ਕੰਗਨਾ ਨੂੰ ਥੱਪੜ ਮਾਰਨ ਦਾ ਮਾਮਲਾ ਭਖਿਆ

ਮੁਹਾਲੀ: ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ‘ਤੇ ਸੀ.ਆਈ.ਐਸ.ਐਫ਼. ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ਵੱਲੋਂ ਅਦਾਕਾਰਾ ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਲਗਾਤਾਰ ਭਖ ਰਿਹਾ ਹੈ। ਵੱਡੀ ਗਿਣਤੀ ਕਿਸਾਨ ਜਥੇਬੰਦੀਆਂ ਜਿੱਥੇ ਕੁਲਵਿੰਦਰ ਕੌਰ ਦੀ ਹਮਾਇਤ ਵਿਚ ਆ ਗਈਆਂ ਹਨ, ਉਥੇ ਪੰਜਾਬੀਆਂ ਨੂੰ ਅਤਿਵਾਦੀ ਆਖਣ ਵਾਲੀ ਕੰਗਨਾ ਉਤੇ ਵੀ ਕਾਰਵਾਈ ਲਈ ਮੰਗ ਉਠਣ ਲੱਗੀ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਣੇ ਹੋਰਨਾਂ ਕਿਸਾਨ ਜਥੇਬੰਦੀਆਂ ਅਤੇ ਇਨਸਾਫ਼ਪਸੰਦ ਲੋਕਾਂ ਨੇ ਮੁਹਾਲੀ ਵਿਚ ਰੋਸ ਮੁਜ਼ਾਹਰਾ ਕੀਤਾ।

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕੰਗਨਾ ਰਣੌਤ ਖ਼ਿਲਾਫ਼ ਵੀ ਫੌਜਦਾਰੀ ਕੇਸ ਦਰਜ ਕੀਤਾ ਜਾਵੇ। ਅਦਾਕਾਰਾ ਪਿਛਲੇ ਕਾਫ਼ੀ ਸਮੇਂ ਤੋਂ ਲਗਾਤਾਰ ਕਿਸਾਨਾਂ ਤੇ ਪੰਜਾਬੀਆਂ ਨੂੰ ਅਤਿਵਾਦੀ ਅਤੇ ਖਾਲਿਸਤਾਨੀ ਦੱਸ ਕੇ ਉਨ੍ਹਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਦੀ ਆ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੰਗਨਾ ਰਣੌਤ ਉਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕੁਲਵਿੰਦਰ ਕੌਰ ਨੂੰ ਇਸ ਕੇਸ ਵਿਚੋਂ ਬਾਹਰ ਕੱਢਣ ਦੀ ਵਕਾਲਤ ਕੀਤੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ਉੱਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਮੰਦਭਾਗਾ ਤੇ ਦੁਖਦਾਈ ਹੈ। ਕੰਗਨਾ ਰਣੌਤ ਦਾ ਇਹ ਕਹਿਣਾ ਕਿ ਪੰਜਾਬ ਵਿਚ ਅਤਿਵਾਦ ਵਧ ਰਿਹਾ ਹੈ, ਇਹ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਦਕਿ ਸੱਚ ਇਹ ਹੈ ਕਿ ਉਸ ਦੀ ਅਜਿਹੀ ਸੋਚ ਦੇਸ਼ ਦੇ ਮਾਹੌਲ ਨੂੰ ਦੂਸ਼ਿਤ ਕਰ ਰਹੀ ਹੈ। ਦੱਸ ਦਈਏ ਕਿ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ‘ਤੇ ਸੀ.ਆਈ.ਐਸ.ਐਫ਼. ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ਨੇ ਕੰਗਨਾ ਦੇ ਥੱਪੜ ਮਾਰ ਦਿੱਤਾ ਸੀ। ਇਸ ਮਹਿਲਾ ਜਵਾਨ ਦੀ ਇਕ ਵੀਡੀਓ ਵੀ ਸਾਹਮਣੇ ਆਈ ਸੀ ਜਿਸ ਵਿਚ ਉਹ ਆਖ ਰਹੀ ਹੈ ਕਿ ਕੰਗਨਾ ਨੇ ਕਿਸਾਨ ਬੀਬੀਆਂ ਬਾਰੇ ਮਾੜੀਆਂ ਟਿੱਪਣੀਆਂ ਕੀਤੀਆਂ ਸਨ।