ਲੁਧਿਆਣਾ: ਲੁਧਿਆਣਾ ਤੋਂ ਸਾਬਕਾ ਵਿਧਾਇਕ ਬੈਂਸ ਭਰਾਵਾਂ ਨੇ ਸਿਆਸੀ ਚਰਚਾਵਾਂ ਤੋਂ ਬਾਅਦ ਆਖ਼ਰਕਾਰ ਕਾਂਗਰਸ ਦਾ ਹੱਥ ਫੜ ਲਿਆ। ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਨੂੰ ਨਵੀਂ ਦਿੱਲੀ ਵਿਚ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਵਾਉਣ ਤੋਂ ਬਾਅਦ ਪਾਰਟੀ ਵਿਚ ਸ਼ਾਮਲ ਕੀਤਾ।
ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਨੇ ਕਿਹਾ ਕਿ ਬੈਂਸ ਭਰਾ ਨਾ ਸਿਰਫ਼ ਲੁਧਿਆਣਾ ਲੋਕ ਸਭਾ ਹਲਕੇ ਵਿਚ ਸਗੋਂ ਪੂਰੇ ਸੂਬੇ ਵਿਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਗੇ। ਬੈਂਸ ਭਰਾਵਾਂ ਨੇ 2012 ਤੋਂ 2022 ਤੱਕ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕਿਆਂ ਦੀ ਨੁਮਾਇੰਦਗੀ ਕੀਤੀ। 2019 ਦੀਆਂ ਆਮ ਚੋਣਾਂ ਵਿਚ ਸਿਮਰਜੀਤ ਬੈਂਸ ਨੇ ਆਪਣੀ ਲੋਕ ਇਨਸਾਫ਼ ਪਾਰਟੀ ਦੀ ਟਿਕਟ ‘ਤੇ ਚੋਣ ਲੜ ਕੇ ਲਗਭਗ 3.07 ਲੱਖ ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ ਸੀ। ਬੈਂਸ ਭਰਾਵਾਂ ਨੇ ਕਿਹਾ ਕਿ ਉਹ ਬਿਨਾ ਸ਼ਰਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿਵਾਇਆ ਹੈ ਕਿ ਉਹ ਸਿਰਫ਼ ਲੁਧਿਆਣਾ ਵਿਚ ਹੀ ਨਹੀਂ ਸਗੋਂ ਸੂਬੇ ਦੇ ਹੋਰ ਹਲਕਿਆਂ ਵਿਚ ਵੀ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ। ਲੋਕ ਇਨਸਾਫ਼ ਪਾਰਟੀ ਦਾ ਰਸਮੀ ਤੌਰ ‘ਤੇ ਕਾਂਗਰਸ ਪਾਰਟੀ ਵਿਚ ਰਲੇਵਾਂ ਹੋ ਗਿਆ ਹੈ। ਦੱਸਣਾ ਬਣਦਾ ਹੈ ਕਿ ਬਲਵਿੰਦਰ ਬੈਂਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਵੀ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਸੀ।