‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ` ਯੋਜਨਾ ਦਾ ਆਗਾਜ਼ ਕੀਤਾ

ਲੁਧਿਆਣਾ: ਪੰਜਾਬ ਵਾਸੀਆਂ ਨੂੰ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬੇ ਵਿਚ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ` ਯੋਜਨਾ ਦਾ ਆਗਾਜ਼ ਕੀਤਾ ਗਿਆ ਹੈ ਜਿਸ ਨਾਲ 43 ਸੇਵਾਵਾਂ ਲੋਕਾਂ ਨੂੰ ਘਰ ਬੈਠਿਆਂ ਹੀ ਮਿਲਣਗੀਆਂ। ਪਿੰਡ ਧਨਾਨਸੂ ਸਥਿਤ ਸਾਈਕਲ ਵੈਲੀ ਵਿਚ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਯੋਜਨਾ ਦਾ ਉਦਘਾਟਨ ਕੀਤਾ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਇਮਾਨਦਾਰ ਸਰਕਾਰ ਨੇ ਸੂਬੇ ਵਿਚ ਅਸੰਭਵ ਜਾਪਣ ਵਾਲੀ ਗੱਲ ਨੂੰ ਹਕੀਕਤ ਬਣਾ ਦਿੱਤਾ ਹੈ। ਅੱਜ ਤੋਂ ਆਮ ਆਦਮੀ ਦਾ ਮਾਣ-ਸਤਿਕਾਰ ਬਹਾਲ ਹੋਵੇਗਾ ਕਿਉਂਕਿ ਹੁਣ ਸਰਕਾਰੀ ਦਫਤਰਾਂ ਵਿਚ ਉਸ ਦੀ ਖੱਜਲ-ਖੁਆਰੀ ਹਮੇਸ਼ਾ ਲਈ ਖਤਮ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਨੇ ਅਰਵਿੰਦ ਕੇਜਰੀਵਾਲ ਦੀ ਸੋਚ ਵਿਚੋਂ ਉਪਜੇ ‘ਦਿੱਲੀ ਮਾਡਲ` ਨੂੰ ਅਪਣਾਇਆ ਹੈ ਜਿਸ ਨਾਲ ਸੂਬੇ ਵਿਚ ਜੁਆਬਦੇਹੀ ਅਤੇ ਪਾਰਦਰਸ਼ੀ ਸ਼ਾਸਨ ਵਾਲੇ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਨਾਗਰਿਕ ਕੇਂਦਰਿਤ ਮਾਡਲ ਸਮੁੱਚੇ ਦੇਸ਼ ਵਿਚ ਲਾਗੂ ਹੋਵੇਗਾ ਜਿਸ ਨਾਲ ਦੇਸ਼ ਵਾਸੀਆਂ ਨੂੰ ਬਿਹਤਰ ਸੇਵਾਵਾਂ ਹਾਸਲ ਹੋਣਗੀਆਂ।
ਉਨ੍ਹਾਂ ਕਿਹਾ ਕਿ ਟੌਲ ਫਰੀ ਨੰਬਰ 1076 ਲੋਕਾਂ ਨੂੰ ਉਨ੍ਹਾਂ ਦੇ ਘਰ ਨਿਰਧਾਰਤ ਸਮੇਂ ਵਿੱਚ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਅੱਜ 43 ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ ਪਰ ਸੂਬਾ ਸਰਕਾਰ ਦੀਆਂ 80 ਤੋਂ ਵੱਧ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਦੇ ਰੋਜ਼ਾਨਾ ਦੇ ਕੰਮਕਾਜ ਕਰਵਾਉਣ ਲਈ ਪਾਰਟੀ ਦੇ ਸਾਰੇ ਵਿਧਾਇਕ ਇਸ ਸਕੀਮ ਉਤੇ ਨਿਰੰਤਰ ਨਜ਼ਰ ਰੱਖਣਗੇ ਤਾਂ ਜੋ ਆਮ ਆਦਮੀ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪਿਛਲੀਆਂ ਸਰਕਾਰਾਂ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਆਲੋਚਨਾ ਕਰਦਿਆਂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੀ ਲੇਖਾ-ਜੋਖਾ ਪੇਸ਼ ਕੀਤਾ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਾਰਟੀ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀ ਗਈ ਇਕ-ਇਕ ਗਾਰੰਟੀ ਹਰ ਹਾਲ ਵਿਚ ਪੂਰੀ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਨੇ ਬਰਾਬਰੀ ਵਾਲੇ ਸਮਾਜ ਦਾ ਸੁਫਨਾ ਦੇਖਿਆ ਸੀ ਪਰ ਪਿਛਲੇ 75 ਸਾਲਾਂ ਦੌਰਾਨ ਦੇਸ਼ ਭਗਤਾਂ ਦੇ ਇਹ ਸੁਫਨੇ ਅਧੂਰੇ ਰਹਿ ਗਏ ਕਿਉਂਕਿ ਕਿਸੇ ਨੇ ਵੀ ‘ਸਰਕਾਰ, ਤੁਹਾਡੇ ਦੁਆਰ` ਵਰਗਾ ਕ੍ਰਾਂਤੀਕਾਰੀ ਕਦਮ ਕਦੇ ਵੀ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਜਲਦੀ ਹੀ ਲੋਕਾਂ ਨੂੰ 100 ਫੀਸਦੀ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਦਰ `ਤੇ ਪ੍ਰਾਪਤ ਹੋਣਗੀਆਂ। ਉਨ੍ਹਾਂ ਸੂਬੇ ਵਿਚੋਂ ਭ੍ਰਿਸ਼ਟਾਚਾਰ ਦਾ ਸਫਾਇਆ ਕਰਨ ਲਈ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਜੋਂ ‘ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ` ਸ਼ੁਰੂ ਕੀਤਾ ਸੀ ਅਤੇ ਕਈ ਵੱਡੀਆਂ ਭ੍ਰਿਸ਼ਟ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ ਅਤੇ ਉਨ੍ਹਾਂ ਤੋਂ ਬਰਾਮਦ ਹੋਏ ਪੈਸੇ ਨੂੰ ਸੂਬੇ ਦੇ ਵਿਕਾਸ ਲਈ ਵਰਤਿਆ ਜਾ ਰਿਹਾ ਹੈ।