ਅੰਮ੍ਰਿਤਸਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਸਬੰਧਤ ਤਤਕਾਲੀ ਅਧਿਕਾਰੀਆਂ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਦੀ ਅਗਲੀ ਸੁਣਵਾਈ 9 ਅਪਰੈਲ ਨੂੰ ਤੈਅ ਕੀਤੀ ਹੈ। ਉੱਚ ਅਦਾਲਤ ਵਿਚ ਇਹ ਪਟੀਸ਼ਨ ਜਥੇਦਾਰ ਕਾਉਂਕੇ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸੀਨੀਅਰ ਐਡਵੋਕਟ ਪੂਰਨ ਸਿੰਘ ਹੁੰਦਲ ਰਾਹੀਂ ਦਾਇਰ ਕੀਤੀ ਗਈ ਸੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਕਾਨੂੰਨੀ ਵਿੰਗ ਦੇ ਮੁਖੀ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਜਥੇਦਾਰ ਕਾਉਂਕੇ ਦੇ ਕਤਲ ਸਬੰਧੀ ਸਾਬਕਾ ਆਈ.ਪੀ.ਐਸ. ਅਧਿਕਾਰੀ ਬੀਪੀ ਤਿਵਾੜੀ ਦੀ ਰਿਪੋਰਟ ਸਾਹਮਣੇ ਆਉਣ ਮਗਰੋਂ ਉੱਚ ਅਦਾਲਤ ਵਿਚ ਪਾਈ ਪਟੀਸ਼ਨ ਉਤੇ ਅਹਿਮ ਸੁਣਵਾਈ ਹੋਈ ਹੈ, ਜਿਸ ਤਹਿਤ ਪੰਜਾਬ ਸਰਕਾਰ ਅਤੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਤਤਕਾਲੀ ਪੁਲਿਸ ਅਧਿਕਾਰੀਆਂ ਵੱਲੋਂ ਉੱਚ ਅਦਾਲਤ ਵਿਚ ਉਸ ਸਮੇਂ ਕਥਿਤ ਗਲਤ ਹਲਫ਼ਨਾਮੇ ਦਾਇਰ ਕਰਕੇ ਇਹ ਕਿਹਾ ਗਿਆ ਸੀ ਕਿ ਜਥੇਦਾਰ ਕਾਉਂਕੇ ਪੁਲਿਸ ਹਿਰਾਸਤ ਵਿਚ ਨਹੀਂ ਹਨ। ਇਸ ਨੂੰ ਚੁਣੌਤੀ ਦਿੰਦਿਆਂ ਜਥੇਦਾਰ ਕਾਉਂਕੇ ਦੇ ਪਰਿਵਾਰ ਰਾਹੀਂ ਪਾਈ ਪਟੀਸ਼ਨ ਉਤੇ ਉੱਚ ਅਦਾਲਤ ਨੇ ਮਾਮਲੇ ‘ਤੇ ਸੁਣਵਾਈ ਸ਼ੁਰੂ ਕਰਦਿਆਂ ਨੋਟਿਸ ਜਾਰੀ ਕੀਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਪਰੈਲ ਨਿਰਧਾਰਤ ਕੀਤੀ ਗਈ ਹੈ। ਐਡਵੋਕੇਟ ਸਿਆਲਕਾ ਨੇ ਦੱਸਿਆ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਮਲੇ ‘ਚ ਕਾਨੂੰਨੀ ਮਾਹਰਾਂ ਦੀ ਕਮੇਟੀ ਬਣਾ ਕੇ ਪੈਰਵੀ ਦੀ ਜ਼ਿੰਮੇਵਾਰੀ ਸੌਂਪੀ ਸੀ, ਜਿਸ ਤਹਿਤ ਕਾਰਵਾਈ ਜਾ ਰਹੀ ਹੈ।