ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਚੜ੍ਹਿਆ ਸਿਆਸੀ ਰੰਗ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜ਼ਿਲ੍ਹਾ ਸੰਗਰੂਰ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਵਿਧਾਨ ਸਭਾ ਹਲਕੇ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਨੂੰ ਸਿਆਸੀ ਰੰਗ ਚੜ੍ਹ ਗਿਆ ਹੈ। ਸੰਗਰੂਰ ਵਿਚ ਜ਼ਹਿਰੀਲੀ ਸ਼ਰਾਬ ਨਾਲ 19 ਮਾਰਚ ਤੋਂ ਲਗਾਤਾਰ ਮੌਤਾਂ ਹੋ ਰਹੀਆਂ ਹਨ ਪਰ ਰਾਜਸੀ ਆਗੂਆਂ ਨੇ ਕਈ ਦਿਨ ਬਾਅਦ ਪੀੜਤਾਂ ਦੇ ਦਰਾਂ ‘ਤੇ ਪਹੁੰਚ ਕੀਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਸਣੇ ਹੋਰਨਾਂ ਰਾਜਸੀ ਆਗੂਆਂ ਨੇ ਪੀੜਤਾਂ ਨੂੰ ਮਿਲ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗੌਰਤਲਬ ਹੈ ਕਿ ਸੰਗਰੂਰ ਜ਼ਿਲ੍ਹੇ ਵਿਚ 19 ਮਾਰਚ ਨੂੰ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਸਾਹਮਣੇ ਆਇਆ ਸੀ। ਉਦੋਂ ਤੋਂ ਲੈ ਕੇ ਸੂਬਾ ਸਰਕਾਰ ਚੁੱਪ ਵੱਟੀ ਬੈਠੀ ਅਤੇ ਵਿਰੋਧੀ ਧਿਰਾਂ ਲਗਾਤਾਰ ‘ਆਪ` ਨੂੰ ਘੇਰ ਰਹੀਆਂ ਸਨ। ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋ ਰਹੀਆਂ ਮੌਤਾਂ ਦਾ ਮਾਮਲਾ ਸਿਆਸੀ ਗਿਆ ਹੈ। ਵਿਰੋਧੀ ਧਿਰ ਵੱਲੋਂ ਲਗਾਤਾਰ ਸੂਬਾ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਅਤੇ ਅਗਾਮੀ ਲੋਕ ਸਭਾ ਚੋਣਾਂ ਵਿਚ ਵੀ ਇਸ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਚੁੱਕਣ ਲਈ ਰਣਨੀਤੀ ਉਲੀਕੀ ਜਾ ਰਹੀ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਉਕਤ ਮਾਮਲੇ ਸਬੰਧੀ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ।
ਉਧਰ, ਭਾਰਤੀ ਚੋਣ ਕਮਿਸ਼ਨ ਨੇ ਇਸ ਪੂਰੇ ਮਾਮਲੇ ‘ਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਤੋਂ ਫੌਰੀ ਰਿਪੋਰਟ ਮੰਗ ਲਈ ਹੈ। ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਸੂਬੇ ਦੇ ਮੁੱਖ ਸਕੱਤਰ ਅਤੇ ਪੰਜਾਬ ਦੇ ਡੀ.ਜੀ.ਪੀ. ਨੂੰ ਪੱਤਰ ਲਿਖਿਆ ਹੈ। ਚੋਣ ਕਮਿਸ਼ਨ ਨੇ ਪੱਤਰ ਵਿਚ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ ਲਗਭਗ 21 ਮੌਤਾਂ ਹੋ ਚੁੱਕੀਆਂ ਹਨ, ਜਦੋਂਕਿ ਇੰਨੇ ਹੀ ਲੋਕ ਸੰਗਰੂਰ ਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿਚ ਜ਼ੇਰੇ ਇਲਾਜ ਹਨ। ਇਸ ਤੋਂ ਪਹਿਲਾਂ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਬਲਾਕ ਦੇ ਪਿੰਡ ਗੁੱਜਰਾਂ ਅਤੇ ਸੁਨਾਮ ਦੇ ਟਿੱਬੀ ਰਵੀਦਾਸਪੁਰਾ ਵਿੱਚ ਵਾਪਰੀਆਂ ਘਟਨਾਵਾਂ ਸਬੰਧੀ ਪੁਲਿਸ ਦੇ ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿਚ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਹੈ, ਜਦੋਂਕਿ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੜ੍ਹਬਾ ਦੇ ਐਸ.ਡੀ.ਐਮ. ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਵਾਂਗੇ: ਭਗਵੰਤ ਮਾਨ
ਦਿੜ੍ਹਬਾ ਮੰਡੀ: ਪਿੰਡ ਗੁੱਜਰਾਂ ਤੇ ਢੰਡੋਲੀ ਖੁਰਦ ਵਿਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਕਹਿਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੀੜਤ ਪਰਿਵਾਰਾਂ ਦੀ ਸਾਰ ਲੈਣ ਲਈ ਪਿੰਡ ਗੁੱਜਰਾਂ ਪੁੱਜੇ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਜਿਨ੍ਹਾਂ ਲੋਕਾਂ ਕਾਰਨ ਇਹ ਮੌਤਾਂ ਹੋਈਆਂ ਹਨ, ਉਨ੍ਹਾਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ। ਇਸ ਮੌਕੇ ਪਿੰਡ ਢੰਡੋਲੀ ਖੁਰਦ ਦੇ ਪੀੜਤ ਪਰਿਵਾਰ ਵੀ ਪਿੰਡ ਗੁੱਜਰਾਂ ਵਿਚ ਹੀ ਪਹੁੰਚ ਕੇ ਮੁੱਖ ਮੰਤਰੀ ਨੂੰ ਮਿਲੇ।
ਜ਼ਹਿਰੀਲੀ ਸ਼ਰਾਬ ਦੇ ਨੈਟਵਰਕ ਦਾ ਪਰਦਾਫਾਸ਼
ਸੰਗਰੂਰ: ਪੁਲਿਸ ਵੱਲੋਂ ਜ਼ਹਿਰੀਲੀ ਸ਼ਰਾਬ ਨਾਲ ਹੁਣ ਤੱਕ 21 ਲੋਕਾਂ ਦੀ ਜਾਨ ਲੈਣ ਵਾਲੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਮਾਮਲੇ ‘ਚ ਪੁਲਿਸ ਵੱਲੋਂ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਵੱਲੋਂ ਸ਼ਰਾਬ ਦੀਆਂ ਚਾਰ ਪੇਟੀਆਂ ਟਿੱਬੀ ਰਵਿਦਾਸਪੁਰਾ ਸੁਨਾਮ ਵਿਚ ਵੇਚੀਆਂ ਗਈਆਂ ਸਨ। ਪੁਲਿਸ ਨੇ ਇਸ ਮਾਮਲੇ ‘ਚ ਦੋ ਮੁੱਖ ਮੁਲਜ਼ਮਾਂ ਸਣੇ 10 ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਜ਼ਹਿਰੀਲੀ ਸ਼ਰਾਬ ਦੀਆਂ 17 ਪੇਟੀਆਂ ਪਿੰਡ ਗੁੱਜਰਾਂ, ਢੰਡੋਲੀ ਅਤੇ ਟਿੱਬੀ ਰਵਿਦਾਸਪੁਰਾ ਸੁਨਾਮ ਵਿਚ ਵੇਚੀਆਂ ਗਈਆਂ ਸਨ ਜਿਨ੍ਹਾਂ ਦੀ ਸ਼ਨਾਖ਼ਤ ਕਰ ਲਈ ਗਈ ਹੈ।