ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਬੇਰੰਗ ਮੋੜਿਆ

ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਕੇਂਦਰੀ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ

ਜਿਸ ਦੌਰਾਨ ਰਾਜੋਆਣਾ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਕੀਤੀ ਰਹਿਮ ਦੀ ਅਪੀਲ ਵਾਪਸ ਕਰਵਾਉਣ ਲਈ ਬਜ਼ਿੱਦ ਰਿਹਾ ਅਤੇ ਸ਼੍ਰੋਮਣੀ ਕਮੇਟੀ ਨੂੰ ਪੰਜ ਦਸੰਬਰ ਤੱਕ ਦਾ ਅਲਟੀਮੇਟਮ ਦਿੰਦਿਆਂ ਸਪਸ਼ਟ ਕੀਤਾ ਹੈ ਕਿ ਜੇ ਚਾਰ ਦਸੰਬਰ ਤੱਕ ਇਹ ਪਟੀਸ਼ਨ ਵਾਪਸ ਨਾ ਲਈ ਤਾਂ ਉਹ ਪੰਜ ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦੇਵੇਗਾ। ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਸਬੰਧੀ ਰਾਜੋਆਣਾ ਨੂੰ 2007 ਵਿਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ ਜਿਸ ਸਬੰਧੀ ਉਸ ਨੂੰ ਪਟਿਆਲਾ ਜੇਲ੍ਹ ਵਿਚ ਫਾਂਸੀ ਦੇਣ ਲਈ 30 ਮਾਰਚ 2012 ਦਾ ਦਿਨ ਮੁਕੱਰਰ ਕੀਤਾ ਗਿਆ ਸੀ ਪਰ ਰਾਜੋਆਣਾ ਫਾਂਸੀ ਦੀ ਸਜ਼ਾ ਰੁਕਵਾਉਣ ਲਈ ਖੁਦ ਕੋਈ ਵੀ ਕਾਨੂੰਨੀ ਚਾਰਾਜੋਈ ਕਰਨ ਤੋਂ ਇਨਕਾਰੀ ਰਿਹਾ। ਇਸ ਕਾਰਨ ਅਕਾਲ ਤਖਤ ਸਾਹਿਬ ਦੇ ਆਦੇਸ਼ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਹਿਮ ਦੀ ਅਪੀਲ ਦਾਇਰ ਕੀਤੀ ਜਿਸ ਸਬੰਧੀ ਫਾਂਸੀ ਤੋਂ ਦੋ ਦਿਨ ਪਹਿਲਾਂ ਰਾਸ਼ਟਰਪਤੀ ਨੇ ਫਾਂਸੀ ਦੀ ਸਜ਼ਾ ਉਤੇ ਰੋਕ ਲਾ ਦਿੱਤੀ ਸੀ। ਰਾਜੋਆਣਾ ਦਾ ਕਹਿਣਾ ਹੈ ਕਿ ਉਸ ਦੀ ਇਸ ਪਟੀਸ਼ਨ ਉਤੇ 12 ਸਾਲਾਂ ਤੋਂ ਕੋਈ ਵੀ ਫੈਸਲਾ ਨਹੀਂ ਹੋਇਆ, ਉਹ ਤਿਲ-ਤਿਲ ਕਰ ਕੇ ਮਰਨ ਦੀ ਬਜਾਇ ਫਾਂਸੀ ਦੇ ਫੰਧੇ ‘ਤੇ ਚੜ੍ਹਨ ਲਈ ਤਿਆਰ ਹੈ। ਇਸੇ ਲਈ ਉਸ ਨੇ ਅਕਾਲ ਤਖਤ ਨੂੰ ਬੇਨਤੀ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਜਾਰੀ ਕਰਨ ਕਿ ਉਹ ਰਹਿਮ ਦੀ ਅਪੀਲ ਸਬੰਧੀ ਪਟੀਸ਼ਨ ਵਾਪਸ ਲਵੇ। ਇਸ ਲਈ ਸ੍ਰੀ ਧਾਮੀ ਨੇ ਰਾਜੋਆਣਾ ਦੇ ਨਾਲ ਮੁਲਾਕਾਤ ਕੀਤੀ ਸੀ।