ਅੰਮ੍ਰਿਤਸਰ: ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ਼ਹਿਰ ਅਤੇ ਪੰਜਾਬ ਵਿਚ ਵੱਖ-ਵੱਖ ਥਾਵਾਂ ‘ਤੇ ਲਾਏ ਫਲੈਕਸਾਂ ਨੂੰ ਲੈ ਕੇ ਸਿੱਖ ਸੰਸਥਾ ਨੂੰ ਸਵਾਲਾਂ ਦੇ ਘੇਰੇ ਵਿਚ ਖੜ੍ਹਾ ਕੀਤਾ ਜਾ ਰਿਹਾ ਹੈ। ਪੋਸਟਰਾਂ ਵਿਚ ਢਾਹ ਢੇਰੀ ਹੋਏ ਸ੍ਰੀ ਅਕਾਲ ਤਖਤ ਦੀ ਤਸਵੀਰ ਵੀ ਸ਼ਾਮਲ ਹੈ। ਅਜਿਹੇ ਫਲੈਕਸ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਿਆਂ ਦੇ ਨੇੜੇ ਲਾਏ ਗਏ ਹਨ। ਸ਼ਹਿਰ ਵਿਚੋਂ ਇਕ ਦੋ ਥਾਵਾਂ ਤੋਂ ਅਜਿਹੇ ਪੋਸਟਰ ਪਾੜੇ ਵੀ ਗਏ ਹਨ।
ਵੱਖ-ਵੱਖ ਸਿਆਸੀ ਧਿਰਾਂ ਦੇ ਉਮੀਦਵਾਰਾਂ ਵੱਲੋਂ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ‘ਤੇ ਦੋਸ਼ ਲਾਇਆ ਜਾ ਰਿਹਾ ਹੈ ਕਿ ਉਹ ਅਕਾਲੀ ਦਲ ਦਾ ਪੱਖ ਮਜ਼ਬੂਤ ਕਰਨ ਲਈ ਅਜਿਹਾ ਕਰ ਰਹੀ ਹੈ। ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ, ‘ਆਪ‘ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਵੱਲੋਂ ਇਸ ਸਬੰਧੀ ਸਿੱਖ ਸੰਸਥਾ ‘ਤੇ ਸਵਾਲ ਖੜ੍ਹੇ ਕੀਤੇ ਗਏ ਹਨ। ਉਧਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਮਗਰੋਂ ਸਿੱਖ ਸੰਸਥਾ ਅਤੇ ਸਮੂਹ ਸਿੱਖ ਜਥੇਬੰਦੀਆਂ ਤੇ ਸਿੱਖ ਜਗਤ ਨੂੰ ਆਦੇਸ਼ ਦਿੱਤਾ ਸੀ ਕਿ ਸਾਕਾ ਨੀਲਾ ਤਾਰਾ ਦੀ 40ਵੀਂ ਯਾਦ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾਵੇ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਉਪਰਾਲੇ ਸ਼ੁਰੂ ਕੀਤੇ ਗਏ ਹਨ। ਇਸ ਨੂੰ ਕਿਸੇ ਵੀ ਤਰ੍ਹਾਂ ਸਿਆਸੀ ਰੰਗ ਦੇਣਾ ਉਚਿਤ ਨਹੀਂ ਹੈ। ਸ਼੍ਰੋਮਣੀ ਕਮੇਟੀ ਵੱਲੋਂ ਲਗਭਗ 1500 ਅਜਿਹੇ ਫਲੈਕਸ ਬੋਰਡ ਪੰਜਾਬ ਵਿਚ ਵੱਖ-ਵੱਖ ਗੁਰਦੁਆਰਿਆਂ ਅਤੇ ਹੋਰ ਥਾਵਾਂ ‘ਤੇ ਲਾਏ ਗਏ ਹਨ।
ਜ਼ਖ਼ਮੀ ਸਰੂਪ ਹਫ਼ਤਾ ਪਹਿਲਾਂ ਸੰਗਤ ਦੇ ਦਰਸ਼ਨਾਂ ਲਈ ਰੱਖਣ ਉਤੇ ਸਵਾਲ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਸਾਕਾ ਨੀਲਾ ਤਾਰਾ ਫੌਜੀ ਹਮਲੇ ਸਮੇਂ ਜ਼ਖ਼ਮੀ ਹੋਏ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਰੱਖ ਕੇ ਅਤੇ ਇਸ ਲਈ ਪ੍ਰਚਾਰ ਸ਼ੁਰੂ ਕਰਕੇ ਸਿੱਖ ਵੋਟਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਭੁਗਤਾਉਣ ਦਾ ਯਤਨ ਕੀਤਾ ਗਿਆ। ਇਹ ਦੋਸ਼ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਲਾਏ ਗਏ। ਇਹ ਮਾਮਲਾ ਇਸ ਵਾਰ ਇਸ ਕਰਕੇ ਵੀ ਧਿਆਨ ਵਿਚ ਵਧੇਰੇ ਆਇਆ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਵੱਲੋਂ ਜ਼ਖ਼ਮੀ ਸਰੂਪ ਘੱਲੂਘਾਰਾ ਹਫ਼ਤੇ ਤੋਂ ਪਹਿਲਾਂ ਹੀ ਸੰਗਤ ਦਰਸ਼ਨ ਲਈ ਰੱਖਿਆ ਗਿਆ। ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਇਹ ਸਾਰੇ ਦੋਸ਼ ਬੇਬੁਨਿਆਦ ਹਨ ਅਤੇ ਇਨ੍ਹਾਂ ਵਿਚ ਕੋਈ ਸੱਚਾਈ ਨਹੀਂ ਹੈ।