ਸ਼੍ਰੋਮਣੀ ਕਮੇਟੀ: ਬਾਦਲਾਂ ਨੂੰ ਟੱਕਰ ਦੇਣ ਦੀ ਤਿਆਰੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ 8 ਨਵੰਬਰ ਨੂੰ ਹੋਣ ਵਾਲੇ ਇਜਲਾਸ ਵਿਚ ਬਾਦਲ ਧਿਰ ਨੂੰ ਚੁਣੌਤੀ ਦੇਣ ਲਈ ਵਿਰੋਧੀ ਧਿਰਾਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਵੀ ਇਸ ਸਾਲ ਦੇ ਅੰਤ ਵਿਚ ਜਾਂ ਅਗਲੇ ਵਰ੍ਹੇ ਵਿਚ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।

ਮਿਲੇ ਵੇਰਵਿਆਂ ਮੁਤਾਬਕ ਬਾਦਲ ਵਿਰੋਧੀ ਧੜਿਆਂ ਵੱਲੋਂ 8 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਿਚ ਪ੍ਰਧਾਨ ਤੇ ਹੋਰ ਅਹੁਦਿਆਂ ਵਾਸਤੇ ਆਪਣੇ ਸਾਂਝੇ ਉਮੀਦਵਾਰ ਖੜ੍ਹੇ ਕਰਨ ਲਈ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਇਨ੍ਹਾਂ ਵਿਰੋਧੀ ਧਿਰਾਂ ਵੱਲੋਂ ਇਸ ਵਾਰ ਵੀ ਸਾਬਕਾ ਪ੍ਰਧਾਨ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਜਾ ਸਕਦਾ। ਪਿਛਲੇ ਸਾਲ ਵੀ ਅਹੁਦੇਦਾਰਾਂ ਦੀ ਹੋਈ ਚੋਣ ਵਿਚ ਵਿਰੋਧੀ ਧਿਰਾਂ ਵੱਲੋਂ ਜਗੀਰ ਕੌਰ ਨੂੰ ਪ੍ਰਧਾਨ ਦਾ ਉਮੀਦਵਾਰ ਬਣਾਇਆ ਗਿਆ ਸੀ ਅਤੇ ਉਨ੍ਹਾਂ ਨੇ ਮੌਜੂਦਾ ਹਾਊਸ ਵਿਚੋਂ 42 ਵੋਟਾਂ ਹਾਸਲ ਕੀਤੀਆਂ ਸਨ। ਵਿਰੋਧੀ ਧਿਰਾਂ ਕੋਲ ਮੌਜੂਦਾ ਹਾਊਸ ਵਿਚ 20 ਤੋਂ ਵੱਧ ਵੋਟਾਂ ਨਹੀਂ ਸਨ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਜੋ ਇਸ ਵੇਲੇ ਪਾਰਟੀ ਦੇ ਅੰਦਰੋਂ ਅਤੇ ਬਾਹਰੋਂ ਦੋਵੇਂ ਪਾਸਿਓਂ ਵੱਡੀ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ, ਦੇ ਏਕਾਅਧਿਕਾਰ ਨੂੰ ਵਿਰੋਧੀ ਧਿਰਾਂ ਖਤਮ ਕਰਨ ਵਾਸਤੇ ਯਤਨਸ਼ੀਲ ਹਨ। ਇਹ ਸਾਰੀਆਂ ਧਿਰਾਂ ਆਉਣ ਵਾਲੀਆਂ ਆਗਾਮੀ ਚੋਣਾਂ ਅਤੇ ਮੌਜੂਦਾ ਇਜਲਾਸ ਦੌਰਾਨ ਵੀ ਬਾਦਲ ਧੜੇ ਨੂੰ ਚੁਣੌਤੀ ਦੇਣਗੀਆਂ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਵੇਲੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਨ। ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਊਸ ਵਿਚ ਕੁੱਲ 185 ਮੈਂਬਰਾਂ ਵਿਚੋਂ 29 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ ਅਤੇ ਤਿੰਨ ਮੈਂਬਰ ਅਸਤੀਫਾ ਦੇ ਚੁੱਕੇ ਹਨ। ਇਸ ਵੇਲੇ ਮੌਜੂਦਾ 153 ਮੈਂਬਰ 8 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਨਗੇ। ਸਿੱਖ ਗੁਰਦੁਆਰਾ ਐਕਟ 1925 ਦੇ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਊਸ ਵਿਚੋਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਸਮੇਤ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਹਰ ਸਾਲ ਚੋਣ ਕੀਤੀ ਜਾਂਦੀ ਹੈ।
ਸਾਬਕਾ ਪ੍ਰਧਾਨ ਜਗੀਰ ਕੌਰ ਨੇ ਕਿਹਾ ਕਿ ਉਹ ਆਗਾਮੀ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦੇ ਨਾਲ ਨਾਲ 8 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ‘ਤੇ ਵੀ ਆਪਣਾ ਧਿਆਨ ਕੇਂਦਰਿਤ ਕਰ ਰਹੇ ਹਨ। ਪਿਛਲੇ ਸਾਲ ਵਾਂਗ ਇਸ ਵਾਰ ਵੀ ਵਿਰੋਧੀ ਧਿਰਾਂ ਵੱਲੋਂ ਪ੍ਰਧਾਨ ਅਤੇ ਹੋਰ ਅਹੁਦਿਆਂ ਲਈ ਸਾਂਝੇ ਉਮੀਦਵਾਰ ਖੜ੍ਹੇ ਹੋਣਗੇ। ਉਨ੍ਹਾਂ ਕਿਹਾ ਕਿ ਸਾਂਝੇ ਉਮੀਦਵਾਰ ਖੜ੍ਹੇ ਕਰਨ ਬਾਰੇ ਸਹਿਯੋਗੀ ਪਾਰਟੀਆਂ ਵੱਲੋਂ ਸਰਬਸੰਮਤੀ ਨਾਲ ਫੈਸਲਾ ਕੀਤਾ ਜਾਵੇਗਾ।