ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ

ਤਲਵੰਡੀ ਸਾਬੋ: ਕੌਮੀ ਸੁਰੱਖਿਆ ਐਕਟ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ‘ਵਾਰਿਸ ਪੰਜਾਬ ਦੇ` ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਹੋਰ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਤਖ਼ਤ ਸਾਹਿਬਾਨ `ਤੇ ਸ਼ੁਰੂ ਕੀਤੀ ਗਈ ਅਰਦਾਸ ਸਮਾਗਮਾਂ ਦੀ ਲੜੀ ਤਹਿਤ ਤੀਜਾ ਅਰਦਾਸ ਸਮਾਗਮ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੀਤਾ ਗਿਆ।

ਇਸ ਅਰਦਾਸ ਸਮਾਗਮ ਵਿਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਮਾਤਾ ਬਲਵਿੰਦਰ ਕੌਰ, ਹੋਰਨਾਂ ਬੰਦੀ ਸਿੰਘਾਂ ਦੇ ਪਰਿਵਾਰ, ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਿਰਕਤ ਕੀਤੀ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਸਭ ਤੋਂ ਪਹਿਲਾਂ ਤਖ਼ਤ ਸਾਹਿਬ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਤਖ਼ਤ ਸਾਹਿਬ ਦੀ ਫਸੀਲ ਅੱਗੇ ਵਧੀਕ ਮੁੱਖ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ। ਅਰਦਾਸ ਸਮਾਗਮ ਮਗਰੋਂ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਖਾਲਸਾ ਵਹੀਰ ਨੇ ਨੌਜਵਾਨੀ ਨੂੰ ਧਰਮ ਨਾਲ ਜੋੜ ਕੇ ਨਸ਼ਿਆਂ ਦੀ ਦਲਦਲ ‘ਚੋਂ ਕੱਢਿਆ ਅਤੇ ਸਰਕਾਰਾਂ ਵੱਲੋਂ ਦਹਾਕਿਆਂ ਤੋਂ ਸਿੱਖ ਨੌਜਵਾਨਾਂ ਨੂੰ ਬਰਬਾਦ ਕਰਨ ਲਈ ਬੁਣੇ ਗਏ ਨਸ਼ਿਆਂ ਦੇ ਜਾਲ ਨੂੰ ਖ਼ਾਲਸਾ ਵਹੀਰ ਨੇ ਐਸਾ ਕੱਟਿਆ ਕਿ ਇਸ ਤੋਂ ਘਬਰਾ ਕੇ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਐਨ.ਐਸ.ਏ. ਲਗਾ ਕੇ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਡਿਬਰੂਗੜ੍ਹ ਦੀ ਜੇਲ੍ਹ ਵਿਚ ਕੈਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਨੂੰ ਇਕ ਪਲੇਟਫਾਰਮ ‘ਤੇ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਗਲਾ ਅਰਦਾਸ ਸਮਾਗਮ 17 ਦਸੰਬਰ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਵੇਗਾ। ਸਮਾਗਮਾਂ ਦੇ ਮੱਦੇਨਜ਼ਰ ਇੱਥੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ। ‘ਅਰਦਾਸ ਸਮਾਗਮ‘ ਮਗਰੋਂ ਕੁਝ ਸਿੱਖ ਨੌਜਵਾਨਾਂ ਨੇ ਖਾਲਿਸਤਾਨ ਪੱਖੀ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਇਨ੍ਹਾਂ ਨਾਅਰਿਆਂ ਦੀ ਗੂੰਜ ਸੁਣ ਕੇ ਇੱਥੇ ਤਾਇਨਾਤ ਭਾਰੀ ਪੁਲਿਸ ਬਲ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਜ਼ਿਕਰਯੋਗ ਹੈ ਕਿ ਅਰਦਾਸ ਸਮਾਗਮ ਦੇ ਮੱਦੇਨਜ਼ਰ ਤਖ਼ਤ ਸਾਹਿਬ ਕੰਪਲੈਕਸ ‘ਚ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤੇ ਅਧਿਕਾਰੀ ਸਾਦੇ ਕੱਪੜਿਆਂ ਵਿਚ ਤਾਇਨਾਤ ਰਹੇ। ਅਰਦਾਸ ਸਮਾਗਮ ਵਿਚ ਸ਼ਾਮਲ ਹੋਣ ਤੋਂ ਰੋਕਣ ਲਈ ਪੁਲਿਸ ਨੇ ਕਈ ਸਿੱਖ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਹੀ ਨਜ਼ਰਬੰਦ ਕਰ ਦਿੱਤਾ। ਇਸ ਕਾਰਵਾਈ ਦੇ ਵਿਰੋਧ ਵਿਚ ਕਈ ਸਿੱਖ ਜਥੇਬੰਦੀਆਂ ਨੇ ਸਥਾਨਕ ਖੰਡਾ ਚੌਕ ਵਿੱਚ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੰਜਾਬ ਪੁਲਿਸ ਦੀ ਇਸ ਕਾਰਵਾਈ ਦੀ ਨਿਖੇਧੀ ਕਰਦਿਆਂ ਆਗੂਆਂ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਸਿੱਖ ਬੰਦੀ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ। ਅਜਿਹਾ ਕਰ ਕੇ ਸਰਕਾਰਾਂ ਉਨ੍ਹਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾ ਰਹੀਆਂ ਹਨ।
ਸਿੱਖਾਂ ਖਿਲਾਫ ਭੇਦਭਾਵ ਵਾਲਾ ਮਾਹੌਲ ਸਿਰਜਿਆ ਜਾ ਰਿਹੈ: ਗਿਆਨੀ ਹਰਪ੍ਰੀਤ ਸਿੰਘ
ਤਲਵੰਡੀ ਸਾਬੋ: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਦੇਸ਼ ਭਰ ਵਿਚ ਸਿੱਖਾਂ ਖ਼ਿਲਾਫ਼ ਭੇਦਭਾਵ ਵਾਲਾ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਇਕ ਪਾਸੇ ਹਰਿਆਣਾ ਦੇ ਨੂਹ ਵਿਚ ਥਾਣੇ ਨੂੰ ਅੱਗ ਲਗਾ ਕੇ ਦੰਗਾ ਕਰਨ ਵਾਲਿਆਂ ਖ਼ਿਲਾਫ਼ ਦਰਜ ਕੇਸ ਰੱਦ ਕਰਨੇ ਅਤੇ ਦੂਜੇ ਪਾਸੇ ਸਿੱਖ ਨੌਜਵਾਨਾਂ ਨੂੰ ਐਨ.ਐਸ.ਏ. ਤਹਿਤ ਜੇਲ੍ਹਾਂ ਵਿਚ ਡੱਕਣਾ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨੂਹ ਵਿਚ ਘਟਨਾ ਮਗਰੋਂ ਦਰਜ ਕੀਤੇ ਗਏ ਕੇਸ ਰੱਦ ਹੋ ਸਕਦੇ ਹਨ ਤਾਂ ਸਿੱਖ ਨੌਜਵਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕਿਉਂ ਨਹੀਂ ਕੀਤੇ ਜਾਂਦੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਖ਼ਿਲਾਫ਼ ਇਕ ਖਾਸ ਸਾਜ਼ਿਸ਼ ਤਹਿਤ ਭੜਕਾਹਟ ਪੈਦਾ ਕੀਤੀ ਜਾ ਰਹੀ ਹੈ।