ਸ਼੍ਰੋਮਣੀ ਕਮੇਟੀ ਦੀ ਮਜ਼ਬੂਤੀ ਲਈ ਇਕਜੁਟ ਹੋ ਕੇ ਯਤਨ ਕਰਨ ਦਾ ਸੱਦਾ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸਿੱਖ ਸੰਸਥਾ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ।

ਅਰਦਾਸ ਉਪਰੰਤ ਪਾਵਨ ਹੁਕਮਨਾਮਾ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਲਿਆ। ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਤੀ ਲਈ ਕੌਮ ਦੇ ਵਡੇਰਿਆਂ ਨੇ ਅਨੇਕਾਂ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੁਦਰਤੀ ਆਫਤਾਂ ਸਮੇਂ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਦੁਨੀਆ ਵਿਚ ਬਹੁਤ ਸਾਰੇ ਧਰਮ ਹਨ ਪਰ ਕਿਸੇ ਵੀ ਧਰਮ ਕੋਲ ਸ਼੍ਰੋਮਣੀ ਕਮੇਟੀ ਜਿਹੀ ਚੁਣੀ ਹੋਈ ਧਾਰਮਿਕ ਸੰਸਥਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਥ ਦੀ ਇਸ ਸਿਰਮੌਰ ਸੰਸਥਾ ਦੀ ਮਜ਼ਬੂਤੀ ਲਈ ਇਕਜੁਟ ਹੋ ਕੇ ਯਤਨ ਕਰਦਿਆਂ ਸੰਸਥਾ ਨੂੰ ਢਾਹ ਲਾਉਣ ਵਾਲੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣਾ ਸਮੇਂ ਦੀ ਵੱਡੀ ਲੋੜ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਸੰਬੋਧਨ ਕੀਤਾ ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੌਰਾਨ ਸਿੱਖ ਸੰਸਥਾ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਇਕ ਸਦੀ ਦੇ ਸਫ਼ਰ ਦੌਰਾਨ ਜਿੱਥੇ ਗੁਰਦੁਆਰਾ ਸਾਹਿਬਾਨ ਦੇ ਬਿਹਤਰ ਪ੍ਰਬੰਧਾਂ ਲਈ ਜ਼ਿੰਮੇਵਾਰੀ ਨਿਭਾਈ ਉਥੇ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਸਿੱਖਿਆ ਅਤੇ ਮੈਡੀਕਲ ਸੇਵਾਵਾਂ ਵਿਚ ਵੀ ਜ਼ਿਕਰਯੋਗ ਕਾਰਜ ਕੀਤੇ।
ਸ਼੍ਰੋਮਣੀ ਕਮੇਟੀ ਵੱਲੋਂ ਕੁਦਰਤੀ ਆਫ਼ਤਾਂ ਸਮੇਂ ਨਿਭਾਈਆਂ ਸੇਵਾਵਾਂ ਦੀ ਪੂਰੀ ਦੁਨੀਆ ਵਿਚ ਚਰਚਾ ਹੋਈ। ਉਨ੍ਹਾਂ ਸਮੂਹ ਸਿੱਖ ਪੰਥ ਨੂੰ ਇਸ ਮਹਾਨ ਸੰਸਥਾ ਦੀ ਮਜ਼ਬੂਤੀ ਲਈ ਇਕਜੁਟ ਹੋ ਕੇ ਯਤਨ ਕਰਨ ਦੀ ਅਪੀਲ ਕੀਤੀ।