ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਮਰਿਆਦਾ ਦੀ ਉਲੰਘਣਾ ਦਾ ਮਾਮਲਾ ਭਖਿਆ

ਅੰਮ੍ਰਿਤਸਰ: ਪਾਕਿਸਤਾਨ ਵਿਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਕਰਵਾਏ ਪ੍ਰੋਗਰਾਮ ਦੌਰਾਨ ਮਰਿਆਦਾ ਦੀ ਉਲੰਘਣਾ ਦੀ ਵਾਪਰੀ ਘਟਨਾ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ, ਪਾਕਿਸਤਾਨ ਸਰਕਾਰ ਦੇ ਸਬੰਧਤ ਮੰਤਰਾਲੇ ਅਤੇ ਔਕਾਫ਼ ਬੋਰਡ ਨੂੰ ਸ਼ਿਕਾਇਤ ਕੀਤੀ ਜਾਵੇਗੀ। ਇਸ ਦੌਰਾਨ ਸਿੱਖ ਜਥੇਬੰਦੀਆਂ ਵਿਚ ਇਸ ਮਾਮਲੇ ਨੂੰ ਲੈ ਕੇ ਰੋਸ ਹੈ।

ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਵੀ ਇਸ ਮਾਮਲੇ ਦੀ ਨਿੰਦਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਵਰਤਾਰਾ ਠੀਕ ਨਹੀਂ ਹੈ ਕਿ ਗੁਰੂਘਰ ਨੇੜੇ ਸਿੱਖ ਭਾਵਨਾਵਾਂ ਵਿਰੁੱਧ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਪਾਕਿਸਤਾਨ ਸਰਕਾਰ ਦੇ ਸਬੰਧਤ ਮੰਤਰਾਲੇ ਅਤੇ ਔਕਾਫ਼ ਬੋਰਡ ਨੂੰ ਪੱਤਰ ਲਿਖਿਆ ਜਾ ਰਿਹਾ ਹੈ।
ਇਸ ਦੌਰਾਨ ਸ੍ਰੀ ਅਕਾਲ ਤਖਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨੀ ਅਧਿਕਾਰੀਆਂ ਨੂੰ ਸਿੱਖ ਭਾਵਨਾਵਾਂ ਦਾ ਧਿਆਨ ਰੱਖਣਾ ਚਾਹੀਦਾ ਹੈ।
ਉਧਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵਿਚ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਵਾਪਰੀ ਬੇਅਦਬੀ ਦੀ ਘਟਨਾ ਖ਼ਿਲਾਫ਼ ਪਾਕਿਸਤਾਨ ਹਾਈ ਕਮਿਸ਼ਨ ਕੋਲ ਰੋਸ ਪ੍ਰਗਟ ਕਰਦਿਆਂ ਹਾਈ ਕਮਿਸ਼ਨ ਨੂੰ ਇਹ ਮਾਮਲਾ ਤੁਰੰਤ ਪਾਕਿਸਤਾਨ ਸਰਕਾਰ ਕੋਲ ਚੁੱਕਣ ਲਈ ਆਖਿਆ ਹੈ ਤਾਂ ਜੋ ਮੁਲਜ਼ਮਾਂ ਨੂੰ ਸਜਾ ਦਿੱਤੀ ਜਾ ਸਕੇ।