ਫ਼ਤਹਿਗੜ੍ਹ ਸਾਹਿਬ: ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਵਿਚ ਵੱਡੀ ਗਿਣਤੀ ਸੰਗਤ ਫਤਹਿਗੜ੍ਹ ਸਾਹਿਬ ਨਤਮਸਤਕ ਹੋਈ।
ਇਸ ਤੋਂ ਪਹਿਲਾਂ ਚਮਕੌਰ ਸਾਹਿਬ ਵਿਖੇ ਵੱਡੇ ਸਾਹਿਬਜ਼ਾਦਿਆਂ ਅਤੇ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਨੂੰ ਸਮਰਪਿਤ ਤਿੰਨ ਰੋਜ਼ਾ ਸਹੀਦੀ ਜੋੜ ਮੇਲ ਮੌਕੇ ਸੰਗਤਾਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ, ਗੁਰਦੁਆਰਾ ਸ੍ਰੀ ਤਾੜੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਸਣੇ ਹੋਰ ਗੁਰਦੁਆਰਿਆਂ ਵਿਚ ਨਤਮਸਤਕ ਹੋਈਆਂ।
ਚਮਕੌਰ ਸਾਹਿਬ ਦੀ ਧਰਤੀ ‘ਤੇ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਦੇ ਆਖਰੀ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਦੇ ਨਾਲ ਹੀ ਨਿਹੰਗ ਸਿੰਘਾਂ ਨੇ ਵੀ ਮਹੱਲਾ ਕੱਢਿਆ ਜਿਸ ਮਗਰੋਂ ਤਿੰਨ ਰੋਜ਼ਾ ਸ਼ਹੀਦੀ ਸਮਾਗਮਾਂ ਦੀ ਸਮਾਪਤੀ ਹੋਈ। ਸ੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ, ਅਤੇ ਹੋਰ ਮਹਾਨ ਸ਼ਹੀਦ ਸਿੰਘਾਂ ਨੂੰ ਸਮਰਪਿਤ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ। ਇਸ ਨਗਰ ਕੀਰਤਨ ਦੇ ਰਵਾਨਾ ਹੋਣ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਕੀਤੀ ਗਈ। ਨਗਰ ਕੀਰਤਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਆਦਿ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਪਹੁੰਚ ਕੇ ਸਮਾਪਤ ਹੋਇਆ। ਇਸ ਦੌਰਾਨ ਮੀਰੀ-ਪੀਰੀ ਅਖਾੜਾ ਤੇ ਅਕਾਲ ਅਕੈਡਮੀ ਦੇ ਸਿੰਘਾਂ ਨੇ ਗਤਕੇ ਦੇ ਜੌਹਰ ਦਿਖਾਏ।