ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਵੇਲੇ ਸਾਲ 2015 ਵਿਚ ਵਾਪਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਅਤੇ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਅਸਫਲ ਰਹਿਣ ਲਈ ਸਿੱਖ ਪੰਥ ਕੋਲੋਂ ਮੁਆਫੀ ਮੰਗੀ ਹੈ। ਉਹ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿਚ ਸ਼ਾਮਲ ਹੋਣ ਲਈ ਪੁੱਜੇ ਸਨ।
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੇ ਅਸਥਾਨ ‘ਤੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੰਬੋਧਨ ਕਰਦਿਆਂ ਸ੍ਰੀ ਬਾਦਲ ਨੇ ਆਖਿਆ ਕਿ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਆਖਰੀ ਸਮੇਂ ਤੱਕ ਇਸ ਗੱਲ ਦਾ ਦੁੱਖ ਰਿਹਾ ਹੈ ਕਿ ਉਨ੍ਹਾਂ ਦੀ ਪੰਥਕ ਸਰਕਾਰ ਦੇ ਕਾਰਜਕਾਲ ਵਿਚ ਬੇਅਦਬੀ ਦੀ ਘਟਨਾ ਵਾਪਰੀ ਅਤੇ ਉਹ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਸਕੇ। ਉਨ੍ਹਾਂ ਖੁਲਾਸਾ ਕੀਤਾ ਕਿ ਉਸ ਵੇਲੇ ਹਾਲਾਤ ਦੇ ਦਬਾਅ ਕਾਰਨ ਅਕਾਲੀ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਦੇ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਬਾਅਦ ‘ਚ ਆਈਆਂ ਹੁਣ ਤੱਕ ਦੀਆਂ ਸਰਕਾਰਾਂ ਵੀ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਸਕੀਆਂ ਜਦੋਂਕਿ ਉਨ੍ਹਾਂ ਇਸ ਮੁੱਦੇ ‘ਤੇ ਸਿਆਸਤ ਕੀਤੀ ਅਤੇ ਲੋਕਾਂ ਦੇ ਜਜ਼ਬਾਤ ਨਾਲ ਖੇਡਦਿਆਂ ਸਰਕਾਰਾਂ ਬਣਾਈਆਂ। ਉਨ੍ਹਾਂ ਪੰਥ ਕੋਲੋਂ ਬਿਨਾਂ ਸ਼ਰਤ ਮੁਆਫੀ ਮੰਗਦਿਆਂ ਵਾਅਦਾ ਕੀਤਾ ਕਿ ਮੌਕਾ ਮਿਲਣ ‘ਤੇ ਅਕਾਲੀ ਦਲ ਕਥਿਤ ਦੋਸ਼ੀਆਂ ਨੂੰ ਨਾ ਸਿਰਫ ਗ੍ਰਿਫਤਾਰ ਕਰੇਗਾ ਸਗੋਂ ਇਸ ਮੁੱਦੇ ‘ਤੇ ਸਿਆਸਤ ਕਰਨ ਵਾਲਿਆਂ ਨੂੰ ਵੀ ਬੇਨਕਾਬ ਕਰੇਗਾ।
ਸੁਖਬੀਰ ਬਾਦਲ ਨੇ ਬਿਨਾਂ ਕਿਸੇ ਦਾ ਨਾਂ ਲਏ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਅਤੇ ਰੁੱਸੇ ਹੋਏ ਅਕਾਲੀ ਆਗੂਆਂ ਕੋਲੋਂ ਵੀ ਮੁਆਫੀ ਮੰਗੀ ਅਤੇ ਉਨ੍ਹਾਂ ਨੂੰ ਘਰ ਵਾਪਸੀ ਦੀ ਅਪੀਲ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਪੰਥ ਨੂੰ ਦਰਪੇਸ਼ ਚੁਣੌਤੀਆਂ ਦਾ ਇਕੱਠੇ ਹੋ ਕੇ ਸਾਹਮਣਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਤਾਕਤਾਂ ਸ਼੍ਰੋਮਣੀ ਅਕਾਲੀ ਦਲ ਅਤੇ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਇਹ ਤਾਕਤਾਂ ਆਪਣੇ ਮੰਤਵ ਵਿਚ ਸਫਲ ਹੋਈਆਂ ਹਨ, ਜਿਸ ਦਾ ਸਿੱਟਾ ਹੈ ਕਿ 102 ਸਾਲ ਪੁਰਾਣੀ ਸਿੱਖ ਸੰਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਦਿੱਤਾ ਗਿਆ ਹੈ। ਦਿੱਲੀ ਕਮੇਟੀ ਅਤੇ ਪੰਜਾਬ ਤੋਂ ਬਾਹਰਲੇ ਦੋਵੇਂ ਤਖਤਾਂ ਦੇ ਪ੍ਰਬੰਧਕੀ ਬੋਰਡ ਖੋਹ ਲਏ ਗਏ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ 103 ਸਾਲਾਂ ਦੇ ਇਤਿਹਾਸ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਜਥੇਬੰਦੀ ਸਰਕਾਰ ਬਣਾਉਣ ਵਾਸਤੇ ਨਹੀਂ ਸਗੋਂ ਜ਼ੁਲਮਾਂ ਦਾ ਸਾਹਮਣਾ ਕਰਨ ਤੇ ਉਨ੍ਹਾਂ ਦਾ ਵਿਰੋਧ ਕਰਨ ਵਾਸਤੇ ਬਣੀ ਸੀ। ਉਨ੍ਹਾਂ ਸਮੂਹ ਸਿੱਖਾਂ ਨੂੰ ਇਕ ਨਿਸ਼ਾਨ ਹੇਠਾਂ ਇਕੱਠੇ ਹੋਣ ਦੀ ਅਪੀਲ ਕੀਤੀ।
ਇਸੇ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਨੇ ਆਪਣੀਆਂ ‘ਗਲਤੀਆਂ` ਦੀ ਮੁਆਫੀ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਾਂ ਵਰਤ ਕੇ ਸਿੱਖ ਸੰਗਤ ਨੂੰ ਗੁਮਰਾਹ ਕਰਨ ਦਾ ਬੱਜਰ ਗੁਨਾਹ ਕੀਤਾ ਹੈ। ਇਸ ਲਈ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਸੱਦ ਕੇ ਤਨਖ਼ਾਹ ਲਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਹੋ ਕੇ ਮੁਆਫ਼ੀ ਨਹੀਂ ਮੰਗੀ ਸਗੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਚ ਰੱਖੇ ਪਾਰਟੀ ਸਮਾਗਮ ਵਿਚ ਮੁਆਫ਼ੀ ਮੰਗਣ ਦਾ ਨਾਟਕ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਸੁਖਬੀਰ ਸਿੰਘ ਬਾਦਲ ਨੇ ਸੱਚੇ ਦਿਲੋਂ ਮੁਆਫ਼ੀ ਮੰਗਣੀ ਹੁੰਦੀ ਤਾਂ ਉਹ ਪੰਥਕ ਪਰੰਪਰਾਵਾਂ ਅਨੁਸਾਰ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੰਜ ਪਿਆਰਿਆਂ ਅੱਗੇ ਪੇਸ਼ ਹੁੰਦੇ ਤੇ ਆਪਣੇ ਗੁਨਾਹਾਂ ਨੂੰ ਕਬੂਲ ਕੇ ਖਿਮਾ ਮੰਗਦੇ।
ਸੁਖਬੀਰ ਨੇ ਮੁਆਫੀ ਦਾ ਢੌਂਗ ਰਚ ਕੇ ਬੇਅਦਬੀ ਕੀਤੀ: ਕਾਲਕਾ
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਇਕ ਖੂੰਜੇ ਵਿਚ ਮੁਆਫੀ ਮੰਗਣ ਦਾ ਢੌਂਗ ਰਚ ਕੇ ਸਭ ਤੋਂ ਵੱਡੀ ਬੇਅਦਬੀ ਕੀਤੀ ਹੈ। ਸ੍ਰੀ ਕਾਲਕਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਦੀ ਹਦਾਇਤ ‘ਤੇ ਸੁਖਬੀਰ ਬਾਦਲ ਨੇ ਇਹ ਡਰਾਮਾ ਕੀਤਾ ਹੈ? ਜੇਕਰ ਨਹੀਂ ਤਾਂ ਫਿਰ ਉਹ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ ਕਰ ਕੇ ਸਵਾਲ ਪੁੱਛਣ ਕਿ ਇਹ ਢੌਂਗ ਕਿਉਂ ਰਚਿਆ ਗਿਆ ਹੈ? ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਇਹ ਦੱਸਣ ਕਿ ਕੀ 8 ਸਾਲਾਂ ਬਾਅਦ ਉਨ੍ਹਾਂ ਨੂੰ ਸੋਝੀ ਆਈ ਹੈ ਕਿ ਕੌਮ ਕੋਲੋਂ ਮੁਆਫੀ ਮੰਗਣੀ ਹੈ?