ਬੰਦੀ ਸਿੰਘਾਂ ਦੇ ਮਸਲੇ ਉਤੇ ਸਰਗਰਮ ਪ੍ਰਚਾਰ ਲਹਿਰ ਸ਼ੁਰੂ ਹੋਵੇਗੀ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ‘ਤੇ ਬੁੱਧੀਜੀਵੀਆਂ ਤੇ ਕਾਨੂੰਨੀ ਮਾਹਿਰਾਂ ਨਾਲ ਚੰਡੀਗੜ੍ਹ ਵਿਚ ਸ੍ਰੀ ਕਲਗੀਧਰ ਨਿਵਾਸ ‘ਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਮੌਜੂਦ ਸ਼ਖਸੀਅਤਾਂ ਨੇ ਬੰਦੀ ਸਿੰਘਾਂ ਦੇ ਮਸਲੇ ਨੂੰ ਸਾਂਝੇ ਪ੍ਰੋਗਰਾਮ ਤਹਿਤ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ।

ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ‘ਚ ਕੌਮੀ ਤੇ ਮਨੁੱਖੀ ਦਰਦ ਰੱਖਣ ਵਾਲਿਆਂ ਦੀ ਮੀਟਿੰਗ ਵੀ ਜਲਦੀ ਕੀਤੀ ਜਾਵੇਗੀ, ਜਿਸ ਵਿਚ ਇਕੱਲੇ ਸਿੱਖ ਹੀ ਨਹੀਂ ਸਗੋਂ ਹਰ ਧਰਮ ਨਾਲ ਸਬੰਧਤ ਲੋਕ ਸ਼ਾਮਲ ਹੋਣਗੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਕੱਤਰਤਾ ਵਿਚ ਹਾਜ਼ਰ ਬੁੱਧੀਜੀਵੀਆਂ ਤੇ ਵਕੀਲਾਂ ਨੇ ਗੰਭੀਰਤਾ ਨਾਲ ਆਪਣੇ ਵਿਚਾਰ ਦਿੱਤੇ ਹਨ, ਜਿਸ ਦੀ ਪੜਚੋਲ ਕਰ ਕੇ ਸ਼੍ਰੋਮਣੀ ਕਮੇਟੀ ਅਗਲੀ ਰਣਨੀਤੀ ਦਾ ਇਕ ਦਸਤਾਵੇਜ਼ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਪ੍ਰੋਗਰਾਮ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਸਰਗਰਮ ਪ੍ਰਚਾਰ ਲਹਿਰ ਸ਼ੁਰੂ ਕੀਤੀ ਜਾਵੇਗੀ, ਜਿਸ ‘ਚ ਦੁਨੀਆਂ ਤੇ ਸਰਕਾਰਾਂ ਨੂੰ ਇਹ ਦੱਸਿਆ ਜਾਵੇਗਾ ਕਿ ਸਿੱਖ ਬੰਦੀ ਕੋਈ ਪੇਸ਼ੇਵਰ ਅਪਰਾਧੀ ਨਹੀਂ ਸਨ, ਸਗੋਂ ਇਨ੍ਹਾਂ ਨੇ ਕੌਮ ‘ਤੇ ਜ਼ੁਲਮ ਵਿਰੁੱਧ ਭਾਵਨਾਵਾਂ ਦੇ ਵਹਿਣ ਵਿਚ ਵਹਿ ਕੇ ਕਦਮ ਚੁੱਕੇ ਸਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਵਿਤਕਰੇ ਬਾਰੇ ਹਰ ਮੰਚ ‘ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਸ੍ਰੀ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਭਰ ਦੇ ਉਨ੍ਹਾਂ ਕੇਸਾਂ ਦਾ ਇਕ ਖਰੜਾ ਤਿਆਰ ਕੀਤਾ ਜਾਵੇਗਾ, ਜਿਨ੍ਹਾਂ ਵਿਚ ਫਾਂਸੀ ਜਾਂ ਉਮਰ ਕੈਦ ਦੀਆਂ ਸਜ਼ਾਵਾਂ ਵਾਲੇ ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਹੋਈ ਹੈ। ਇਹ ਜਾਣਕਾਰੀ ਇਕੱਠੀ ਕਰ ਕੇ ਸਰਕਾਰਾਂ, ਅਦਾਲਤਾਂ ਤੇ ਮਨੁੱਖੀ ਅਧਿਕਾਰਾਂ ਲਈ ਕਾਰਜਸ਼ੀਲ ਸੰਸਥਾਵਾਂ ਤੱਕ ਪਹੁੰਚ ਕਰੇਗੀ। ਇਸ ਕਾਰਜ ਲਈ ਸੀਨੀਅਰ ਵਕੀਲਾਂ ਤੇ ਦੇਸ਼ ਭਰ ‘ਚ ਮਾਨਵੀ ਹਿੱਤਾਂ ਦੀ ਰਖਵਾਲੀ ਕਰਨ ਵਾਲੇ ਨੁਮਾਇੰਦਿਆਂ ਦਾ ਸਹਿਯੋਗ ਲਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਲਦੀ ਹੀ ਜੇਲ੍ਹ ‘ਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਜਾਵੇਗੀ।
ਰਾਮ ਰਹੀਮ ਦੀ ਵਾਰ-ਵਾਰ ਪੈਰੋਲ ਗਲਤ: ਧਾਮੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁਲਕ ਦੇ ਕਾਨੂੰਨ ਮੁਤਾਬਕ ਕਿਸੇ ਵੀ ਸਜ਼ਾਯਾਫ਼ਤਾ ਕੈਦੀ ਨੂੰ ਇਕ ਸਾਲ ਵਿਚ ਦੋ ਤੋਂ ਵੱਧ ਵਾਰ ਪੈਰੋਲ ‘ਤੇ ਨਹੀਂ ਭੇਜਿਆ ਜਾ ਸਕਦਾ ਪਰ ਹਰਿਆਣਾ ਸਰਕਾਰ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਲਈ ਜੇਲ੍ਹ ਮੈਨੂਅਲ ਵਿਚ ਬਦਲਾਅ ਕੀਤੇ ਹਨ, ਜੋ ਕਿ ਨਿੰਦਣਯੋਗ ਹੈ। ਸ੍ਰੀ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਕ ਪਾਸੇ ਸਜਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਈ ਨਹੀਂ ਦਿੱਤੀ ਜਾ ਰਹੀ, ਦੂਜੇ ਪਾਸੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ‘ਤੇ ਬਾਹਰ ਭੇਜਿਆ ਜਾ ਰਿਹਾ ਹੈ।