ਮੂਸੇਵਾਲਾ ਦੀ ਸੁਰੱਖਿਆ ’ਚ ਕਟੌਤੀ ਮਾਮਲੇ ’ਤੇ ਸਰਕਾਰ ਮੁੜ ਘਿਰੀ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਵੱਲੋਂ ਇਕ ਕੇਸ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਵਿਚ ਸਿੱਧੂ ਮੂਸੇਵਾਲਾ ਦਾ ਕਤਲ ਉਸ ਦੀ ਸੁਰੱਖਿਆ ਘਟਾਉਣ ਕਾਰਨ ਹੋਣ ਬਾਰੇ ਦਿੱਤੀ ਦਲੀਲ ਪਿੱਛੋਂ ਇਹ ਮਾਮਲਾ ਮੁੜ ਭਖ ਗਿਆ ਹੈ। ਇਸ ਪਿੱਛੋਂ ਵਿਰੋਧੀ ਧਿਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰ ਲਿਆ ਹੈ।

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੁਪਰੀਮ ਕੋਰਟ ਵਿਚ ਪੰਜਾਬ ਦੇ ਐਡਵੋਕੇਟ ਜਨਰਲ ਨੇ ਇਹ ਕਬੂਲਿਆ ਹੈ ਕਿ ‘ਆਪ` ਸਰਕਾਰ ਵੱਲੋਂ ਉੱਘੇ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿਚ ਕੀਤੀ ਕਟੌਤੀ ਹੀ ਉਸ ਦੀ ਮੌਤ ਦਾ ਕਾਰਨ ਬਣੀ ਹੈ ਜਿਸ ਕਰ ਕੇ ਹੁਣ ਮੁੱਖ ਮੰਤਰੀ ਤੇ ਉਨ੍ਹਾਂ ਦੇ ਸਲਾਹਕਾਰ ਬਲਤੇਜ ਪੰਨੂ ਖ਼ਿਲਾਫ਼ ਕਤਲ ਦਾ ਕੇਸ ਦਰਜ ਹੋਣਾ ਚਾਹੀਦਾ ਹੈ।
ਸ੍ਰੀ ਮਜੀਠੀਆ ਨੇ ਕਿਹਾ ਕਿ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਇਹ ਗੱਲ ਮੁੱਖ ਮੰਤਰੀ ਦੇ ਘਰ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿਚ ਪਾਈ ਪਟੀਸ਼ਨ ਦੀ ਸੁਣਵਾਈ ਦੌਰਾਨ ਕਬੂਲੀ ਹੈ। ਉਹ ਇਹ ਦਲੀਲ ਦੇ ਰਹੇ ਸਨ ਕਿ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਸੁਰੱਖਿਆ ਕਾਰਨਾਂ ਕਰ ਕੇ ਬੰਦ ਹੀ ਰਹਿਣ ਦਿੱਤੀ ਜਾਵੇ। ਹੁਣ ਤੱਕ ਮੂਸੇਵਾਲਾ ਦੇ ਮਾਪੇ ਜੋ ਗੱਲ ਕਹਿ ਰਹੇ ਸਨ, ਉਹ ਹੁਣ ਸਰਕਾਰੀ ਤੌਰ ‘ਤੇ ਕਬੂਲ ਲਈ ਗਈ ਹੈ। ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਬਾਰੇ ਜਾਣਕਾਰੀ ਜਨਤਕ ਕਰਨ ਵਾਲਿਆਂ ਨੂੰ ਮੁਲਜ਼ਮਾਂ ਵਜੋਂ ਨਾਮਜ਼ਦ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਕਤਲ ਕਾਂਡ ਬਾਰੇ ਕਿਸੇ ਤਰ੍ਹਾਂ ਦੀ ਰਾਜਨੀਤੀ ਨਹੀਂ ਕਰ ਰਹੇ ਪਰ ਸੂਬਾ ਸਰਕਾਰ ਦੇ ਜ਼ਿੰਮੇਵਾਰ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਪੰਜਾਬ ਨੇ ਹੋਣਹਾਰ ਗੱਭਰੂ ਗੁਆ ਲਿਆ ਹੈ। ਚੰਨੀ ਨੇ ਕਿਹਾ ਕਿ ਸੁਪਰੀਮ ਕੋਰਟ ਵਿਚ ਪੰਜਾਬ ਦੇ ਐਡਵੋਕੇਟ ਅਟਾਰਨੀ ਜਨਰਲ ਨੇ ਸਾਫ਼ ਕਰ ਦਿੱਤਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਸੁਰੱਖਿਆ ਵਾਪਸ ਲੈਣ ਕਾਰਨ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਤੇ ਉਨ੍ਹਾਂ ਦੇ ਸਾਥੀਆਂ ਦੀ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਨਾਲ ਮਿਲੀਭੁਗਤ ਬਾਰੇ ਸਿਟ ਕੋਲੋਂ ਜਾਂਚ ਕਰਵਾਈ ਜਾਣੀ ਚਾਹੀਦੀ ਹੈ।
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਕੇਸ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਵਿਚ ਦੱਸਿਆ ਕਿ ਸਿੱਧੂ ਮੂਸੇਵਾਲਾ ਦਾ ਕਤਲ ਉਸ ਦੀ ਸੁਰੱਖਿਆ ਘਟਾਉਣ ਕਾਰਨ ਹੋਇਆ ਸੀ। ਜਾਖੜ ਨੇ ਕਿਹਾ ਕਿ ਹੁਣ ਭਗਵੰਤ ਮਾਨ ਸਿੱਧੂ ਕਤਲ ਕਾਂਡ ਦੀ ਬਣ ਗਈ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਮੁੱਖ ਮੰਤਰੀ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀਆਂ ‘ਚ ਸਿੱਧੇ ਤੌਰ ‘ਤੇ ਸ਼ਾਮਲ ਹੋ ਗਏ ਹਨ। ਜਾਖੜ ਨੇ ਕਿਹਾ ਕਿ ਭਗਵੰਤ ਮਾਨ ਸੂਬੇ ਦੀ ਸੁਰੱਖਿਆ ਵਿਵਸਥਾ ਸੰਭਾਲਣ ‘ਚ ਨਾਕਾਮਯਾਬ ਰਹੇ ਹਨ।
ਸਰਕਾਰ ਨੇ ਮੰਨਿਆ ਕਿ ਮੌਤ ਸੁਰੱਖਿਆ ਘਟਾਉਣ ਕਾਰਨ ਹੋਈ: ਬਲਕੌਰ ਸਿੰਘ
ਮਾਨਸਾ: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਮੰਨਦੀ ਹੈ ਕਿ ਉਸ ਦੇ ਪੁੱਤਰ ਦੀ ਮੌਤ ਸੁਰੱਖਿਆ ਘਟਾਉਣ ਕਾਰਨ ਹੋਈ ਹੈ ਤਾਂ ਇਸ ਦੇ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ੀ ਨੇੜੇ ਸੜਕ ਖੋਲ੍ਹਣ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਖ਼ਿਲਾਫ਼ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਉਸ ਦੀ ਸੁਰੱਖਿਆ ਘੱਟ ਕੀਤੇ ਜਾਣ ਤੋਂ ਦੋ ਦਿਨ ਬਾਅਦ ਉਹ ਮਾਰਿਆ ਗਿਆ ਸੀ।
ਸੁਰੱਖਿਆ ਘਟਾਉਣ ਵਾਲਿਆਂ ਖਿਲਾਫ ਪਰਚਾ ਹੋਵੇ: ਬਾਜਵਾ
ਚੰਡੀਗੜ੍ਹ: ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਸਬੰਧੀ ਜਾਣਕਾਰੀ ਲੀਕ ਕਰਨ ਵਾਲਿਆਂ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦਾ ਕਤਲ ਕੋਈ ਕਾਮੇਡੀ ਫਿਲਮ ਨਹੀਂ ਹੈ। ਇਹ ਕਈ ਦਹਾਕਿਆਂ ਵਿਚ ਪੰਜਾਬ ‘ਚ ਵਾਪਰਿਆ ਸਭ ਤੋਂ ਭਿਆਨਕ ਕਤਲ ਸੀ। ਇਸ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰੀ ਤੈਅ ਕਰਨੀ ਪਵੇਗੀ।