ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਵਾਸਤੇ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਨੇ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਤਕਰਾਰ ਦੀ ਥਾਂ ਪਿਆਰ ਤੇ ਸਦਭਾਵ ਨਾਲ ਗੱਲ ਕਰਨ ਦਾ ਰਾਹ ਅਖਤਿਆਰ ਕੀਤਾ ਜਾਵੇਗਾ।
ਇਸ ਸਬੰਧੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਲਈ ਚਾਰਾਜੋਈ ਸ਼ੁਰੂ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਚ ਹੋਈ ਮੀਟਿੰਗ ‘ਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਅਜੀਤ ਪ੍ਰਕਾਸ਼ਨ ਸਮੂਹ ਤੋਂ ਡਾ. ਬਰਜਿੰਦਰ ਸਿੰਘ ਹਮਦਰਦ, ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਰਾਜੋਆਣਾ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਭਾਈ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਮੁਲਾਕਾਤ ਲਈ ਸਮਾਂ ਲੈਣ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਜਾ ਰਿਹਾ ਹੈ।
ਉਹ ਚਾਹੁੰਦੇ ਹਨ ਕਿ ਬੰਦੀ ਸਿੰਘਾਂ ਦੇ ਮਾਮਲੇ ਵਿਚ ਵਧੀਆ ਮਾਹੌਲ ‘ਚ ਸਰਕਾਰ ਨਾਲ ਗੱਲਬਾਤ ਅੱਗੇ ਤੁਰੇ। ਉਨ੍ਹਾਂ ਆਖਿਆ ਕਿ ਬੰਦੀ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਲੋਕਤੰਤਰੀ ਤਰੀਕੇ ਨਾਲ ਯਤਨ ਜਾਰੀ ਰੱਖੇ ਜਾਣਗੇ। ਦੱਸਣਯੋਗ ਹੈ ਕਿ ਪਹਿਲਾਂ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਕੋਈ ਹੁੰਗਾਰਾ ਨਾ ਮਿਲਣ ਕਾਰਨ ਸਿੱਖ ਸੰਸਥਾ ਧਰਨੇ ਤੇ ਮੁਜ਼ਾਹਰੇ ਦੇ ਰਾਹ ਤੁਰ ਪਈ ਸੀ, ਜਿਸ ਦਾ ਹੁਣ ਤੱਕ ਕੋਈ ਸਿੱਟਾ ਨਹੀਂ ਨਿਕਲਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਆਪਣੀ ਇਸ ਮੰਗ ਲਈ 26 ਲੱਖ ਲੋਕਾਂ ਕੋਲੋਂ ਪ੍ਰੋਫਾਰਮੇ ਵੀ ਭਰਵਾਏ ਗਏ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਅਪੀਲ ਕੀਤੀ ਕਿ ਉਹ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਬੰਦੀ ਸਿੰਘਾਂ ਦੇ ਮਾਮਲਿਆਂ ਨੂੰ ਹੱਲ ਕਰਨ ਲਈ ਪਹਿਲਕਦਮੀ ਕਰਨ। ਕਮੇਟੀ ਕੇਂਦਰ ਸਰਕਾਰ ਵੱਲੋਂ ਕੀਤੇ ਐਲਾਨ ਮੁਤਾਬਕ ਰਾਜੋਆਣਾ ਦੀ ਫਾਂਸੀ ਦੀ ਸਜਾ ਨੂੰ ਮੁਆਫ ਕਰ ਕੇ ਉਮਰ ਕੈਦ ਵਿਚ ਤਬਦੀਲ ਕਰਨ, ਪ੍ਰੋ. ਦਵਿੰਦਰ ਪਾਲ ਅਤੇ ਗੁਰਦੀਪ ਸਿੰਘ ਖੇੜਾ ਦੀ ਰਿਹਾਈ ਲਈ ਜੋਰ ਪਾਵੇਗੀ।
ਬੰਦੀ ਸਿੰਘਾਂ ਦੀ ਰਿਹਾਈ ਦਾ ਮਤਾ ਪਾਸ
ਅੰਮ੍ਰਿਤਸਰ: ਚੀਫ ਖਾਲਸਾ ਦੀਵਾਨ ਦੇ ਜਨਰਲ ਹਾਊਸ ਵੱਲੋਂ ਇਕ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਕੋਲੋਂ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ। ਮੀਟਿੰਗ ਦੌਰਾਨ ਦੀਵਾਨ ਦੇ ਮੈਂਬਰ ਭਗਵੰਤਪਾਲ ਸਿੰਘ ਸੱਚਰ ਵੱਲੋਂ ਮਤਾ ਲਿਆਂਦਾ ਗਿਆ ਕਿ ਚੀਫ ਖਾਲਸਾ ਦੀਵਾਨ ਦੀ ਇਹ ਮੀਟਿੰਗ ਕੇਂਦਰ ਸਰਕਾਰ ਤੋਂ ਸਰਬਸੰਮਤੀ ਨਾਲ ਮੰਗ ਕਰਦੀ ਹੈ ਕਿ ਉਹ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੇ ਗਏ ਆਪਣੇ ਫੈਸਲੇ ‘ਤੇ ਤੁਰਤ ਅਮਲ ਕਰਦਿਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜਾ ਨੂੰ ਉਮਰ ਕੈਦ ਵਿੱਚ ਤਬਦੀਲ ਕਰੇ। ਸਮੂਹ ਹਾਊਸ ਵੱਲੋਂ ਅਤੇ ਕਾਰਜਸਾਧਕ ਕਮੇਟੀ ਵੱਲੋਂ ਵੀ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ।
ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖਤਮ ਕੀਤੀ
ਪਟਿਆਲਾ: ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ, ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਇਥੇ ਜੇਲ੍ਹ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੇ। ਇਸ ਦੌਰਾਨ ਰਾਜੋਆਣਾ ਨੇ ਅਕਾਲ ਤਖਤ ਦੇ ਜਥੇਦਾਰ ਹੱਥੋਂ ਜੂਸ ਪੀ ਕੇ ਆਪਣੀ ਭੁੱਖ ਹੜਤਾਲ ਤੋੜ ਦਿੱਤੀ। ਇਸ ਮੁਲਾਕਾਤ ਦੌਰਾਨ ਤਿੰਨ ਮੈਂਬਰੀ ਇਸ ਵਫ਼ਦ ਨੇ ਸ੍ਰੀ ਰਾਜੋਆਣਾ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੀ ਫਾਂਸੀ ਦੀ ਸਜਾ ਸਬੰਧੀ ਦਾਇਰ ਰਹਿਮ ਦੀ ਅਪੀਲ ਦੇ ਜਲਦੀ ਨਿਬੇੜੇ ਲਈ ਸਮੂਹ ਸਿੱਖ ਸੰਸਥਾਵਾਂ ਨੂੰ ਨਾਲ ਲੈ ਕੇ ਸੰਘਰਸ਼ ਕੀਤਾ ਜਾਵੇਗਾ।