ਕੈਨੇਡਾ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ: ਟਰੂਡੋ

ਟੋਰਾਂਟੋ: ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ ਵਿਚ ਤਿੰਨ ਭਾਰਤੀ ਨਾਗਰਿਕਾਂ ਦੀ ਗ੍ਰਿਫ਼ਤਾਰੀ ਤੋਂ ਇਕ ਦਿਨ ਮਗਰੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡਾ ‘ਕਾਨੂੰਨ ਦੇ ਰਾਜ ਵਾਲਾ ਮੁਲਕ` ਹੈ, ਜਿਸ ਦਾ ਨਿਆਂ ਪ੍ਰਬੰਧ ਮਜ਼ਬੂਤ ਤੇ ਸੁਤੰਤਰ ਅਤੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਮੌਲਿਕ ਤੌਰ `ਤੇ ਵਚਨਬੱਧ ਹੈ।

ਕੈਨੇਡੀਅਨ ਨਾਗਰਿਕ ਨਿੱਝਰ ਦੀ ਪਿਛਲੇ ਸਾਲ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿਚ ਇਕ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡੀਅਨ ਪੁਲਿਸ ਨੇ ਐਡਮਿੰਟਨ ਰਹਿੰਦੇ ਭਾਰਤੀ ਨਾਗਰਿਕਾਂ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਤੇ ਕਰਨਪ੍ਰੀਤ ਸਿੰਘ (28) ਨੂੰ ਪਹਿਲਾ ਦਰਜਾ ਕਤਲ ਤੇ ਕਤਲ ਦੀ ਸਾਜ਼ਿਸ਼ ਘੜਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ।
ਇਥੇ ਟੋਰਾਂਟੋ ਗਾਲਾ ਵਿਚ ਸਿੱਖ ਵਿਰਾਸਤ ਤੇ ਸਭਿਆਚਾਰ ਦੇ ਜਸ਼ਨਾਂ ਲਈ ਰੱਖੇ ਸਮਾਗਮ ਦੌਰਾਨ ਟਰੂਡੋ ਨੇ ਉਪਰੋਕਤ ਗ੍ਰਿਫ਼ਤਾਰੀਆਂ ਦੇ ਹਵਾਲੇ ਨਾਲ ਕਿਹਾ, ‘’ਇਹ ਬਹੁਤ ਅਹਿਮ ਹੈ ਕਿਉਂਕਿ ਕੈਨੇਡਾ ਕਾਨੂੰਨ ਦੇ ਰਾਜ ਵਾਲਾ ਦੇਸ਼ ਹੈ, ਜਿਸ ਦਾ ਨਿਆਂ ਪ੍ਰਬੰਧ ਮਜ਼ਬੂਤ ਤੇ ਸੁਤੰਤਰ ਹੋਣ ਦੇ ਨਾਲ ਆਪਣੇ ਸਾਰੇ ਨਾਗਰਿਕਾਂ ਦੀ ਸੁਰੱਖਿਆ ਲਈ ਮੌਲਿਕ ਰੂਪ ਵਿਚ ਵਚਨਬੱਧ ਹੈ।“ ਕੈਨੇਡੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ ਨੇ ਟਰੂਡੋ ਦੇ ਹਵਾਲੇ ਨਾਲ ਕਿਹਾ, ‘’ਜਿਵੇਂ ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਕਿਹਾ ਹੈ, ਜਾਂਚ ਦਾ ਅਮਲ ਜਾਰੀ ਹੈ ਤੇ ਇਹ ਲੰਘੇ ਦਿਨੀਂ ਗ੍ਰਿਫ਼ਤਾਰ ਕੀਤੇ ਤਿੰਨ ਵਿਅਕਤੀਆਂ ਦੀ ਸ਼ਮੂਲੀਅਤ ਤੱਕ ਸੀਮਤ ਨਹੀਂ ਹੈ।“
ਟਰੂਡੋ ਨੇ ਕਿਹਾ ਕਿ ਨਿੱਝਰ ਦੀ ਹੱਤਿਆ ਮਗਰੋਂ ਕੈਨੇਡਾ ਦੇ ਸਿੱਖ ਭਾਈਚਾਰੇ ‘ਚੋਂ ਕਈ ਅਸੁਰੱਖਿਅਤ ਮਹਿਸੂਸ ਕਰ ਰਹੇ ਸਨ। ਪ੍ਰਧਾਨ ਮੰਤਰੀ ਨੇ ਕਿਹਾ, ”ਹਰੇਕ ਕੈਨੇਡੀਅਨ ਨੂੰ ਮੁਲਕ ਵਿਚ ਬਿਨਾਂ ਕਿਸੇ ਪੱਖਪਾਤ, ਹਿੰਸਾ ਮੁਕਤ ਮਾਹੌਲ ਤੇ ਸੁਰੱਖਿਅਤ ਰਹਿਣ ਦਾ ਮੌਲਿਕ ਅਧਿਕਾਰ ਹੈ।“ ਟਰੂਡੋ ਵੱਲੋਂ ਪਿਛਲੇ ਸਾਲ ਸਤੰਬਰ ‘ਚ ਲਾਏ ਦੋਸ਼ਾਂ ਕਿ ਨਿੱਝਰ ਦੀ ਹੱਤਿਆ ਵਿਚ ਕਥਿਤ ਭਾਰਤੀ ਏਜੰਟਾਂ ਦਾ ਹੱਥ ਸੀ, ਮਗਰੋਂ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ਵਿਚ ਕਸ਼ੀਦਗੀ ਸਿਖਰ ‘ਤੇ ਪਹੁੰਚ ਗਈ ਸੀ। ਭਾਰਤ ਨੇ ਹਾਲਾਂਕਿ ਟਰੂਡੋ ਦੇ ਦੋਸ਼ਾਂ ਨੂੰ ‘ਹਾਸੋਹੀਣੇ‘ ਤੇ ‘ਪ੍ਰੇਰਿਤ‘ ਦੱਸ ਕੇ ਖਾਰਜ ਕਰ ਦਿੱਤਾ ਸੀ।
ਨਿੱਝਰ ਕਤਲ ਕੇਸ ਵਿਚ ਤਿੰਨ ਭਾਰਤੀ ਨਾਗਰਿਕਾਂ ਦੀ ਗ੍ਰਿਫ਼ਤਾਰੀ ਮਗਰੋਂ ਕੈਨੇਡਾ ਪੁਲਿਸ ਨੇ ਕਿਹਾ ਕਿ ਉਹ ਅਮਰੀਕਾ ਦੀਆਂ ਕਾਨੂੰਨੀ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ।
ਪੁਲਿਸ ਨੇ ਇਸ਼ਾਰਾ ਕੀਤਾ ਕਿ ਆਉਂਦੇ ਦਿਨਾਂ ਵਿਚ ਇਸ ਮਾਮਲੇ ਵਿਚ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ। ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਸਹਾਇਕ ਕਮਿਸ਼ਨਰ ਡੇਵਿਡ ਟੈਬੁਲ ਨੇ ਕਿਹਾ ਸੀ ਕਿ ਉਹ ਗ੍ਰਿਫ਼ਤਾਰ ਕੀਤੇ ਤਿੰਨ ਵਿਅਕਤੀਆਂ ਤੇ ਭਾਰਤੀ ਅਧਿਕਾਰੀਆਂ ਦਰਮਿਆਨ ਕਥਿਤ ਲਿੰਕ ਬਾਰੇ ਕੋਈ ਟਿੱਪਣੀ ਨਹੀਂ ਕਰਨਗੇ, ਪਰ ਪੁਲਿਸ ਵੱਲੋਂ ਇਨ੍ਹਾਂ ਦੇ ਭਾਰਤ ਸਰਕਾਰ ਨਾਲ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਚੇਤੇ ਰਹੇ ਕਿ ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਸ਼ਨਿੱਚਰਵਾਰ ਨੂੰ ਕਿਹਾ ਸੀ ਕਿ ਨਿੱਝਰ ਦੀ ਹੱਤਿਆ ਨੂੰ ਲੈ ਕੇ ਕੈਨੇਡਾ ਵਿਚ ਜੋ ਕੁਝ ਹੋ ਰਿਹਾ ਹੈ, ਉਹ ਉਸ ਦੀ ਅੰਦਰੂਨੀ ਸਿਆਸਤ ਹੈ ਤੇ ਭਾਰਤ ਦਾ ਇਸ ਨਾਲ ਕੋਈ ਲਾਗਾ ਦੇਗਾ ਨਹੀਂ ਹੈ। ਉਨ੍ਹਾਂ ਕਿਹਾ ਸੀ ਕਿ ਖਾਲਿਸਤਾਨ ਪੱਖੀ ਕੁਝ ਲੋਕਾਂ ਦਾ ਇਕ ਵਰਗ ਕੈਨੇਡਾ ਦੀ ਜਮਹੂਰੀਅਤ ਨੂੰ ਵਰਤ ਰਿਹਾ ਹੈ।