ਅੰਮ੍ਰਿਤਸਰ: ਐਸ.ਵਾਈ.ਐਲ. ਦੇ ਮਾਮਲੇ ‘ਤੇ ਪੰਜਾਬ ਦੇ ਹੱਕ ‘ਚ ਗੱਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਵਿਸ਼ੇਸ਼ ਮਤਾ ਪਾਸ ਕਰਕੇ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਸਿਰਫ ਪੰਜਾਬ ਦਾ ਹੱਕ ਹੈ ਅਤੇ ਇਸ ਹੱਕ ‘ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਅੰਤ੍ਰਿੰਗ ਕਮੇਟੀ ਨੇ ਏਸ਼ੀਅਨ ਖੇਡਾਂ ਵਿਚ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਗੁਰਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ 2 ਲੱਖ ਰੁਪਏ ਅਤੇ ਪੰਜਾਬ ਤੋਂ ਖੇਡਣ ਵਾਲੇ ਬਾਕੀ ਹਾਕੀ ਖਿਡਾਰੀਆਂ ਨੂੰ 50-50 ਹਜ਼ਾਰ ਰੁਪਏ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਸ੍ਰੀ ਧਾਮੀ ਨੇ ਦੱਸਿਆ ਕਿ ਪੰਜਾਬ ਦੇ ਪਾਣੀਆਂ ਦੇ ਮਸਲੇ ‘ਤੇ ਕੋਈ ਵੀ ਜ਼ਬਰਦਸਤੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਅਦਾਲਤ ਵਿਚ ਸਹੀ ਪੱਖ ਨਾ ਰੱਖਣ ਕਰਕੇ ਹੀ ਅਜਿਹੀ ਸਥਿਤੀ ਬਣੀ ਹੈ। ਅੰਤ੍ਰਿੰਗ ਕਮੇਟੀ ਨੇ ਮਤਾ ਪਾਸ ਕਰਕੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਪਾਣੀਆਂ ਦੇ ਮਾਮਲੇ ‘ਤੇ ਪੰਜਾਬ ਨਾਲ ਕੋਈ ਧੱਕਾ ਹੋਇਆ ਤਾਂ ਸ਼੍ਰੋਮਣੀ ਕਮੇਟੀ ਪੰਜਾਬ ਦੇ ਹੱਕ ਵਿਚ ਡੱਟ ਕੇ ਖੜ੍ਹੇਗੀ। ਇਸ ਮਾਮਲੇ ਵਿਚ ਜਿੱਥੇ ਵੀ ਲੋੜ ਪਵੇਗੀ, ਸਿੱਖ ਸੰਸਥਾ ਸਭ ਤੋਂ ਮੋਹਰੀ ਭੂਮਿਕਾ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਰਿਪੇਰੀਅਨ ਕਾਨੂੰਨ ਦੀ ਉਲੰਘਣਾ ਕਰਕੇ ਪੰਜਾਬ ਦੇ ਹਿੱਸੇ ਦਾ ਬਹੁਤਾ ਪਾਣੀ ਹਰਿਆਣਾ, ਰਾਜਸਥਾਨ ਅਤੇ ਦਿੱਲੀ ਆਦਿ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਅੰਤਰਰਾਸ਼ਟਰੀ ਰਿਪੇਰੀਅਨ ਕਾਨੂੰਨ ਅਤੇ ਮਾਨਵੀ ਸਰੋਕਾਰਾਂ ਦੇ ਮੱਦੇਨਜ਼ਰ ਇਹ ਯਕੀਨੀ ਬਣਾਵੇ ਕਿ ਪੰਜਾਬ ਨਾਲ ਬੇਇਨਸਾਫ਼ੀ ਨਾ ਹੋਵੇ।
ਇੱਕ ਬੂੰਦ ਵੀ ਬਾਹਰ ਨਹੀਂ ਜਾਣ ਦਿਆਂਗੇ: ਸੁਖਬੀਰ
ਕੁਰਾਲੀ: ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਆਮ ਆਦਮੀ ਪਾਰਟੀ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਲਈ ਤਿਆਰ ਬੈਠੀ ਹੈ ਜਦਕਿ ਅਕਾਲੀ ਦਲ ਪਾਣੀ ਦੀ ਇਕ ਵੀ ਬੂੰਦ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵੇਗਾ। ਸ੍ਰੀ ਬਾਦਲ ਇੱਥੋਂ ਦੀ ਅਨਾਜ ਮੰਡੀ ਵਿਚ ਆਏ ਸਨ। ਉਨ੍ਹਾਂ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ।