ਪੰਜਾਬ ਸਰਕਾਰ ਦੀ ਆਮਦਨ ਵਿਚ ਚੋਖੇ ਵਾਧੇ ਦਾ ਦਾਅਵਾ ਕੀਤਾ

ਚੰਡੀਗੜ੍ਹ: ਇਕ ਮਹੱਤਵਪੂਰਨ ਪ੍ਰਾਪਤੀ ਹਾਸਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਵਿਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ ਮਾਲੀਆ ਸੰਗ੍ਰਹਿ ਵਿਚ 11.71 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ।

ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਰਚ 2022 ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਸੂਬਾ ਵਿੱਤੀ ਸੁਧਾਰਾਂ ਦੀ ਗਵਾਹੀ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਵਿਚ ਫਰਵਰੀ ਤੱਕ ਕੁੱਲ ਜੀ.ਐਸ.ਟੀ ਪ੍ਰਾਪਤੀ ਵਿੱਤੀ ਸਾਲ 2022-23 ਦੀ ਇਸੇ ਮਿਆਦ ਦੌਰਾਨ ਇਕੱਤਰ ਕੀਤੇ 16615.52 ਕਰੋੜ ਰੁਪਏ ਦੇ ਮੁਕਾਬਲੇ 19222.5 ਕਰੋੜ ਰੁਪਏ ਰਹੀ, ਅਤੇ 2606.98 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਬਕਾਰੀ ਤੋਂ ਮਾਲੀਏ ਵਿਚ ਵਾਧਾ ਵੀ 8093.59 ਕਰੋੜ ਰੁਪਏ ਦੇ ਸੰਗ੍ਰਹਿ ਦੇ ਨਾਲ 842.72 ਕਰੋੜ ਰੁਪਏ ਦਾ ਸ਼ਾਨਦਾਰ ਵਾਧਾ ਦਰਸਾਉਂਦਾ ਹੈ, ਜਦੋਂ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ 7244.87 ਕਰੋੜ ਰੁਪਏ ਪ੍ਰਾਪਤ ਹੋਏ ਸਨ।
ਉਨ੍ਹਾਂ ਕਿਹਾ ਕਿ ਬਿਹਤਰ ਯੋਜਨਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਦਕਾ ਰਾਜ ਨੇ ਫਰਵਰੀ ਦੇ ਅੰਤ ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ, ਅਤੇ ਆਬਕਾਰੀ ਤੋਂ 34,158 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕਰਦਿਆਂ ਸ਼ੁੱਧ ਕਰ ਮਾਲੀਏ ਵਿਚ 13.85 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ ਕਿ ਇਹ ਅੰਕੜੇ ਸਿਰਫ਼ ਗਿਣਤੀ ਨਹੀਂ ਬਲਕਿ ਪੰਜਾਬ ਦੇ ਲੋਕਾਂ ਵੱਲੋਂ ਸਾਡੀ ਸਰਕਾਰ ਵਿਚ ਰੱਖੇ ਭਰੋਸੇ ਨੂੰ ਦਰਸਾਉਂਦੇ ਹਨ ਅਤੇ ਪੰਜਾਬ ਸਰਕਾਰ ਇਸ ਮਾਲੀਏ ਦੀ ਵਰਤੋਂ ਮਹੱਤਵਪੂਰਨ ਜਨਤਕ ਸੇਵਾਵਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਮਾਜ ਭਲਾਈ ਲਈ ਅਜਿਹੇ ਪ੍ਰੋਗਰਾਮ ਵਿਚ ਜ਼ਿੰਮੇਵਾਰੀ ਨਾਲ ਖਰਚ ਕਰਨ ਲਈ ਸਮਰਪਿਤ ਹੈ ਜੋ ਪੰਜਾਬ ਵਾਸੀਆਂ ਦੇ ਜੀਵਨ ਨੂੰ ਹੋਰ ਉੱਚਾ ਚੁੱਕਣ।
ਮੌਜੂਦਾ ਰਾਜ ਸਰਕਾਰ ਦੁਆਰਾ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ) ਅਤੇ ਜੀ.ਐਸ.ਟੀ ਪ੍ਰਾਈਮ ਪੋਰਟਲ ਦੀ ਸ਼ੁਰੂਆਤ ਦਾ ਹਵਾਲਾ ਦਿੰਦੇ ਹੋਏ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਤਕਨਾਲੋਜੀ ਦੁਆਰਾ ਸੰਚਾਲਿਤ ਪ੍ਰਣਾਲੀ ਦੇ ਲਾਗੂ ਹੋਣ ਨਾਲ ਜੀ.ਐਸ.ਟੀ ਅਤੇ ਆਬਕਾਰੀ ਮਾਲੀਆ ਪ੍ਰਾਪਤ ਕਰਨ ਦੀ ਸਮਰੱਥਾ, ਪਾਰਦਰਸ਼ਤਾ ਅਤੇ ਪਾਲਣਾ ਵਿਚ ਸੁਧਾਰ ਹੋਇਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਜੀ.ਐਸ.ਟੀ ਅਤੇ ਆਬਕਾਰੀ ਸੰਗ੍ਰਹਿ ਵਿਚ ਇਹ ਬੇਮਿਸਾਲ ਵਾਧਾ ਪੰਜਾਬ ਦੇ ਆਰਥਿਕ ਲਚਕੀਲੇਪਣ ਅਤੇ ਚੰਗੇ ਵਿੱਤੀ ਪ੍ਰਬੰਧਨ ਲਈ ਸਾਡੀ ਸਰਕਾਰ ਦੀ ਅਟੁੱਟ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਰ ਪ੍ਰਸ਼ਾਸਨ ਨੂੰ ਸਫਲਤਾਪੂਰਵਕ ਢੰਗ ਨਾਲ ਸੁਚਾਰੂ ਬਣਾਇਆ ਹੈ, ਚੋਰੀ ਨੂੰ ਰੋਕਿਆ ਹੈ, ਅਤੇ ਇਕ ਕਾਰੋਬਾਰ-ਅਨੁਕੂਲ ਮਾਹੌਲ ਬਣਾਇਆ ਹੈ ਜਿਸ ਨੇ ਕਰ ਪਾਲਣਾ ਨੂੰ ਉਤਸ਼ਾਹਿਤ ਕੀਤਾ ਹੈ।