ਖਾਲਸਾ ਸਾਜਨਾ ਦਿਵਸ ਮੌਕੇ ਝੁਲਾਏ ਗਏ ਖਾਲਸਈ ਨਿਸ਼ਾਨ

ਅੰਮ੍ਰਿਤਸਰ: ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਨਤਮਸਤਕ ਹੋਈ। ਸ਼ਰਧਾਲੂਆਂ ਨੇ ਗੁਰਬਾਣੀ ਕੀਰਤਨ ਸਰਵਨ ਕੀਤਾ ਅਤੇ ਸਰੋਵਰ ਵਿਚ ਇਸ਼ਨਾਨ ਕਰ ਕੇ ਸ਼ਰਧਾ ਪ੍ਰਗਟਾਈ। ਇਸ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ।

ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਸਿੱਖ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਕੇ ਗੁਰੂ ਵਾਲੇ ਬਣੇ। ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਵੀ ਕੀਤੀ ਗਈ। 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਮੂਹ ਵਿਚ ਖਾਲਸਈ ਨਿਸ਼ਾਨ ਝੁਲਾਏ ਗਏ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਚ ਖਾਲਸਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਵੱਡੀ ਗਿਣਤੀ ਸ਼ਰਧਾਲੂਆਂ ਨੇ ਗੁਰੂ ਘਰ ਵਿਚ ਮੱਥਾ ਟੇਕਿਆ। ਪੰਜ ਸਿੰਘ ਸਾਹਿਬਾਨ ਵੱਲੋਂ ਸਮੁੱਚੀ ਸਿੱਖ ਕੌਮ ਨੂੰ ਖਾਲਸਾ ਸਾਜਨਾ ਦਿਵਸ ਮੌਕੇ ਆਪਣੇ ਘਰਾਂ ‘ਤੇ ਖਾਲਸਈ ਝੰਡੇ ਝੁਲਾਉਣ ਦੇ ਆਦੇਸ਼ ਦਿੱਤੇ ਗਏ ਸਨ ਜਿਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਸੰਸਥਾ ਦੇ ਦਫ਼ਤਰ ਸਮੂਹ ਵਿਚ ਖਾਲਸਈ ਨਿਸ਼ਾਨ ਝੁਲਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪ੍ਰਬੰਧ ਹੇਠਲੇ ਗੁਰਦੁਆਰਿਆਂ ਵਿਚ ਸਿੱਖ ਸੰਗਤ ਲਈ ਖਾਲਸਈ ਝੰਡਿਆਂ ਦਾ ਪ੍ਰਬੰਧ ਕੀਤਾ ਗਿਆ।
ਇਸ ਸਬੰਧੀ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਿੱਖ ਸੰਸਥਾ ਦੇ ਮੁਲਾਜ਼ਮਾਂ ਨੇ ਸਮੂਹਿਕ ਰੂਪ ਵਿਚ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕੀਤਾ। ਉਪਰੰਤ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ।
