ਅੰਮ੍ਰਿਤਸਰ: ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਨੂੰ ਹੁਕਮ ਦਿੱਤਾ ਕਿ ਉਹ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਲਈ ਤੇਜ਼ ਤੇ ਠੋਸ ਯਤਨ ਕਰਨ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਜਾਰੀ ਕੀਤਾ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਥੇਦਾਰ ਨੇ ਸਿੱਖ ਪੰਥ ਦੇ ਨਾਂ ਸੰਦੇਸ਼ ਦਿੰਦਿਆਂ ਕਿਹਾ ਕਿ ਪਿਛਲੇ 17 ਸਾਲਾਂ ਤੋਂ ਜੇਲ੍ਹ ਦੀ ਚੱਕੀ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਨ ਸਬੰਧੀ ਕੇਂਦਰ ਸਰਕਾਰ ਨੋਟੀਫਿਕੇਸ਼ਨ ਜਾਰੀ ਕਰ ਕੇ ਮੁੱਕਰ ਗਈ ਹੈ। ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ ਅਤੇ 39 ਸਾਲਾਂ ਬਾਅਦ ਵੀ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲੀਆਂ ਹਨ। ਉਨ੍ਹਾਂ ਸਿੱਖ ਕੌਮ ਨੂੰ ਆਪਣੇ ਹੱਕਾਂ ਲਈ ਇਕਜੁੱਟਤਾ ਨਾਲ ਆਵਾਜ਼ ਬੁਲੰਦ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਬੰਦੀ ਸਿੰਘਾਂ ਨੂੰ ਤੁਰਤ ਰਿਹਾਅ ਕਰਕੇ ਸਿੱਖਾਂ ਨੂੰ ਇਨਸਾਫ਼ ਦੇਵੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਸਮੂਹ ਪੰਥਕ ਦਲਾਂ ਅਤੇ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ ਵੀ ਸੱਦੇ।
ਉਨ੍ਹਾਂ ਦਿੱਲੀ ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਉਹ ਆਪਣੇ ਅਸਲ ਰਸੂਖ ਅਤੇ ਨੇੜਲੇ ਸਬੰਧਾਂ ਦੀ ਵਰਤੋਂ ਕਰ ਕੇ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਭਾਈ ਰਾਜੋਆਣਾ ਸਬੰਧੀ ਅਪੀਲ ‘ਤੇ ਫੈਸਲਾ ਕਰਵਾਉਣ ਲਈ ਗੰਭੀਰਤਾ ਨਾਲ ਯਤਨ ਕਰੇ ਅਤੇ ਇਸ ਸਬੰਧੀ 15 ਦਿਨਾਂ ਤੇ ਅੰਦਰ-ਅੰਦਰ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਭੇਜੇ।
ਬੰਦੀ ਛੋੜ ਦਿਵਸ ਮੌਕੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਦੀਵਾਲੀ ਵਾਲੇ ਦਿਨ ਸਾਨੂੰ ਆਪਣੇ ਹਿਰਦੇ ਵਿਚ ਗਿਆਨ, ਭੈਅ ਅਤੇ ਪ੍ਰੇਮ ਦੇ ਦੀਵੇ ਬਾਲ ਕੇ ਮਾਨਵਤਾ ਰੂਪੀ ਰੌਸ਼ਨੀ ਵੰਡਣੀ ਚਾਹੀਦੀ ਹੈ ਤਾਂ ਕਿ ਜਾਤਾਂ ਪਾਤਾਂ, ਊਚ ਨੀਚ, ਵੈਰ ਵਿਰੋਧ ਅਤੇ ਫਿਰਕੂਪੁਣੇ ਦਾ ਹਨੇਰਾ ਦੂਰ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਦਿਨ ਗੁਰੂ ਹਰਗੋਬਿੰਦ ਸਾਹਿਬ ਨੇ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਇਆ ਸੀ ਪਰ ਅੱਜ ਹਕੂਮਤਾਂ ਸਿੱਖਾਂ ਨੂੰ ਦੂਰ ਦੁਰਾਡੇ ਜੇਲ੍ਹਾਂ ਵਿਚ ਬੰਦ ਕਰ ਰਹੀਆਂ ਹਨ। ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।