ਜਲੰਧਰ: ਸ਼੍ਰੋਮਣੀ ਅਕਾਲੀ ਦਲ ਵਿਚਾਲੇ ਪਾਰਟੀ ਦੀ ਅਗਵਾਈ ਨੂੰ ਲੈ ਕੇ ਚੱਲ ਰਹੇ ਅੰਦਰੂਨੀ ਕਲੇਸ਼ ਦੌਰਾਨ ਵੱਡੀ ਸਿਆਸੀ ਉਥਲ-ਪੁਥਲ ਸ਼ੁਰੂ ਹੋ ਗਈ ਹੈ।
ਪੰਜਾਬ ਵਿਚ ਜਲੰਧਰ ਜ਼ਿਮਨੀ ਚੋਣ ਵਿਚਾਲੇ ਇਥੋਂ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਅਚਾਨਕ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਈ, ਉਂਝ ਬਾਅਦ ਵਿਚ ਉਨ੍ਹਾਂ ਫਿਰ ਅਕਾਲੀ ਦਲ ਵਿਚ ਵਾਪਸੀ ਕਰ ਲਈ। ਇਸੇ ਦੌਰਾਨ, ਸੁਖਬੀਰ ਧੜੇ ਨੇ ਸੁਰਜੀਤ ਕੌਰ ਨੂੰ ਹਮਾਇਤ ਦੇਣ ਦੀ ਥਾਂ ਬਸਪਾ ਉਮੀਦਵਾਰ ਦੇ ਹੱਕ ਵਿਚ ਖੜ੍ਹਨ ਦਾ ਫੈਸਲਾ ਕਰ ਕੀਤਾ ਹੈ। ਹੁਣ ਸੁਰਜੀਤ ਕੌਰ ਸਿਰਫ ਬਾਗੀ ਧੜੇ ਵੱਲੋਂ ਚੋਣ ਲੜ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਸੁਰਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਸੀ ਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਉਠੀ ਬਗਾਵਤ ਪਿੱਛੋਂ ਸੁਰਜੀਤ ਕੌਰ ਤੋਂ ਹਮਾਇਤ ਵਾਪਸ ਲੈ ਲਈ ਸੀ। ਇਸ ਪਿੱਛੋਂ ਸੁਖਬੀਰ ਦੀ ਪ੍ਰਧਾਨਗੀ ਖਿਲਾਫ ਨਿੱਤਰੇ ਬਾਗੀ ਧੜੇ ਨੇ ਸੁਰਜੀਤ ਕੌਰ ਨਾਲ ਡਟਣ ਦਾ ਫੈਸਲਾ ਕੀਤਾ ਹੈ। ਉਧਰ, ਸ਼੍ਰੋਮਣੀ ਅਕਾਲੀ ਦਲ ਵਿਚਾਲੇ ਪੈਦਾ ਹੋਇਆ ਸੰਕਟ ਉਸ ਵੇਲੇ ਹੋਰ ਡੂੰਘਾ ਹੋ ਗਿਆ ਜਦੋਂ ਨਾਰਾਜ਼ ਅਕਾਲੀ ਆਗੂਆਂ ਦੇ ਧੜੇ ਨੇ ਅਕਾਲ ਤਖਤ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਖਿਮਾ ਯਾਚਨਾ ਪੱਤਰ ਸੌਂਪਿਆ ਤੇ ਅਕਾਲੀ ਸਰਕਾਰ ਵੇਲੇ ਹੋਈਆਂ ਵੱਡੀਆਂ ਗਲਤੀਆਂ ਤੇ ਭੁੱਲਾਂ ਦਾ ਇੰਕਸ਼ਾਫ ਕੀਤਾ। ਉਨ੍ਹਾਂ ਨੇ ਦੀ ਖਿਮਾ ਲਈ ਅਰਦਾਸ ਵੀ ਕੀਤੀ। ਪੱਤਰ ਸੌਂਪਣ ਵਾਲਿਆਂ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀ ਸਾਬਕਾ ਪ੍ਰਧਾਨ ਜਗੀਰ ਕੌਰ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਗੁਰਪ੍ਰਤਾਪ ਸਿੰਘ ਵਡਾਲਾ, ਸਰਵਣ ਸਿੰਘ ਫਿਲੌਰ, ਚਰਨਜੀਤ ਸਿੰਘ ਬਰਾੜ, ਸੁਖਵੰਤ ਸਿੰਘ, ਤਜਿੰਦਰ ਪਾਲ ਸਿੰਘ, ਪਰਮਜੀਤ ਕੌਰ ਲਾਂਡਰਾਂ, ਰਣਧੀਰ ਸਿੰਘ ਰੱਖੜਾ, ਕਰਨੈਲ ਸਿੰਘ ਪੰਜੋਲੀ ਤੇ ਹੋਰ ਸ਼ਾਮਲ ਸਨ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਪੱਧਰ ‘ਤੇ ਹੀ ਅਕਾਲ ਤਖਤ ਵਿਖੇ ਅਰਦਾਸ ਕਰ ਕੇ ਭੁੱਲਾਂ ਦੀ ਖਿਮਾ ਯਾਚਨਾ ਕੀਤੀ ਜਾ ਚੁੱਕੀ ਹੈ ਪਰ ਉਸ ਵੇਲੇ ਕਿਹੜੀਆਂ-ਕਿਹੜੀਆਂ ਭੁੱਲਾਂ ਅਤੇ ਗਲਤੀਆਂ ਹੋਈਆਂ ਹਨ, ਉਨ੍ਹਾਂ ਬਾਰੇ ਕਦੇ ਖੁਲਾਸਾ ਨਹੀਂ ਕੀਤਾ ਗਿਆ ਸੀ ਪਰ ਹੁਣ ਬਾਗ਼ੀ ਧੜੇ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਚਾਰ ਸਫਿਆਂ ਦਾ ਪੱਤਰ ਦਿੱਤਾ ਜਿਸ ਵਿਚ ਅਕਾਲੀ ਸਰਕਾਰ ਵੇਲੇ ਹੋਈਆਂ ਗਲਤੀਆਂ ਅਤੇ ਭੁੱਲਾਂ ਦਾ ਜ਼ਿਕਰ ਕੀਤਾ ਗਿਆ ਹੈ। ਇਨ੍ਹਾਂ ਵਿਚ 2007 ਦਾ ਸਲਾਬਤਪੁਰਾ ਕੇਸ ਜਿਸ ਵਿਚ ਡੇਰਾ ਸਿਰਸਾ ਦੇ ਮੁਖੀ ਵੱਲੋਂ ਦਸਵੇਂ ਗੁਰੂ ਗੋਬਿੰਦ ਸਿੰਘ ਵਾਂਗ ਅੰਮ੍ਰਿਤ ਛਕਾਉਣ ਦੀ ਨਕਲ ਕੀਤੀ ਗਈ ਸੀ, ਵੀ ਸ਼ਾਮਲ ਹੈ।
ਇਸ ਮਾਮਲੇ ਵਿਚ ਉਸ ਵੇਲੇ ਪੁਲਿਸ ਕੇਸ ਤਾਂ ਦਰਜ ਹੋਇਆ ਸੀ ਪਰ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਅਗਲੀ ਕਾਰਵਾਈ ਕਰਨ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਇਹ ਕੇਸ ਵਾਪਸ ਲੈ ਲਿਆ। ਦੂਜਾ ਮਾਮਲਾ 2015 ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਹੈ ਜਿਸ ਵਿਚ ਉਸ ਵੇਲੇ ਦੀ ਅਕਾਲੀ ਸਰਕਾਰ ਤੇ ਬਤੌਰ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਂ ਸਿਰ ਸਹੀ ਜਾਂਚ ਕਰਵਾਉਣ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਵਿਚ ਅਸਫਲ ਰਹੇ। ਤੀਜਾ ਮਾਮਲਾ ਡੇਰਾ ਸਿਰਸਾ ਦੇ ਮੁਖੀ ਨੂੰ ਬਿਨਾ ਮੰਗਿਆਂ ਮਾਫੀ ਦੇਣ ਸਬੰਧੀ ਹੈ। ਚੌਥਾ ਮਾਮਲਾ ਸੁਮੇਧ ਸੈਣੀ ਨੂੰ ਪੰਜਾਬ ਪੁਲਿਸ ਦਾ ਮੁਖੀ ਬਣਾਉਣ ਅਤੇ ਅਤਿਵਾਦ ਵੇਲੇ ਪੰਜਾਬ ‘ਚ ਹੋਏ ਝੂਠੇ ਮੁਕਾਬਲਿਆਂ ਦੀ ਜਾਂਚ ਲਈ ਜਾਂਚ ਕਮਿਸ਼ਨ ਨਾ ਬਣਾਉਣ ਸਬੰਧੀ ਹੈ।
ਇਸ ਤੋਂ ਪਹਿਲਾਂ ਵੀ ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਲੀਡਰਸ਼ਿਪ ਨੇ ਬੀਤੇ ਵਿਚ ਆਪਣੀ ਗਲਤੀਆਂ ਲਈ ਮੁਆਫੀ ਮੰਗੀ ਸੀ ਅਤੇ ਦਰਬਾਰ ਸਾਹਿਬ ਵਿਚ ਸੇਵਾ ਵੀ ਕੀਤੀ ਸੀ ਪਰ ਉਦੋਂ ਦੋਸ਼ ਲੱਗੇ ਸਨ ਕਿ ਅਕਾਲ ਤਖਤ ਉਤੇ ਪੇਸ਼ ਹੋ ਕੇ ਵਿਧੀ-ਵਿਧਾਨ ਮੁਤਾਬਕ ਮੁਆਫੀ ਮੰਗਣੀ ਚੀਹੀਦੀ ਸੀ। ਹੁਣ ਬਾਗੀਆਂ ਦੇ ਧੜੇ ਨੇ ਅਕਾਲ ਤਖਤ ਉਤੇ ਪੇਸ਼ ਹੋ ਕੇ ਆਪਣੀਆਂ ਗਲਤੀਆਂ ਕਬੂਲਣ ਅਤੇ ਮੁਆਫੀ ਮੰਗਣ ਪਿੱਛੋਂ ਸੁਖਬੀਰ ਬਾਦਲ ਲਈ ਹਾਲਾਤ ਹੋਰ ਔਖੇ ਬਣ ਸਕਦੇ ਹਨ। ਅਕਾਲੀ ਦਲ ਵਿਚ ਹੁਣ ਹਾਲਾਤ ਇਹ ਹਨ ਕਿ ਇਕ ਪਾਸੇ ਸੁਖਬੀਰ ਸਿੰਘ ਬਾਦਲ ਨਿੱਤ ਮੀਟਿੰਗਾਂ ਕਰ-ਕਰ ਆਪਣੇ ਹੱਕ ਵਿਚ ਹੱਥ ਖੜ੍ਹੇ ਕਰਵਾ ਰਹੇ ਹਨ ਅਤੇ ਦੂਜੇ ਪਾਸੇ ਬਾਗੀ ਧੜੇ ਵੱਲੋਂ ਪਾਰਟੀ ਪ੍ਰਧਾਨ ਨੂੰ ਅਹੁਦੇ ਤੋਂ ਲਾਂਭੇ ਕਰਨ ਲਈ ਸਰਗਰਮੀਆਂ ਵਧਾਈਆਂ ਹੋਈਆਂ ਹਨ।
ਬਾਗੀ ਧੜੇ ਦੇ ਇਸ ਪੈਂਤੜੇ ਨੇ ਸੁਖਬੀਰ ਧੜੇ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਦੇ ਹੱਦੋਂ ਵੱਧ ਮਾੜੇ ਪ੍ਰਦਰਸ਼ਨ ਤੋਂ ਬਾਅਦ ਜਦੋਂ ਲੀਡਰਸ਼ਿਪ ਨੇ ਸਮੀਖਿਆ ਕਰਨੀ ਸ਼ੁਰੂ ਕੀਤੀ ਤਾਂ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਅੰਦਰੋਂ ਬਗ਼ਾਵਤੀ ਸੁਰਾਂ ਦਾ ਸਾਹਮਣਾ ਕਰਨਾ ਪੈ ਗਿਆ।