ਇਸੇ ਤਰ੍ਹਾਂ ਪਾਕਿਸਤਾਨ ਦੇ ਸੂਬਾ ਪੱਛਮੀ ਪੰਜਾਬ ਦੇ ਜ਼ਿਲ੍ਹਾ ਫ਼ੈਸਲਾਬਾਦ (ਪਹਿਲਾ ਨਾਂ ਲਾਇਲਪੁਰ) ਵਿਚ ਪੈਂਦੇ ਪਿੰਡ ਖਿਆਲਾ ਕਲਾਂ ਚੱਕ ਨੰਬਰ 57 ਜੇ ਬੀ ਵਿਚ 76 ਸਾਲਾਂ ਬਾਅਦ ਮੁਸਲਮਾਨ ਭਾਈਚਾਰੇ ਨੇ ਬਾਬਾ ਤਾਰਿਕ ਅਤੇ ਮਾਸਟਰ ਅੱਲਾ ਰੱਖਾ ਹੋਠੀ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦ ਬਾਬਾ ਦਿੱਤ ਮੱਲ ਜੀ (ਬਾਬਾ ਮੜ) ਦਾ ਨਵੀਨੀਕਰਨ ਕਰ ਕੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮਨਾਈ।
ਭਾਈਚਾਰੇ ਦੇ ਲੋਕ ਸਿੱਖ ਰਹਿਤ ਮਰਿਆਦਾ ਅਨੁਸਾਰ ਦਸ ਗੁਰੂ ਸਾਹਿਬਾਨ ਦੀ ਫੋਟੋ ਅੱਗੇ ਨਤਮਸਤਕ ਹੋਏ ਅਤੇ ਨਿਸ਼ਾਨ ਸਾਹਿਬ ਚੜ੍ਹਾਉਣ ਤੋਂ ਬਾਅਦ ਲੰਗਰ ਲਗਾ ਕੇ ਸਿੱਖ ਪੰਥ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਗੌਰਤਲਬ ਹੈ ਕਿ ਛੇਵੀਂ ਪਾਤਸ਼ਾਹੀ ਗੁਰੂ ਹਰਿਗੋਬਿੰਦ ਨੇ ਜਦੋਂ ਅੰਮ੍ਰਿਤਸਰ ਵਾਲੀ ਲੜਾਈ ਲੜੀ ਤਾਂ ਬਾਬਾ ਦਿੱਤ ਮੱਲ ਨੇ ਉਸ ਵਿਚ ਸ਼ਹੀਦੀ ਜਾਮ ਪੀਤਾ ਸੀ ਜਿਸ ਦੀ ਯਾਦ ਵਿਚ ਖਿਆਲਾਂ ਕਲਾਂ ਚੱਕ ਨੰਬਰ 57 ਜੇਬੀ ਵਿਚ ਗੁਰਦੁਆਰਾ ਬਣਾਇਆ ਗਿਆ ਪਰ ਉਸ ਪਿੰਡ ਦਾ ਸਾਰਾ ਸਿੱਖ ਭਾਈਚਾਰਾ ਸੰਨ 1947 ਵਿਚ ਉੱਥੋਂ ਆ ਕੇ ਭੋਗਪੁਰ ਇਲਾਕੇ ਵਿਚ ਆ ਵੱਸਿਆ ਸੀ।
ਸ੍ਰੀ ਅਕਾਲ ਤਖਤ ਦੇ ਜਥੇਦਾਰ ਵੱਲੋਂ ਵਧਾਈ ਸੰਦੇਸ਼
ਅੰਮ੍ਰਿਤਸਰ: ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂ ਦਿੱਤੇ ਵਧਾਈ ਸੰਦੇਸ਼ ਵਿਚ ਸਮੁੱਚੀ ਸਿੱਖ ਕੌਮ ਨੂੰ ਅੰਮ੍ਰਿਤਧਾਰੀ ਹੋ ਕੇ ਗੁਰੂ ਦੀ ਖ਼ਾਲਸਈ ਵਿਰਾਸਤ ਦੇ ਵਾਰਿਸ ਬਣਨ ਦਾ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਵਿਖੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਮੂਲ ਮੰਤਰ ਅਤੇ ਗੁਰਮੰਤਰ ਦਾ ਜਾਪ ਕੀਤਾ ਗਿਆ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਦੀ ਛਤਰ-ਛਾਇਆ ਹੇਠ ਇਕੱਤਰ ਹੋਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਸਿੱਖ ਕੌਮ ਹਕੂਮਤੀ ਜਬਰ ਦਾ ਮੁਕਾਬਲਾ ਏਕਤਾ ਤੋਂ ਬਿਨਾਂ ਨਹੀਂ ਕਰ ਸਕਦੀ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਕੱਤਰੇਤ ‘ਤੇ ਖ਼ਾਲਸਈ ਪਰਚਮ ਝੁਲਾਇਆ ਅਤੇ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ।