ਬੇਮੌਸਮੇ ਮੀਂਹ-ਝੱਖੜ ਨੇ ਕਿਸਾਨਾਂ ਦਾ ਫਿਕਰ ਵਧਾਇਆ

ਚੰਡੀਗੜ੍ਹ: ਪੰਜਾਬ ਦੇ ਬਹੁਤੇ ਹਿੱਸਿਆਂ ‘ਚ ਪਏ ਮੀਂਹ, ਗੜਿਆਂ ਅਤੇ ਚੱਲੀਆਂ ਤੇਜ਼ ਹਵਾਵਾਂ ਨੇ ਕਿਸਾਨਾਂ ਨੂੰ ਫਿਕਰਾਂ ਵਿਚ ਪਾ ਦਿੱਤਾ ਹੈ। ਮੀਂਹ ਪੈਣ ਅਤੇ ਤੇਜ਼ ਹਵਾਵਾਂ ਕਾਰਨ ਕਈ ਜ਼ਿਲਿ੍ਹਆਂ ‘ਚ ਕਣਕ ਦੀ ਫਸਲ ਖੇਤਾਂ ਵਿਚ ਵਿਛ ਗਈ ਹੈ ਜਿਸ ਨਾਲ ਕਿਸਾਨਾਂ ਨੂੰ ਝਾੜ ਘਟਣ ਦਾ ਖਦਸ਼ਾ ਹੈ। ਕਈ ਥਾਵਾਂ ‘ਤੇ ਗੜੇ ਪੈਣ ਕਾਰਨ ਵੀ ਫਸਲਾਂ ਦਾ ਨੁਕਸਾਨ ਹੋਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਮੀਂਹ ਤੇ ਝੱਖੜ ਕਾਰਨ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਸੰਗਰੂਰ, ਮਾਨਸਾ, ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਤੇ ਹੋਰਨਾਂ ਕਈ ਜ਼ਿਲਿ੍ਹਆਂ ਵਿਚ ਕਣਕ ਦੀ ਫ਼ਸਲ ਖੇਤਾਂ ਵਿਚ ਵਿਛ ਗਈ ਹੈ ਅਤੇ ਫਸਲਾਂ ਦੀ ਵਾਢੀ ਨੇੜੇ ਆਉਣ ਸਮੇਂ ਪਏ ਮੀਂਹ ਨੇ ਕਿਸਾਨਾਂ ਦੇ ਸਾਹ ਸੁਕਾ ਦਿੱਤੇ ਹਨ। ਮੌਸਮ ਵਿਭਾਗ ਨੇ ਅਗਲੇ ਤਿੰਨ-ਚਾਰ ਦਿਨ ਮੌਸਮ ਸਾਫ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਅਨੁਸਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ। ਇਸ ਦੇ ਨਾਲ ਹੀ ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ ਤੇ ਹਰਿਆਣਾ ਦੇ ਨਾਲ ਲਗਦੇ ਜ਼ਿਲਿ੍ਹਆਂ ਵਿਚ ਕਈ ਥਾਵਾਂ ‘ਤੇ ਵੀ ਗੜੇ ਪਏ ਹਨ। ਬਠਿੰਡਾ ਦੇ ਇਕ ਕਿਸਾਨ ਨੇ ਕਿਹਾ ਕਿ ਬੇਮੌਸਮੇ ਮੀਂਹ ਕਾਰਨ ਉਨ੍ਹਾਂ ਦੀ ਕਣਕ ਦਾ ਝਾੜ ਪ੍ਰਭਾਵਿਤ ਹੋਵੇਗਾ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਸਭ ਤੋਂ ਵੱਧ ਮੀਂਹ ਲੁਧਿਆਣਾ ਵਿਚ ਪਿਆ ਹੈ, ਜਿੱਥੇ 15.4 ਐਮ.ਐਮ. ਮੀਂਹ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਰਾਜਧਾਨੀ ਚੰਡੀਗੜ੍ਹ ਵਿਚ 12.4, ਅੰਮ੍ਰਿਤਸਰ ਵਿਚ 4.2, ਪਟਿਆਲਾ ਵਿਚ 2, ਪਠਾਨਕੋਟ ਵਿਚ ਇਕ, ਬਠਿੰਡਾ ਵਿਚ 7, ਫਰੀਦਕੋਟ ਵਿਚ 4.8, ਨਵਾਂ ਸ਼ਹਿਰ ਵਿਚ 9.3, ਫਤਹਿਗੜ੍ਹ ਸਾਹਿਬ ਵਿਚ 4, ਫਿਰੋਜ਼ਪੁਰ ਵਿਚ 7, ਗੁਰਦਾਸਪੁਰ ਵਿਚ 10.5, ਮੋਗਾ ਵਿਚ 10.5 ਅਤੇ ਰੋਪੜ ਵਿਚ 13.5 ਐਮ.ਐਮ. ਮੀਂਹ ਪਿਆ ਹੈ। ਇਸ ਨਾਲ ਤਾਪਮਾਨ ਵਿਚ ਵੀ ਇਕ ਤੋਂ ਦੋ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੇਮੌਸਮੇ ਮੀਂਹ ਤੇ ਗੜਿਆਂ ਨੇ ਸੂਬੇ ਦੇ ਮਾਲਵਾ ਖਿੱਤੇ ‘ਚ ਕਣਕ ਦੀ ਫਸਲ ਦਾ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਐਕਸ ‘ਤੇ ਲਿਖਿਆ, ‘ਮੁੱਖ ਮੰਤਰੀ ਭਗਵੰਤ ਮਾਨ ਨੂੰ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਅੰਤਰਿਮ ਰਾਹਤ ਦੇਣ ਲਈ ਗਿਰਦਾਵਰੀ ਦਾ ਹੁਕਮ ਦੇਣਾ ਚਾਹੀਦਾ ਹੈ।‘ ਵਿਰੋਧੀ ਧਿਰ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨਾਂ ਦਾ ਮੁੜ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਕਿਸਾਨਾਂ ਨੂੰ ਭਾਰੀ ਮੀਂਹ ਦੀ ਮਾਰ ਝੱਲਣੀ ਪਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿਚ ਨਾਕਾਮ ਰਹੀ ਸੀ।