ਸਿੱਖਾਂ ਨੂੰ ਸ਼ਾਸਤਰ ਤੇ ਸ਼ਸਤਰ ਦੇ ਧਾਰਨੀ ਹੋਣ ਦੀ ਤਾਕੀਦ

ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਖ਼ਾਲਸਾ ਪੰਥ ਦੀ ਚੜ੍ਹਦੀਕਲਾ ਦੇ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ-ਮਹੱਲਾ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਿੱਖ ਕੌਮ ਦੇ ਨਾਂ ਸੰਦੇਸ਼ ਦਿੰਦਿਆਂ ਹੋਲਾ-ਮਹੱਲਾ ਦੀ ਸਮੁੱਚੀ ਸਿੱਖ ਕੌਮ ਨੂੰ ਵਧਾਈ ਦਿੰਦਿਆਂ ਅੰਮ੍ਰਿਤਧਾਰੀ ਹੋ ਕੇ ਸ਼ਾਸਤਰ ਤੇ ਸ਼ਸਤਰ ਦੇ ਧਾਰਨੀ ਹੋਣ ਦੀ ਤਾਕੀਦ ਕੀਤੀ ਹੈ।

ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਅੱਜ ਸਿੱਖਾਂ ਨੂੰ ਏਕਤਾ ਦੇ ਸੂਤਰ ਵਿਚ ਬੱਝਣ ਦੀ ਵੱਡੀ ਲੋੜ ਹੈ। ਜਦੋਂ ਤੱਕ ਸਿੱਖ ਭਾਈਚਾਰਕ ਤੌਰ ਉਤੇ ਇਤਫ਼ਾਕ ਕਾਇਮ ਨਹੀਂ ਕਰਦੇ, ਸਰਕਾਰਾਂ ਧੱਕਾ ਕਰਦੀਆਂ ਰਹਿਣਗੀਆਂ। ਉਨ੍ਹਾਂ ਆਖਿਆ ਕਿ ਅੱਜ ਪੰਜਾਬ ਦੇ ਕਿਸਾਨ ਆਪਣੇ ਹੱਕ ਲੈਣ ਲਈ ਸੜਕਾਂ ਉਤੇ ਰੁਲ ਰਹੇ ਹਨ ਪਰ ਜਦੋਂ ਸੱਤਾਧਾਰੀ ਵੋਟਾਂ ਮੰਗਣ ਆਉਣ ਤਾਂ ਆਮ ਲੋਕ ਉਨ੍ਹਾਂ ਦੀ ਜਵਾਬਦੇਹੀ ਜ਼ਰੂਰ ਕਰਨ। ਉਨ੍ਹਾਂ ਆਖਿਆ ਕਿ ਬੰਦੀ ਸਿੰਘ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ ਅਤੇ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਜੇਕਰ ਆਪਣੇ ਹੱਕਾਂ ਲਈ ਹਥਿਆਰ ਚੁੱਕਣ ਵਾਲੇ ਬੰਦੀ ਸਿੰਘ ਅਤਿਵਾਦੀ ਸਨ ਤਾਂ ਸਾਰਾ ਖ਼ਾਲਸਾ ਪੰਥ ਹੀ ਅਤਿਵਾਦੀ ਹੈ, ਕਿਉਂਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਖ਼ਾਲਸਾ ਪੰਥ ਨੂੰ ਗੁਰੂ ਸਾਹਿਬਾਨ ਨੇ ਸਿਖਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢ ਕੇ ਅੰਮ੍ਰਿਤਧਾਰੀ ਬਣਾਉਣ ਅਤੇ ਧਰਮ ਪ੍ਰਚਾਰ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀ ਸਿੰਘਾਂ ਦਾ ਕੀ ਗੁਨਾਹ ਸੀ, ਜਿਨ੍ਹਾਂ ਨੂੰ ਸਰਕਾਰ ਨੇ ਪੰਜਾਬ ਤੋਂ ਸੈਂਕੜੇ ਕਿਲੋਮੀਟਰ ਦੂਰ ਡਿਬਰੂਗੜ੍ਹ ਦੀ ਜੇਲ੍ਹ ਵਿਚ ਐਨ.ਐਸ.ਏ. ਲਗਾ ਕੇ ਨਜ਼ਰਬੰਦ ਕੀਤਾ ਹੋਇਆ ਹੈ। ਜੇਕਰ ਧਰਮ ਪ੍ਰਚਾਰ ਕਰਨਾ ਗੁਨਾਹ ਹੈ ਤਾਂ ਇਹ ਗੁਨਾਹ ਹਰ ਸਿੱਖ ਕਰੇਗਾ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੇਂਦਰ ਸਰਕਾਰ ‘ਤੇ ਸਿੱਖਾਂ ਨੂੰ ਧਾਰਮਿਕ, ਆਰਥਿਕ, ਸਮਾਜਿਕ, ਰਾਜਨੀਤਕ, ਸਭਿਆਚਾਰਕ ਅਤੇ ਭੂਗੋਲਿਕ ਤੌਰ ਉਤੇ ਕਮਜ਼ੋਰ ਕਰਨ ਦੇ ਦੋਸ਼ ਲਾਉਂਦਿਆਂ ਆਖਿਆ ਹੈ ਕਿ ਪੰਜਾਬ ਦੇ ਲੋਕਾਂ ਕੋਲੋਂ ਖੇਤੀਬਾੜੀ ਵਰਗਾ ਸਵੈਮਾਣ ਵਾਲਾ ਕਿੱਤਾ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੇ ਮਾਰੂ ਹੀਲੇ ਵਰਤੇ ਜਾ ਰਹੇ ਹਨ। ਸਰਕਾਰ ਪੰਜਾਬ ਦੇ ਲੋਕਾਂ ਨੂੰ ਮੁਸੀਬਤ ਵਿਚੋਂ ਕੱਢਣ ਦੀ ਥਾਂ ਮੁਸੀਬਤਾਂ ਵਿਚ ਫਸਾ ਰਹੀ ਹੈ। ਇਸ ਲਈ ਪੰਜਾਬ ਵਾਸੀਆਂ ਨੂੰ ਅਜਿਹੀਆਂ ਚਾਲਾਂ ਤੋਂ ਸੁਚੇਤ ਹੋਣ ਦੀ ਲੋੜ ਹੈ।