ਸ਼੍ਰੋਮਣੀ ਕਮੇਟੀ ਵੱਲੋਂ ਸਰੂਪਾਂ `ਤੇ ਕਿਊ.ਆਰ. ਕੋਡ ਲਾਉਣ ਦਾ ਫੈਸਲਾ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵੱਲੋਂ ਭਵਿੱਖ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਛਪਾਈ ਸਮੇਂ ਨਵੀਂ ਤਕਨੀਕ ਅਨੁਸਾਰ ਕਿਊ.ਆਰ. ਕੋਡ ਵਰਤਿਆ ਜਾਵੇਗਾ ਤਾਂ ਜੋ ਸਰੂਪਾਂ ਦੀ ਗਿਣਤੀ ਅਤੇ ਹੋਰ ਜਾਣਕਾਰੀਆਂ ਨੂੰ ਸੂਚੀਬੱਧ ਕੀਤਾ ਜਾ ਸਕੇ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬਾਨ ਵਿਚ ਪ੍ਰਕਾਸ਼ ਕੀਤੇ ਜਾ ਰਹੇ ਅਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਈ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਮਗਰੋਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਸਮੇਂ ਨਵੀਂ ਤਕਨੀਕ ਅਨੁਸਾਰ ਕਿਊਆਰ ਕੋਡ ਲਗਾਉਣ ਦਾ ਫੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਛਪਾਈ ਕੀਤੇ 300 ਤੋਂ ਵੱਧ ਸਰੂਪਾਂ ਦਾ ਕੋਈ ਰਿਕਾਰਡ ਨਾ ਮਿਲਣ ਕਾਰਨ ਇਹ ਮਾਮਲਾ ਵੱਡੇ ਵਿਵਾਦ ਦਾ ਕਾਰਨ ਬਣਿਆ ਸੀ।
ਸ੍ਰੀ ਧਾਮੀ ਨੇ ਦੱਸਿਆ ਕਿ ਇਕ ਫ਼ੈਸਲੇ ਮੁਤਾਬਕ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਪੂਰੀ ਸਰਵਿਸ ਦੌਰਾਨ 2 ਸਾਲ ਤੱਕ ਦੀ ਹੀ ਵਿਦੇਸ਼ ਛੁੱਟੀ ਦਿੱਤੀ ਜਾਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਆਈ.ਏ.ਐੱਸ, ਆਈ.ਪੀ.ਐੱਸ, ਪੀ.ਸੀ.ਐੱਸ ਆਦਿ ਮੁਕਾਬਲਾ ਪ੍ਰੀਖਿਆਵਾਂ ਲਈ ਸਿੱਖ ਨੌਜਵਾਨਾਂ ਨੂੰ ਤਿਆਰੀ ਕਰਵਾਉਣ ਲਈ ਚਲਾਈ ਜਾ ਰਹੀ ਨਿਸ਼ਚੈ ਅਕੈਡਮੀ ਲਈ ਇਕ ਵਿਸ਼ਾਲ ਇਮਾਰਤ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਹ ਇਮਾਰਤ ਗੁਰਦੁਆਰਾ ਬਾਗ ਸ਼ਹੀਦਾਂ ਸੈਕਟਰ-44 ਚੰਡੀਗੜ੍ਹ ਵਿਚ ਤਿਆਰ ਕੀਤੀ ਜਾਵੇਗੀ, ਜਿਸ ਲਈ ਮੁੱਢਲੇ ਤੌਰ ‘ਤੇ 6.50 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾ ਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦਾ 450 ਸਾਲਾ ਜੋਤੀ ਜੋਤਿ ਦਿਵਸ ਮਨਾਉਣ ਲਈ ਸਮਾਗਮਾਂ ਦੀ ਆਰੰਭਤਾ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਤੋਂ ਕੀਤੀ ਗਈ ਹੈ। ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਸ਼ਤਾਬਦੀ ਦਿਹਾੜੇ 16 ਤੋਂ 18 ਸਤੰਬਰ 2024 ਦੌਰਾਨ ਮਨਾਏ ਜਾਣੇ ਹਨ। ਸਮਾਗਮਾਂ ਦੀ ਆਰੰਭਤਾ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਅੰਮ੍ਰਿਤ ਸੰਚਾਰ ਕੀਤਾ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ।