ਮਿਸ਼ਨ ਪੰਜਾਬ: ਦਲ-ਬਦਲੂਆਂ `ਤੇ ਦਾਅ ਖੇਡਣ ਵਿਚ ਜੁਟੀ ਭਾਜਪਾ

ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਸਰਗਰਮੀਆਂ ਤੇਜ਼ ਕਰਦਿਆਂ ਉਮੀਦਵਾਰਾਂ ਨੂੰ ਮੈਦਾਨ ‘ਚ ਉਤਾਰਨ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ। ਭਾਜਪਾ ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ 13 ‘ਚੋਂ 6 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

ਭਾਜਪਾ ਦੀ ਸੂਚੀ ਵਿਚ ਦਲਬਦਲੂਆਂ ਨੂੰ ਤਰਜੀਹ ਦਿੱਤੀ ਗਈ ਹੈ। ਭਾਜਪਾ ਵੱਲੋਂ ਪੰਜਾਬ ਵਿਚ ਦੂਜੀਆਂ ਪਾਰਟੀਆਂ ਤੋਂ ਆਏ ਉਮੀਦਵਾਰਾਂ ‘ਤੇ ਟੇਕ ਰੱਖੀ ਜਾ ਰਹੀ ਹੈ, ਜਿਸ ਨੇ 6 ‘ਚੋਂ 4 ਜਣਿਆਂ ਨੂੰ ਕੁਝ ਦਿਨ ਪਹਿਲਾਂ ਹੀ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਜਾਣਕਾਰੀ ਅਨੁਸਾਰ ਭਾਜਪਾ ਨੇ ਪੰਜਾਬ ਵਿਚ ਲੋਕ ਸਭਾ ਹਲਕਾ ਪਟਿਆਲਾ ਤੋਂ ਪ੍ਰਨੀਤ ਕੌਰ, ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ, ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਅਤੇ ਫਰੀਦਕੋਟ ਤੋਂ ਹੰਸ ਰਾਜ ਹੰਸ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਇਨ੍ਹਾਂ ਵਿਚੋਂ ਪ੍ਰਨੀਤ ਕੌਰ, ਤਰਨਜੀਤ ਸਿੰਘ ਸੰਧੂ, ਸੁਸ਼ੀਲ ਕੁਮਾਰ ਰਿੰਕੂ ਅਤੇ ਰਵਨੀਤ ਸਿੰਘ ਬਿੱਟੂ ਨੂੰ ਭਾਜਪਾ ਨੇ ਕੁਝ ਦਿਨ ਪਹਿਲਾਂ ਹੀ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਭਾਜਪਾ ਨੇ ਇਨ੍ਹਾਂ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਂਦਿਆਂ ਹੀ ਚੋਣ ਮੈਦਾਨ ਵਿਚ ਬਤੌਰ ਉਮੀਦਵਾਰ ਉਤਾਰ ਦਿੱਤਾ ਹੈ।
ਭਗਵਾ ਪਾਰਟੀ ਨੇ ਪੰਜਾਬ ‘ਚ ਤਿੰਨ ਉਮੀਦਵਾਰਾਂ ਨੂੰ ਉਨ੍ਹਾਂ ਦੇ ਮੌਜੂਦਾ ਹਲਕਿਆਂ ਤੋਂ ਟਿਕਟ ਦਿੱਤੀ ਹੈ ਜਦਕਿ ਅਮਰੀਕਾ ‘ਚ ਭਾਰਤੀ ਸਫ਼ੀਰ ਰਹੇ ਤਰਨਜੀਤ ਸਿੰਘ ਸੰਧੂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਪਣੇ ਸਿਆਸੀ ਸਫਰ ਦੀ ਸ਼ੁਰੂਆਤ ਕਰਨਗੇ। ਹੰਸ ਰਾਜ ਹੰਸ ਜਿਹੜੇ ਕਿ 2019 ‘ਚ ਭਾਜਪਾ ਦੀ ਟਿਕਟ ‘ਤੇ ਉੱਤਰ ਪੱਛਮੀ ਦਿੱਲੀ ਤੋਂ ਚੋਣ ਜਿੱਤੇ ਸਨ, ਨੂੰ ਫਰੀਦਕੋਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਹ ਸੀਟ ਅਨੁਸੂਚਿਤ ਜਾਤੀ (ਐਸ.ਸੀ.) ਉਮੀਦਵਾਰ ਲਈ ਰਾਖਵੀਂ ਹੈ। ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਅਦਾਕਾਰ ਸਨੀ ਦਿਓਲ ਦੀ ਜਗ੍ਹਾ ਸਾਬਕਾ ਵਿਧਾਇਕ ਦਿਨੇਸ਼ ਸਿੰਘ ਬੱਬੂ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਹੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਪਣੀ ਪਾਰਟੀ ਬਣਾ ਲਈ ਸੀ ਤੇ ਵਿਧਾਨ ਸਭਾ ਚੋਣਾਂ ਭਾਜਪਾ ਦੇ ਨਾਲ ਮਿਲ ਕੇ ਲੜੀਆਂ ਸਨ। ਦੂਜੇ ਪਾਸੇ ਪ੍ਰਨੀਤ ਕੌਰ ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਜਿੱਤੇ ਹੋਏ ਸਨ ਜਿਨ੍ਹਾਂ ਨੇ ਪਿਛਲੇ ਹਫ਼ਤੇ ਹੀ ਭਾਜਪਾ ਦਾ ਪੱਲਾ ਫੜਿਆ ਹੈ। ਜਲੰਧਰ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ‘ਆਪ` ਨੇ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਮੁੜ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ ਸੀ ਪਰ ਰਿੰਕੂ ਵੀ ‘ਆਪ` ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਰਵਨੀਤ ਸਿੰਘ ਬਿੱਟੂ ਪਹਿਲਾਂ ਕਾਂਗਰਸ ਤੋਂ ਸੰਸਦ ਮੈਂਬਰ ਹਨ ਪਰ ਉਨ੍ਹਾਂ ਨੇ ਵੀ ਕੁਝ ਦਿਨ ਪਹਿਲਾਂ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਪੱਲਾ ਫੜ ਲਿਆ ਸੀ।
ਦੱਸਣਯੋਗ ਹੈ ਕਿ ਪੰਜਾਬ ਵਿਚ ਲੋਕ ਸਭਾ ਦੀਆਂ 13 ਸੀਟਾਂ ਲਈ ‘ਆਪ` ਨੇ 7 ਉਮੀਦਵਾਰਾਂ ਤੇ ਭਾਜਪਾ ਨੇ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ ਜਦੋਂ ਕਿ ‘ਆਪ` ਵੱਲੋਂ ਰਹਿੰਦੇ ਉਮੀਦਵਾਰਾਂ ਦਾ ਐਲਾਨ ਅਗਲੇ ਹਫ਼ਤੇ ਤੱਕ ਕਰ ਦਿੱਤਾ ਜਾਵੇਗਾ। ਦੂਜੇ ਪਾਸੇ ਕਾਂਗਰਸ ਤੇ ਅਕਾਲੀ ਦਲ ਨੇ ਹਾਲੇ ਤੱਕ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ। ਉਹ ਦੋਵੇਂ ਪਾਰਟੀਆਂ ਆਪੋ-ਆਪਣੇ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਲਗਾਤਾਰ ਵਿਚਾਰ-ਚਰਚਾ ਕਰ ਰਹੀਆਂ ਹਨ।