ਪੰਜਾਬ ਸਰਕਾਰ ਵੱਲੋਂ ਮੁਫਤ ਤੀਰਥ ਯਾਤਰਾ ਦੀ ਸ਼ੁਰੂਆਤ

ਚੰਡੀਗੜ੍ਹ: ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ` ਦੀ ਸ਼ੁਰੂਆਤ ਕੀਤੀ ਗਈ ਹੈ।

ਇਸ ਸਕੀਮ ਤਹਿਤ 27 ਨਵੰਬਰ ਨੂੰ ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਾਸਤੇ ਪਹਿਲੀ ਰੇਲਗੱਡੀ ਰਵਾਨਾ ਹੋਈ।
ਇਸ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਰੇਲ ਗੱਡੀਆਂ ਤੇ ਏਸੀ ਬੱਸਾਂ ਰਾਹੀ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਤੇ ਹੋਰਨਾਂ ਤੀਰਥ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ` 27 ਨਵੰਬਰ ਤੋਂ 29 ਫਰਵਰੀ ਤੱਕ ਚਲਾਈ ਜਾਵੇਗੀ।
ਸੂਬਾ ਸਰਕਾਰ ਵੱਲੋਂ ਇਨ੍ਹਾਂ 13 ਹਫ਼ਤਿਆਂ ਦੌਰਾਨ ਸੂਬੇ ਦੇ 53 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੂੰ ਵੱਖ-ਵੱਖ ਤੀਰਥ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਰੇਲ ਗੱਡੀ ਤੇ ਏਸੀ ਬੱਸਾਂ ਰਾਹੀ ਸਫ਼ਰ ਤੋਂ ਇਲਾਵਾ ਲੋਕਾਂ ਨੂੰ ਰਿਹਾਇਸ਼ ਲਈ ਤਿੰਨ ਸਟਾਰ ਕਮਰੇ, ਮੈਡੀਕਲ ਸਹੂਲਤਾਂ, ਇਕ ਕਿੱਟ ਜਿਸ ‘ਚ ਯਾਤਰਾ ਲਈ ਸਾਰੀਆਂ ਲੋੜੀਂਦੀਆਂ ਚੀਜ਼ਾਂ ਸ਼ਾਮਲ ਹੋਣਗੀਆਂ ਆਦਿ ਸਭ ਕੁਝ ਮੁਫ਼ਤ ਦਿੱਤਾ ਜਾਵੇਗਾ।
ਇਨ੍ਹਾਂ ਵੱਲੋਂ ਸਕੀਮ ਨੂੰ ਹੋਰ ਵਧੀਆ ਕਰਨ ਲਈ ਯੋਜਨਾ ਤਿਆਰ ਕੀਤੀ ਜਾਵੇਗੀ। ਗੌਰਤਲਬ ਹੈ ਕਿ ਦਿੱਲੀ ਵਿਚ ਵੀ ‘ਆਪ` ਸਰਕਾਰ ਨੇ 9 ਜਨਵਰੀ, 2018 ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ` ਸ਼ੁਰੂ ਕੀਤੀ ਸੀ ਜਿਸ ਤਹਿਤ 60 ਸਾਲ ਦੀ ਉਮਰ ਤੋਂ ਵੱਧ ਦੇ ਵਿਅਕਤੀ ਯੋਗ ਸਨ ਅਤੇ ਉਨ੍ਹਾਂ ਨੂੰ ਆਪਣੇ ਨਾਲ ਇਕ ਅਟੈਂਡੈਂਟ ਲਿਜਾਣ ਦੀ ਸਹੂਲਤ ਵੀ ਦਿੱਤੀ ਗਈ ਸੀ। ਪੰਜਾਬ `ਚ ਜਦੋਂ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਸੀ ਤਾਂ ਉਦੋਂ ਪਹਿਲੀ ਜਨਵਰੀ, 2016 ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ` ਸਕੀਮ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਤਹਿਤ ਪ੍ਰਤੀ ਯਾਤਰੀ ਪ੍ਰਤੀ ਦਿਨ ਦੇ 1855 ਰੁਪਏ ਖ਼ਰਚੇ ਗਏ ਸਨ। ਸਾਲ 2015-16 ਵਿਚ ਇਸ ਸਕੀਮ ਤਹਿਤ 46.50 ਕਰੋੜ ਦੀ ਰਾਸ਼ੀ ਖ਼ਰਚ ਕੀਤੀ ਗਈ ਅਤੇ ਸਾਲ 2016-17 ਵਿਚ 140 ਕਰੋੜ ਦਾ ਬਜਟ ਰੱਖਿਆ ਗਿਆ ਸੀ। ਹੁਣ ਪੰਜਾਬ ਵਿਚ ‘ਆਪ` ਸਰਕਾਰ ਨੇ ਮੁੜ ਤੋਂ ਸਕੀਮ ਦੀ ਸ਼ੁਰੂਆਤ ਕੀਤੀ ਹੈ।