ਅੰਮ੍ਰਿਤਸਰ: ਜੂਨ 1984 ਵਿਚ ਵਾਪਰੇ ਸਾਕਾ ਨੀਲਾ ਤਾਰਾ ਫੌਜੀ ਹਮਲੇ ਸਮੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ਮਾਨ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਜੋ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸਨ, ਸੰਗਤ ਨੂੰ ਦਰਸ਼ਨ ਕਰਵਾਉਣ ਲਈ ਸ੍ਰੀ ਅਕਾਲ ਤਖ਼ਤ ਨੇੜੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਸ਼ੋਭਿਤ ਕੀਤੇ ਗਏ।
ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੁਝ ਸਾਲਾਂ ਤੋਂ ਘੱਲੂਘਾਰਾ ਹਫ਼ਤੇ ਦੌਰਾਨ ਇਸ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਪਾਵਨ ਸਰੂਪ ਦੇ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਦਰਸ਼ਨ ਕੀਤੇ ਜਾ ਸਕਣਗੇ। ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਨਾਲ ਇਸ ਵਿਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਈ ਜਾ ਰਹੀ ਹੈ। ਇਸ ਤੋਂ ਇਲਾਵਾ ਹਮਲੇ ਦੌਰਾਨ ਸ੍ਰੀ ਅਕਾਲ ਤਖ਼ਤ ਦੀ ਨੁਕਸਾਨੀ ਇਮਾਰਤ ਦਾ ਮਾਡਲ ਵੀ ਰੱਖਿਆ ਗਿਆ ਹੈ।
ਇਸ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਦੀ ਸੇਵਾ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਬਲਜੀਤ ਸਿੰਘ ਨੇ ਨਿਭਾਈ, ਜਦਕਿ ਇਸ ਬਾਰੇ ਸੰਗਤ ਨੂੰ ਜਾਣਕਾਰੀ ਸ੍ਰੀ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਦਿੱਤੀ।
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਘੱਲੂਘਾਰਾ ਹਫ਼ਤੇ ਦੌਰਾਨ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਹਰ ਗੁਰਦੁਆਰੇ ਵਿਚ ਗੁਰਮਤਿ ਸਮਾਗਮ ਕਰਕੇ ਤਤਕਾਲੀ ਕਾਂਗਰਸ ਸਰਕਾਰ ਦੇ ਇਸ ਕਾਰਨਾਮੇ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇ। ਇਸ ਮੌਕੇ ਫੌਜੀ ਹਮਲੇ ਦੌਰਾਨ ਢਹਿ-ਢੇਰੀ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵਾਪਰੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਲਗਾਈ ਗਈ।