਕੇ ਆਨੰਦ ਕਾਰਜ ਕਰਨ ‘ਤੇ ਰੋਕ ਲਾ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਕਈ ਫਿਲਮੀ ਸਿਤਾਰਿਆਂ ਵੱਲੋਂ ਗੈਰ-ਸਿੱਖ ਹੋਣ ਦੇ ਬਾਵਜੂਦ ਸਿੱਖ ਧਰਮ ਵਿਚ ਵਿਸ਼ਵਾਸ ਦਰਸਾਉਂਦਿਆਂ ਹਾਲ ਹੀ ਵਿਚ ਡੈਸਟੀਨੇਸ਼ਨ ਵੈਡਿੰਗ ਦੇ ਨਾਂ ਹੇਠ ਆਨੰਦ ਕਾਰਜ ਕੀਤੇ ਗਏ ਹਨ ਪਰ ਹੁਣ ਇਸ ਹੁਕਮਨਾਮੇ ਮਗਰੋਂ ਅਜਿਹਾ ਨਹੀਂ ਹੋ ਸਕੇਗਾ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਸਿੰਘ ਸਭਾ ਇੰਦੌਰ ਦੀ ਚੋਣ ਪ੍ਰਕਿਰਿਆ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰ ਜਗਜੀਤ ਸਿੰਘ ਦੀ ਮੈਂਬਰਸ਼ਿਪ ਖਾਰਜ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਜਦੋਂ ਤੱਕ ਉਹ ਚੋਣ ਸਬੰਧੀ ਕੀਤੇ ਗਏ ਕੇਸ ਨੂੰ ਵਾਪਸ ਨਹੀਂ ਲੈਂਦਾ ਤੇ ਸ੍ਰੀ ਅਕਾਲ ਤਖਤ ਵਿਖੇ ਪੇਸ਼ ਹੋ ਕੇ ਭੁੱਲ ਨਹੀਂ ਬਖ਼ਸ਼ਾਉਂਦਾ, ਸੰਗਤ ਉਸ ਦਾ ਬਾਈਕਾਟ ਕਰੇ। ਇਸੇ ਤਰ੍ਹਾਂ ਹੁਸ਼ਿਆਰਪੁਰ ਦੇ ਦਸੂਹਾ ਵਿਖੇ ਮਿਆਨੀ ਰੋਡ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਪ੍ਰਧਾਨ ਪਰਮਜੀਤ ਸਿੰਘ, ਮੀਤ ਪ੍ਰਧਾਨ ਜੋਗਿੰਦਰ ਸਿੰਘ ਅਤੇ ਸਕੱਤਰ ਕਮਲਪ੍ਰੀਤ ਸਿੰਘ ਨੂੰ ਪ੍ਰਬੰਧ ਚਲਾਉਣ ਵਿਚ ਅਯੋਗ ਕਰਾਰ ਦਿੰਦਿਆਂ ਸੰਗਤ ਨੂੰ ਇਨ੍ਹਾਂ ਨਾਲ ਕੋਈ ਸਬੰਧ ਨਾ ਰੱਖਣ ਲਈ ਕਿਹਾ।