ਅੰਮ੍ਰਿਤਪਾਲ ਸਿੰਘ ਦੇ ਚੋਣ ਮੈਦਾਨ `ਚ ਆਉਣ ਪਿੱਛੋਂ ਬਦਲੇ ਸਿਆਸੀ ਸਮੀਕਰਨ

ਅੰਮ੍ਰਿਤਸਰ: ਲੋਕ ਸਭਾ ਹਲਕਾ ਖਡੂਰ ਸਾਹਿਬ ਨੂੰ ਪਹਿਲਾਂ ਤਰਨ ਤਾਰਨ ਲੋਕ ਸਭਾ ਹਲਕੇ ਦੇ ਨਾਂ ਨਾਲ ਜਾਣਿਆ ਜਾਂਦਾ ਸੀ। ਇੱਥੋਂ ਆਜ਼ਾਦ ਉਮੀਦਵਾਰ ਵਜੋਂ ਅੰਮ੍ਰਿਤਪਾਲ ਸਿੰਘ ਦੀ ਆਮਦ ਨਾਲ ਸਿਆਸੀ ਸਮੀਕਰਨ ਬਦਲਣ ਲੱਗੇ ਹਨ। ਉਸ ਦੀ ਆਮਦ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੀ ਜਿੱਤ ਹਾਰ ਨੂੰ ਪ੍ਰਭਾਵਿਤ ਕਰੇਗੀ।

ਇਸ ਲੋਕ ਸਭਾ ਹਲਕੇ ਵਿਚ ਹੁਣ ਤੱਕ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਪੰਜ ਮੁੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਚੋਣ ਮੈਦਾਨ ਵਿਚ ਹਨ ਜਿਨ੍ਹਾਂ ‘ਚ ਕਾਂਗਰਸ ਵੱਲੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ‘ਆਪ‘ ਵੱਲੋਂ ਮੌਜੂਦਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਭਾਜਪਾ ਵੱਲੋਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ ਤੇ ਖੱਬੇ ਪੱਖੀ ਧਿਰਾਂ ਸੀ.ਪੀ.ਆਈ. ਵੱਲੋਂ ਗੁਰਦਿਆਲ ਸਿੰਘ ਸ਼ਾਮਲ ਹਨ। ਇਸ ਕਾਰਨ ਇਸ ਲੋਕ ਸਭਾ ਹਲਕੇ ਵਿਚ ਵੀ ਇਸ ਵਾਰ ਬਹੁਕੋਣਾ ਮੁਕਾਬਲਾ ਹੋਵੇਗਾ। ਪਿਛੋਕੜ ‘ਤੇ ਜੇਕਰ ਝਾਤ ਮਾਰੀ ਜਾਵੇ ਤਾਂ 2008 ਤੋਂ ਪਹਿਲਾਂ ਇਹ ਹਲਕਾ ਤਰਨ ਤਾਰਨ ਲੋਕ ਸਭਾ ਹਲਕੇ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਪਰ 2009 ਵਿਚ ਇਸ ਨੂੰ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਰੂਪ ਵਿਚ ਬਦਲ ਦਿੱਤਾ ਗਿਆ ਅਤੇ ਇਸ ਵਿਚ ਕਈ ਨਵੇਂ ਵਿਧਾਨ ਸਭਾ ਹਲਕੇ ਸ਼ਾਮਲ ਕੀਤੇ ਗਏ। ਇਸ ਲੋਕ ਸਭਾ ਹਲਕੇ ਹੇਠ ਆਉਂਦੇ ਨੌਂ ਵਿਧਾਨ ਸਭਾ ਹਲਕੇ ਵੱਖ-ਵੱਖ ਚਾਰ ਜ਼ਿਲਿ੍ਹਆਂ ਤੋਂ ਹਨ ਜਿਨ੍ਹਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕੇ ਜੰਡਿਆਲਾ ਅਤੇ ਬਾਬਾ ਬਕਾਲਾ, ਤਰਨ ਤਾਰਨ ਜ਼ਿਲ੍ਹੇ ਦੇ ਚਾਰ ਤਰਨ ਤਾਰਨ, ਖਡੂਰ ਸਾਹਿਬ, ਪੱਟੀ ਅਤੇ ਖੇਮਕਰਨ, ਕਪੂਰਥਲਾ ਜ਼ਿਲ੍ਹੇ ਦੇ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਅਤੇ ਫਿਰੋਜ਼ਪੁਰ ਜ਼ਿਲ੍ਹੇ ਦਾ ਜ਼ੀਰਾ ਹਲਕਾ ਸ਼ਾਮਲ ਹੈ। ਇਸ ਲੋਕ ਸਭਾ ਹਲਕੇ ਦੇ ਨੌਂ ਵਿਧਾਨ ਸਭਾ ਹਲਕਿਆਂ ‘ਚੋਂ ਸੱਤ ‘ਚ ‘ਆਪ‘ ਵਿਧਾਇਕ ਕਾਬਜ਼ ਹਨ ਜਦਕਿ ਇਕ ਵਿਧਾਨ ਸਭਾ ਹਲਕੇ ‘ਚ ਕਾਂਗਰਸ ਤੇ ਇਕ ਵਿਧਾਨ ਸਭਾ ਹਲਕੇ ਵਿਚ ਆਜ਼ਾਦ ਵਿਧਾਇਕ ਕਾਬਜ਼ ਹੈ। ਇਸ ਕਾਰਨ ਕਿਹਾ ਜਾ ਸਕਦਾ ਹੈ ਕਿ ਇਸ ਵੇਲੇ ਲੋਕ ਸਭਾ ਹਲਕੇ ‘ਤੇ ‘ਆਪ‘ ਦਾ ਦਬਦਬਾ ਹੈ।
ਸਾਲ 1952 ਤੋਂ ਲੈ ਕੇ 2019 ਤੱਕ ਇਸ ਹਲਕੇ ਵਿਚ ਹੋਈਆਂ ਲੋਕ ਸਭਾ ਚੋਣਾਂ ਅਤੇ ਉਪ ਚੋਣਾਂ ਦੌਰਾਨ ਸੱਤ ਵਾਰ ਕਾਂਗਰਸੀ ਉਮੀਦਵਾਰ ਅਤੇ 11 ਵਾਰ ਅਕਾਲੀ ਉਮੀਦਵਾਰ ਜਿੱਤੇ ਹਨ ਜਿਨ੍ਹਾਂ ਵਿਚ 1989 ਵਿੱਚ ਸਿਮਰਨਜੀਤ ਸਿੰਘ ਮਾਨ ਵੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਵਜੋਂ ਚੋਣ ਜਿੱਤ ਚੁੱਕੇ ਹਨ। ਇਸ ਤੋਂ ਇਲਾਵਾ 10 ਵਾਰ ਅਕਾਲੀ ਦਲ ਦੇ ਉਮੀਦਵਾਰ ਚੋਣ ਜਿੱਤੇ ਹਨ ਜਿਸ ਵਿਚ ਸਭ ਤੋਂ ਵਧੇਰੇ ਤੁੜ ਪਰਿਵਾਰ ਦੇ ਜੀਅ ਸ਼ਾਮਲ ਸਨ। 2019 ਦੀਆਂ ਲੋਕ ਸਭਾ ਚੋਣਾਂ ਵਿਚ ਜਦੋਂ ਇੱਕ ਵਾਰ ਮੁੜ ਕਾਂਗਰਸ ਦੇ ਜਸਬੀਰ ਸਿੰਘ ਡਿੰਪਾ ਨੇ ਇਸ ਹਲਕੇ ਵਿਚ ਸੰਨ੍ਹ ਲਾਈ ਸੀ ਤਾਂ ਉਸ ਵੇਲੇ ਵੀ ਪੰਥਕ ਵੋਟ ਵੰਡੀ ਗਈ ਸੀ। ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਅਤੇ ਪੰਥਕ ਉਮੀਦਵਾਰ ਵਜੋਂ ਬੀਬੀ ਪਰਮਜੀਤ ਕੌਰ ਖਾਲੜਾ ਨੇ ਚੋਣ ਲੜੀ ਸੀ। ਜੇ ਦੋਵਾਂ ਉਮੀਦਵਾਰਾਂ ਦੀ ਵੋਟ ਫੀਸਦ ਨੂੰ ਜੋੜਿਆ ਜਾਵੇ ਤਾਂ ਉਨ੍ਹਾਂ ਨੇ 50 ਫੀਸਦ ਵੋਟ ਪ੍ਰਾਪਤ ਕੀਤੀ ਸੀ ਜਦਕਿ ਕਾਂਗਰਸ ਦੇ ਉਮੀਦਵਾਰ ਨੇ 43 ਫੀਸਦ ਵੋਟ ਪ੍ਰਾਪਤ ਕੀਤੀ ਸੀ ਪਰ ਸਿੱਖ ਵੋਟ ਵੰਡੇ ਜਾਣ ਕਾਰਨ ਕਾਂਗਰਸੀ ਉਮੀਦਵਾਰ ਨੂੰ ਲਾਹਾ ਮਿਲਿਆ ਸੀ। ਇਸ ਵਾਰ ਪੰਥਕ ਵੋਟਰਾਂ ਦਾ ਝੁਕਾਅ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ ਵੱਲ ਵਧ ਰਿਹਾ ਹੈ। ਅੰਮ੍ਰਿਤਪਾਲ ਸਿੰਘ ਇਸ ਵੇਲੇ ਐਨ.