ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ 29 ਮਾਰਚ ਨੂੰ ਪੇਸ਼ ਹੋਵੇਗਾ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 29 ਮਾਰਚ ਨੂੰ ਹੋਵੇਗਾ। ਇਹ ਫੈਸਲਾ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੌਜਵਾਨਾਂ ਨੂੰ ਪੀ.ਸੀ.ਐਸ. ਜੁਡੀਸ਼ਰੀ ਦੀ ਤਿਆਰੀ ਕਰਵਾਉਣ ਲਈ ਇਕ ਅਕਾਦਮੀ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ।

ਇਥੇ ਸ਼੍ਰੋਮਣੀ ਕਮੇਟੀ ਦਫਤਰ ਵਿਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਮੀਟਿੰਗ ਹੋਈ ਜਿਸ ਵਿਚ ਕਈ ਅਹਿਮ ਫੈਸਲੇ ਕੀਤੇ ਗਏ। ਐਡਵੋਕੇਟ ਧਾਮੀ ਨੇ ਦੱਸਿਆ ਕਿ ਅਗਲੇ ਵਿੱਤੀ ਵਰ੍ਹੇ ਦਾ ਬਜਟ 29 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੌਜਵਾਨਾਂ ਨੂੰ ਪੀ.ਸੀ.ਐਸ. ਜੁਡੀਸ਼ਰੀ ਦੀ ਤਿਆਰੀ ਕਰਵਾਉਣ ਲਈ ਇਕ ਅਕਾਦਮੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਚ ਸਥਾਪਤ ਕੀਤੀ ਜਾਵੇਗੀ ਜਿਸ ਵਿਚ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਕਰਵਾਉਣ ਦੇ ਨਾਲ-ਨਾਲ ਰਿਹਾਇਸ਼ ਤੇ ਖਾਣੇ ਦਾ ਪ੍ਰਬੰਧ ਹੋਵੇਗਾ। ਅਕਾਦਮੀ ਵਿਚ ਨਿਰੋਲ ਮੈਰਿਟ ਦੇ ਆਧਾਰ ‘ਤੇ ਦਾਖ਼ਲਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਮਾਮਲੇ ਨੂੰ ਪੰਜਾਬ ਸਰਕਾਰ ਸੰਜੀਦਗੀ ਨਾਲ ਨਹੀਂ ਲੈ ਰਹੀ। ਉਨ੍ਹਾਂ ਮੰਗ ਕੀਤੀ ਕਿ ਜੇਲ੍ਹ ਵਿਚ ਬੰਦ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕੀਤਾ ਜਾਵੇ ਅਤੇ ਮਨੁੱਖੀ ਅਧਿਕਾਰਾਂ ਨੂੰ ਯਕੀਨੀ ਬਣਾਇਆ ਜਾਵੇ। ਐਡਵੋਕੇਟ ਧਾਮੀ ਨੇ ਪਾਕਿਸਤਾਨ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਰਮੇਸ਼ ਸਿੰਘ ਅਤੇ ਜਨਰਲ ਸਕੱਤਰ ਬੀਬੀ ਸਤਵੰਤ ਕੌਰ ਸਮੇਤ ਚੁਣੇ ਮੈਂਬਰਾਂ ਨੂੰ ਵੀ ਵਧਾਈ ਦਿੱਤੀ।