ਬਹਿਬਲ-ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਇਨਸਾਫ ਦੀ ਆਸ ਬੱਝੀ

ਫਰੀਦਕੋਟ: ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਸਬੰਧੀ ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਸੀਲਬੰਦ ਸਟੇਟਸ ਰਿਪੋਰਟ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਪੇਸ਼ ਕਰ ਦਿੱਤੀ ਹੈ। ਇਹ ਰਿਪੋਰਟ 20 ਜਨਵਰੀ ਨੂੰ ਅਦਾਲਤ ਵਿਚ ਖੋਲ੍ਹੇ ਜਾਣ ਦੀ ਸੰਭਾਵਨਾ ਹੈ।

ਅਦਾਲਤ ਵਿਚ ਕੇਸ ਦੀ ਸੁਣਵਾਈ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਤਤਕਾਲੀ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਹੋਏ ਜਦੋਂ ਕਿ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ, ਸੁਹੇਲ ਸਿੰਘ ਬਰਾੜ ਅਤੇ ਸਾਬਕਾ ਐਸ.ਐਚ.ਓ. ਅਮਰਜੀਤ ਸਿੰਘ ਨਿੱਜੀ ਤੌਰ ‘ਤੇ ਅਦਾਲਤ ਵਿਚ ਹਾਜਰ ਸਨ। ਅਦਾਲਤ ਨੇ ਕਿਹਾ ਕਿ ਬਹਿਬਲ ਅਤੇ ਕੋਟਕਪੂਰਾ ਗੋਲੀ ਕਾਂਡ ਵਿਚ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ 20 ਜਨਵਰੀ ਨੂੰ ਬਹਿਸ ਸੁਣੀ ਜਾਵੇਗੀ। ਅਦਾਲਤ ‘ਚ ਸਟੇਟਸ ਰਿਪੋਰਟ ਪੇਸ਼ ਹੋਣ ਤੋਂ ਬਾਅਦ ਪਿਛਲੇ ਦੋ ਸਾਲਾਂ ਤੋਂ ਗੋਲੀ ਕਾਂਡ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਲੱਗੇ ਇਨਸਾਫ ਮੋਰਚੇ ਨੂੰ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਮੋਰਚੇ ਦੀ ਅਗਵਾਈ ਕਰ ਰਹੇ ਸੁਖਰਾਜ ਸਿੰਘ ਨਿਆਮੀਵਾਲਾ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਨੇ ਬਹਿਬਲ ਗੋਲੀ ਕਾਂਡ ਬਾਰੇ ਆਪਣੀ ਸਟੇਟਸ ਰਿਪੋਰਟ ਸੀਲਬੰਦ ਲਿਫਾਫੇ ਵਿਚ ਅਦਾਲਤ ਸਾਹਮਣੇ ਪੇਸ਼ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੀ ਕਾਰਵਾਈ ਤੋਂ ਸੰਤੁਸ਼ਟ ਹਨ।
ਡੀ.ਐਸ.ਪੀ. ਆਸਵੰਤ ਸਿੰਘ ਨੇ ਕਿਹਾ ਕਿ ਜਾਂਚ ਟੀਮ ਨੇ ਆਪਣੀ ਸਟੇਟਸ ਰਿਪੋਰਟ ਅਦਾਲਤ ਵਿਚ ਪੇਸ਼ ਕਰ ਦਿੱਤੀ ਹੈ। ਇਨ੍ਹਾਂ ਕੇਸਾਂ ਵਿਚ ਨਾਮਜ਼ਦ ਮੁਲਜ਼ਮਾਂ ਨੇ ਜਾਂਚ ਟੀਮ ਦੀ ਰਿਪੋਰਟ ਨੂੰ ਨਿਰਆਧਾਰ ਕਹਿੰਦਿਆਂ ਖਾਰਜ ਕਰਨ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਸਾਬਕਾ ਜਾਂਚ ਅਧਿਕਾਰੀ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਵੀ ਅਦਾਲਤ ਵਿਚ ਅਰਜ਼ੀ ਦੇ ਕੇ ਮੰਗ ਕੀਤੀ ਕਿ ਉਨ੍ਹਾਂ ਖ਼ਿਲਾਫ਼ ਕੋਈ ਵੀ ਟਿੱਪਣੀ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਪੱਖ ਜਰੂਰ ਸੁਣਿਆ ਜਾਵੇ। ਗੋਲੀ ਕਾਂਡ ਦੇ ਗਵਾਹਾਂ ਨੇ ਪਿਛਲੇ ਸਮੇਂ ਆਈ.ਜੀ. ਕੁੰਵਰ ਵਿਜੈ ਪ੍ਰਤਾਪ ‘ਤੇ ਵੀ ਦੋਸ਼ ਲਾਏ ਸਨ।
ਜ਼ਿਕਰਯੋਗ ਹੈ ਕਿ 2015 ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਰੋਸ ਪ੍ਰਗਟ ਕਰ ਰਹੀ ਸਿੱਖ ਸੰਗਤਾਂ ‘ਤੇ ਚੱਲੀਆਂ ਗੋਲੀਆਂ ਦੌਰਾਨ ਬਹਿਬਲ ਕਲਾਂ ਦੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਸਰਾਵਾਂ ਦੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ। ਮਰਹੂਮ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਵੱਲੋਂ ਦੋ ਸਾਲ ਪਹਿਲਾਂ ਘਟਨਾ ਵਾਲੀ ਥਾਂ ‘ਤੇ ਇਨਸਾਫ ਮੋਰਚਾ ਸ਼ੁਰੂ ਕੀਤਾ ਗਿਆ ਸੀ। ਮੋਰਚੇ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਸੀ। ਸੁਖਰਾਜ ਸਿੰਘ ਨੇ ਆਖਿਆ ਕਿ ਪਿਛਲੇ ਲੰਬੇ ਸਮੇਂ ਤੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦਾ ਟਰਾਇਲ ਕੋਰਟ ਵਿਚ ਨਹੀਂ ਚੱਲ ਰਿਹਾ ਸੀ ਜਿਸ ਕਰ ਕੇ ਉਨ੍ਹਾਂ ਨੂੰ ਇਨਸਾਫ ਮਿਲਣ ਦੀ ਆਸ ਮੱਧਮ ਪੈਂਦੀ ਦਿਖਾਈ ਦੇ ਰਹੀ ਸੀ। ਹੁਣ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਸਬੰਧੀ ਬਣੀ ਵਿਸ਼ੇਸ਼ ਜਾਂਚ ਟੀਮ ਵੱਲੋਂ ਅਦਾਲਤ ਵਿਚ ਇਸ ਮਾਮਲੇ ਸਬੰਧੀ ਸਟੇਟਸ ਰਿਪੋਰਟ ਦਾਖਲ ਕਰ ਦਿੱਤੀ ਗਈ ਸੀ ਅਤੇ ਅਦਾਲਤ ਵੱਲੋਂ ਹੁਣ ਇਸ ਮਾਮਲੇ ਦੀ ਸੁਣਵਾਈ ਜਨਵਰੀ ਮਹੀਨੇ ‘ਤੇ ਪਾ ਦਿੱਤੀ ਗਈ ਹੈ। ਅਦਾਲਤ ਵਿਚ ਮਾਮਲੇ ਦੀ ਸੁਣਵਾਈ ਸ਼ੁਰੂ ਹੋਣ ਨਾਲ ਇਨਸਾਫ ਮੋਰਚੇ ਦੀ ਮੰਗ ਪ੍ਰਵਾਨ ਚੜ੍ਹ ਗਈ ਹੈ।
ਧੰਨਵਾਦੀ ਸਮਾਗਮ ਨਾਲ ਬੇਅਦਬੀ ਇਨਸਾਫ ਮੋਰਚਾ ਚੁੱਕਿਆ
ਫਰੀਦਕੋਟ: ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਕੌਮੀ ਮਾਰਗ ‘ਤੇ ਪਿਛਲੇ ਦੋ ਸਾਲ ਤੋਂ ਚੱਲ ਰਿਹਾ ਬੇਅਦਬੀ ਇਨਸਾਫ ਮੋਰਚਾ ਸਮਾਪਤ ਕਰ ਦਿੱਤਾ ਗਿਆ। ਬਹਿਬਲ ਕਲਾਂ ਦੀ ਅਨਾਜ ਮੰਡੀ ਵਿਚ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਧੰਨਵਾਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਅਰਦਾਸ ਕੀਤੀ ਗਈ ਅਤੇ ਮੋਰਚੇ ਦੀ ਅਗਲੀ ਲੜਾਈ ਅਦਾਲਤ ਵਿਚ ਕਾਨੂੰਨੀ ਚਾਰਾਜੋਈ ਨਾਲ ਲੜੇ ਜਾਣ ਦਾ ਐਲਾਨ ਲਿਆ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਅੰਮ੍ਰਿਤਸਰ ਦੱਖਣੀ ਤੋਂ ‘ਆਪ‘ ਵਿਧਾਇਕ ਇੰਦਰਜੀਤ ਸਿੰਘ ਨਿੱਜਰ ਸ਼ਾਮਲ ਹੋਏ।