ਐਸ.ਏ. ਹੇਠ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਉਸ ਦੇ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਨਿਤਰਨ ਕਾਰਨ ਪਿਛਲੀ ਵਾਰ ਚੋਣ ਲੜ ਚੁੱਕੀ ਬੀਬੀ ਪਰਮਜੀਤ ਕੌਰ ਖਾਲੜਾ ਵੀ ਉਸ ਦੇ ਹੱਕ ਵਿਚ ਆ ਗਈ ਹੈ।
ਅੰਮ੍ਰਿਤਪਾਲ ਦਾ ਨਾਮਜ਼ਦਗੀ ਪੱਤਰ ਵਕੀਲ ਵੱਲੋਂ ਦਾਖ਼ਲ
ਤਰਨ ਤਾਰਨ: ਹਲਕਾ ਖਡੂਰ ਸਾਹਿਬ ਤੋਂ ‘ਵਾਰਿਸ ਪੰਜਾਬ ਦੇ` ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦਾ ਨਾਮਜ਼ਦਗੀ ਪੱਤਰ ਉਸ ਦੇ ਵਕੀਲ ਹਰਜੋਤ ਸਿੰਘ ਮਾਨ ਨੇ ਆਜ਼ਾਦ ਉਮੀਦਵਾਰ ਵਜੋਂ ਦਾਖ਼ਲ ਕਰਵਾਇਆ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਮੌਜੂਦ ਸਨ। ਨਾਮਜ਼ਦਗੀ ਪੱਤਰ ਰਿਟਰਨਿੰਗ ਅਧਿਕਾਰੀ ਡੀ.ਸੀ. ਸੰਦੀਪ ਕੁਮਾਰ ਦੀ ਥਾਂ ਉਨ੍ਹਾਂ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸ.ਡੀ.ਐਮ. ਸਿਮਰਨਦੀਪ ਸਿੰਘ ਨੇ ਪ੍ਰਾਪਤ ਕੀਤਾ। ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਅਤੇ ਸੀ.ਪੀ.ਆਈ. ਦੇ ਉਮੀਦਵਾਰ ਗੁਰਦਿਆਲ ਸਿੰਘ ਨੇ ਵੀ ਕਾਗ਼ਜ਼ ਦਾਖ਼ਲ ਕੀਤੇ। ਅੰਮ੍ਰਿਤਪਾਲ ਦੇਸ਼ ਦੇ ਸਾਰੇ ਉਮੀਦਵਾਰਾਂ ਵਿਚੋਂ ਸ਼ਾਇਦ ਸਭ ਤੋਂ ਗਰੀਬ ਹੋਵੇਗਾ। ਉਸ ਕੋਲ ਕੇਵਲ 1000 ਰੁਪਏ ਦੀ ਹੀ ਚੱਲ ਸੰਪਤੀ ਹੈ।
ਚੋਣ ਮੈਦਾਨ ‘ਚੋਂ ਹਟਣ ਦੀਆਂ ਖ਼ਬਰਾਂ ਬੇਬੁਨਿਆਦ: ਵਲਟੋਹਾ
ਅੰਮ੍ਰਿਤਸਰ: ਸੋਸ਼ਲ ਮੀਡੀਆ ਉਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਖੰਡਨ ਕਰਦਿਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ ਹਲਕੇ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਉਹ ਆਪਣੇ ਵਿਰੋਧੀਆਂ ਨੂੰ ਹਰਾਉਣ ਲਈ ਪੂਰੀ ਤਰ੍ਹਾਂ ਮੈਦਾਨ ਵਿਚ ਹਨ। ਸੋਸ਼ਲ ਮੀਡੀਆ ‘ਤੇ ਖ਼ਬਰ ਵਾਇਰਲ ਹੋ ਰਹੀ ਹੈ ਕਿ ਵਲਟੋਹਾ ਨੇ ਆਪਣੀ ਉਮੀਦਵਾਰੀ ਵਾਪਸ ਲੈ ਲਈ ਹੈ। ਸ੍ਰੀ ਵਲਟੋਹਾ ਨੇ ਇਨ੍ਹਾਂ ਖਬਰਾਂ ਨੂੰ ਝੂਠਾ ਦੱਸਿਆ।