ਚੰਡੀਗੜ੍ਹ: ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਕੇਸ ਵਿਚ ਬਰੀ ਕਰ ਦਿੱਤਾ ਹੈ। ਪੰਚਕੂਲਾ ਦੀ ਇਕ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਅਕਤੂਬਰ 2021 ਵਿਚ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਡੇਰਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਲਈ ਦੋਸ਼ੀ ਠਹਿਰਾਉਣ ਤੋਂ ਬਾਅਦ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਜਿਸ ਤੋਂ ਬਾਅਦ ਡੇਰਾ ਮੁਖੀ ਨੇ ਕੇਂਦਰੀ ਜਾਂਚ ਬਿਊਰੋ ਅਤੇ ਹੋਰ ਪ੍ਰਤੀਵਾਦੀਆਂ ਵਿਰੁੱਧ ਹਾਈ ਕੋਰਟ ਦਾ ਰੁਖ ਕੀਤਾ ਸੀ। ਰਣਜੀਤ ਸਿੰਘ ਨੂੰ 10 ਜੁਲਾਈ 2002 ਨੂੰ ਕੁਰੂਕਸ਼ੇਤਰ ਦੇ ਪਿੰਡ ਖਾਨਪੁਰ ਕੋਲੀਆਂ ਵਿਖੇ ਚਾਰ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ। ਉਧਰ, ਹਾਈ ਕੋਰਟ ਵੱਲੋਂ ਰਣਜੀਤ ਕਤਲ ਮਾਮਲੇ ‘ਚ ਸਿਰਸਾ ਡੇਰਾ ਮੁਖੀ ਨੂੰ ਰਾਹਤ ਦਿੱਤੇ ਜਾਣ ‘ਤੇ ਪ੍ਰਤੀਕ੍ਰਿਆ ਦਿੰਦਿਆਂ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪੁੱਤਰ ਅੰਸ਼ੂਲ ਛਤਰਪਤੀ ਨੇ ਕਿਹਾ ਕਿ ਹਾਈ ਕੋਰਟ ਦਾ ਫੈਸਲਾ ਸਾਡੇ ਲਈ ਦੁਖਦਾਈ ਹੈ। ਪੀੜਤ ਪਰਿਵਾਰ ਨੂੰ ਸੁਪਰੀਮ ਕੋਰਟ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਬਹੁਤ ਹੀ ਪੀੜਾ ਦੇਣ ਵਾਲਾ ਹੈ। ਜ਼ਿਕਰਯੋਗ ਹੈ ਕਿ ਸਾਧਵੀ ਜਬਰ ਜਨਾਹ ਤੋਂ ਇਲਾਵਾ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਮਾਮਲੇ ‘ਚ ਡੇਰਾ ਮੁਖੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ।