ਬੰਦੀ ਸਿੰਘਾਂ ਦੀ ਰਿਹਾਈ: ਸ਼੍ਰੋਮਣੀ ਕਮੇਟੀ ਵੱਲੋਂ ਅਮਿਤ ਸ਼ਾਹ ਨੂੰ ਜਵਾਬ

ਮਾਛੀਵਾੜਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਇਨਸਾਫ ਦੀ ਲੜਾਈ ਲੜ ਰਹੀ ਹੈ ਅਤੇ ਉਹ ਕੇਂਦਰ ਤੋਂ ਕੋਈ ਭੀਖ ਨਹੀਂ ਮੰਗ ਰਹੇ ਹਨ।

ਉਨ੍ਹਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤੇ ਬਿਆਨ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਉਹ ਇਸ ਮੁੱਦੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਦਾ ਯਤਨ ਕਰਨਗੇ। ਯਾਦ ਰਹੇ ਕਿ ਅਮਿਤ ਸ਼ਾਹ ਨੇ ਸੰਸਦ ਵਿਚ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸਵਾਲ ਉਤੇ ਆਖਿਆ ਸੀ ਕਿ ‘ਜਿਨ੍ਹਾਂ ਨੂੰ ਆਪਣੇ ਕੀਤੇ ਉਤੇ ਪਛਤਾਵਾ ਹੀ ਨਹੀਂ, ਉਨ੍ਹਾਂ ਕਿਸ ਗੱਲ ਦੀ ਮੁਆਫੀ ਦਈਏ।‘ ਸ੍ਰੀ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਹੋਰ ਕੈਦੀਆਂ ਨੂੰ ਛੱਡਿਆ ਹੈ, ਉਹ ਕਿਹੜੀਆਂ ਮੁਆਫ਼ੀਆਂ ਮੰਗ ਕੇ ਛੱਡੇ ਗਏ ਹਨ, ਇਸ ਲਈ ਗੁਰੂ ਸਾਹਿਬ ਦੇ ਸਿਧਾਂਤ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਨੂੰ ਮੁੱਖ ਰੱਖਦਿਆਂ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਗੰਭੀਰਤਾ ਦਿਖਾਵੇ।
ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮੁੱਦੇ ‘ਤੇ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ ਜਿਸ ਦਾ ਜਵਾਬ ਆਇਆ ਹੈ ਕਿ ਇਸ ਮਾਮਲੇ ਬਾਰੇ ਕੇਂਦਰੀ ਗ੍ਰਹਿ ਮੰਤਰੀ ਨਾਲ ਸੰਪਰਕ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਹ ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਦੋ ਮੀਟਿੰਗਾਂ ਕਰ ਚੁੱਕੇ ਹਨ ਪਰ ਇਸ ਬਾਰੇ ਗੱਲਾਂ ਨੂੰ ਜਨਤਕ ਨਹੀਂ ਕਰ ਸਕਦੇ।
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਭਾਈ ਰਾਜੋਆਣਾ ਨੂੰ ਲੋਕ ਸਭਾ ਚੋਣਾਂ ਲੜਨ ਦੇ ਮੁੱਦੇ ਬਾਰੇ ਪੁੱਛੇ ਜਾਣ ‘ਤੇ ਧਾਮੀ ਨੇ ਕਿਹਾ ਕਿ ਬਿੱਟੂ ਨੂੰ ਤਾਂ ਰਾਤ ਨੂੰ ਸੁਫਨਿਆਂ ਵਿਚ ਵੀ ਭਾਈ ਰਾਜੋਆਣਾ ਅਤੇ ਸ਼੍ਰੋਮਣੀ ਕਮੇਟੀ ਦਿਖਾਈ ਦਿੰਦੀ ਹੈ, ਉਹ ਸਿਆਸੀ ਰੋਟੀਆਂ ਸੇਕ ਰਿਹਾ ਹੈ ਕਿਉਂਕਿ ਉਸ ਨੇ ਲੋਕ ਸਭਾ ਚੋਣਾਂ ਵਿਚ ਵੋਟਾਂ ਬਟੋਰਨੀਆਂ ਹਨ। ਭਾਈ ਰਾਜੋਆਣਾ ਕੋਈ ਸਿਆਸੀ ਆਗੂ ਨਹੀਂ ਹੈ ਜੋ ਚੋਣਾਂ ਲੜਨ। ਉਨ੍ਹਾਂ ਕਿਹਾ ਕਿ ਸ਼ਹੀਦੀ ਪੰਦਰਵਾੜੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਵਾਪਸ ਲੈ ਕੇ ਠੀਕ ਕੀਤਾ ਹੈ।