ਅੰਮ੍ਰਿਤਸਰ: ਮੋਦੀ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਨਿਲਾਮ ਕਰਨ ਦਾ ਮਾਮਲਾ ਭਖ ਗਿਆ ਹੈ। ਇਹ ਮਾਡਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ 2015 ‘ਚ ਦਰਬਾਰ ਸਾਹਿਬ ਦੀ ਫੇਰੀ ਦੌਰਾਨ ਭੇਟ ਕੀਤਾ ਗਿਆ ਸੀ।
ਪ੍ਰਧਾਨ ਮੰਤਰੀ ਦਫਤਰ ਵੱਲੋਂ ਨਰਿੰਦਰ ਮੋਦੀ ਨੂੰ ਤੋਹਫ਼ੇ ਵਜੋਂ ਪ੍ਰਾਪਤ 912 ਵਸਤਾਂ ਦੀ ਨਿਲਾਮੀ ਕੀਤੀ ਜਾ ਰਹੀ ਹੈ, ਹਰਿਮੰਦਰ ਸਾਹਿਬ ਦਾ ਮਾਡਲ ਇਨ੍ਹਾਂ ਵਿਚੋਂ ਇਕ ਹੈ। ਇਸ ਨੂੰ ਨਿਲਾਮੀ ਸਾਈਟ ‘ਤੇ 13,500 ਦੀ ਬੇਸ ਕੀਮਤ ਨਾਲ ਸੂਚੀਬੱਧ ਕੀਤਾ ਗਿਆ ਹੈ। ਉਧਰ, ਸਿੱਖ ਜਥੇਬੰਦੀਆਂ ਸਰਕਾਰ ਦੇ ਇਸ ਫੈਸਲੇ ਤੋਂ ਖ਼ਫ਼ਾ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਵੀਟ ਕਰ ਕੇ ਅਪੀਲ ਕੀਤੀ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਆਪਣੇ ਗ੍ਰਹਿ ਵਿਖੇ ਸਜਾ ਕੇ ਰੱਖਣ ਅਤੇ ਇਸ ਨੂੰ ਨਿਲਾਮ ਨਾ ਕਰਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਮਿਲੇ ਸਨਮਾਨਾਂ ਅਤੇ ਤੋਹਫਿਆਂ ਦੀ ਨਿਲਾਮੀ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿਚ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਵੀ ਸ਼ਾਮਲ ਹੈ। ਇਹ ਕੋਈ ਆਮ ਤੋਹਫਾ ਨਹੀਂ, ਸਗੋਂ ਇਕ ਸਰਧਾ ਅਤੇ ਸਤਿਕਾਰ ਦਾ ਪ੍ਰਤੀਕ ਹੈ।
ਇਸੇ ਦੌਰਾਨ ਪੰਜਾਬ ਭਾਜਪਾ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਵੀ ਪ੍ਰਧਾਨ ਮੰਤਰੀ ਦਫਤਰ ਵੱਲੋਂ ਪ੍ਰਧਾਨ ਮੰਤਰੀ ਨੂੰ ਮਿਲੇ ਸਨਮਾਨਾਂ ਅਤੇ ਤੋਹਫ਼ਿਆਂ ਦੀ ਕੀਤੀ ਜਾ ਰਹੀ ਨਿਲਾਮੀ ‘ਚੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਹਟਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰਤ ਨਿੱਜੀ ਦਖਲ ਦੇਣ ਦੀ ਅਪੀਲ ਕੀਤੀ ਹੈ। ਪ੍ਰੋ. ਸਰਚਾਂਦ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਸ੍ਰੀ ਅਕਾਲ ਤਖਤ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਜਾਂਦੇ ਸਨਮਾਨ ਪੂਰੀ ਕੌਮ ਵੱਲੋਂ ਦਿੱਤੇ ਗਏ ਸਨਮਾਨ ਹਨ। ਪ੍ਰਧਾਨ ਮੰਤਰੀ ਦੀ ਮਾਰਚ 2015 ਨੂੰ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਆਮਦ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਇਹ ਮਾਡਲ ਸਨਮਾਨ ਵਜੋਂ ਦਿੱਤਾ ਗਿਆ ਸੀ ਜਿਸ ਦੀ ਨਿਲਾਮੀ ਕਰਨ ਦੇ ਐਲਾਨ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਦਫਤਰ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਦੀ ਨਿਲਾਮੀ ਦੀ ਯੋਜਨਾ ਨੂੰ ਨਿੰਦਣਯੋਗ ਦੱਸਿਆ ਅਤੇ ਕਿਹਾ ਕਿ ਦਰਬਾਰ ਸਾਹਿਬ ਦੁਨੀਆ ਭਰ ਦੇ ਲੋਕਾਂ ਲਈ ਸ਼ਰਧਾ ਦਾ ਕੇਂਦਰ ਹੈ। ‘ਆਪ` ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ ਗੁਰੂ ਸਾਹਿਬ ਦੇ ਆਸ਼ੀਰਵਾਦ ਦੀ ਕੀਮਤ ਨਹੀਂ ਲਾ ਸਕਦਾ ਤੇ ਸਿੱਖ ਕੌਮ ਦੀ ਆਸਥਾ ਦੇ ਪ੍ਰਤੀਕ ਨੂੰ ਨਿਲਾਮ ਕਰਨਾ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਪੀ.ਐਮ.ਓ. ਨੂੰ ਤੁਰਤ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਤੇ ਇਸ ਮਾਡਲ ਨੂੰ ਨਿਲਾਮੀ ਵਾਲੀ ਥਾਂ ਤੋਂ ਹਟਾ ਦੇਣਾ ਚਾਹੀਦਾ ਹੈ। ਹਰਿਮੰਦਰ ਸਾਹਿਬ ਦੇ ਮਾਡਲ ਨੂੰ ਵੇਚਿਆ ਨਹੀਂ ਜਾਣਾ ਚਾਹੀਦਾ।