ਦਰਅਸਲ, 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਾਰਟੀ ਅੰਦਰ ਇਹ ਮੰਥਨ ਸ਼ੁਰੂ ਹੋਇਆ ਸੀ। ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ ਬਣਾਈ ਕਮੇਟੀ ਨੇ ਪਾਰਟੀ ਦੇ ਜਨ ਆਧਾਰ ਵਿਚ ਆ ਰਹੀ ਕਮੀ ਦੀ ਨਿਸ਼ਾਨਦੇਹੀ ਅਤੇ ਇਸ ਨੂੰ ਠੱਲ੍ਹ ਪਾਉਣ ਲਈ ਸਿਫਾਰਸ਼ਾਂ ਦੇਣ ਵਾਸਤੇ ਪਾਰਟੀ ਦੇ ਜ਼ਮੀਨੀ ਪੱਧਰ ਦੇ ਆਗੂਆਂ ਅਤੇ ਕਾਰਕੁਨਾਂ ਨਾਲ ਵਿਚਾਰ ਚਰਚਾ ਕਰ ਕੇ ਰਿਪੋਰਟ ਤਿਆਰ ਕੀਤੀ ਸੀ ਪਰ ਪਾਰਟੀ ਲੀਡਰਸ਼ਿਪ ਇਸ ਦਿਸ਼ਾ ਵਿਚ ਕੋਈ ਠੋਸ ਕਦਮ ਪੁੱਟਣ ਵਿਚ ਨਾਕਾਮ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂਆਂ ਅੰਦਰ ਹੁਣ ਇਸ ਨਿਘਾਰ ਨੂੰ ਲੈ ਕੇ ਚਿੰਤਾਵਾਂ ਦੀਆਂ ਰੇਖਾਵਾਂ ਗੂੜ੍ਹੀਆਂ ਹੋ ਰਹੀਆਂ ਹਨ।
2017 ਵਿਚ ਸੱਤਾ ਤੋਂ ਬਾਹਰ ਹੋਣ ਤੋਂ ਲੈ ਕੇ ਹੁਣ ਤੱਕ ਅਕਾਲੀ ਦਲ ਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਅਤੇ ਪਾਰਟੀ ‘ਤੇ ਬਾਦਲ ਪਰਿਵਾਰ ਦੇ ਕਬਜ਼ੇ ਉਤੇ ਬਗ਼ਾਵਤ ਦਾ ਸਾਹਮਣਾ ਕਰਨਾ ਪਿਆ ਹੈ। ਪਾਰਟੀ ਦੇ ਮੂਲ ਸਮਰਥਕ ਇਸ ਤੋਂ ਦੂਰ ਹੋ ਰਹੇ ਹਨ, ਪੁਰਾਣੇ ਆਗੂ ਚਿਤਾਵਨੀਆਂ ਦੇ ਰਹੇ ਹਨ ਕਿ ਪਾਰਟੀ ਨੂੰ ਲੋਕਾਂ ਦਾ ਭਰੋਸਾ ਮੁੜ ਜਿੱਤਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।
ਬਾਗੀ ਧੜੇ ਦੇ ਆਗੂਆਂ ਜਗੀਰ ਕੌਰ ਤੇ ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਅਕਾਲੀ ਆਗੂਆਂ ਨੇ ਪਾਰਟੀ ਪ੍ਰਧਾਨ ਨੂੰ ਅਕਾਲ ਤਖਤ ਤੋਂ ਭੁੱਲ ਬਖਸ਼ਾਉਣ ਵਾਸਤੇ ਕਈ ਵਾਰ ਕਿਹਾ ਸੀ ਪਰ ਉਨ੍ਹਾਂ ਨੇ ਇਹ ਗੱਲ ਅਣਸੁਣੀ ਕਰ ਦਿੱਤੀ ਜਿਸ ਕਾਰਨ ਪੰਜਾਬ ਦੇ ਲੋਕਾਂ ਵਿਚ ਪਾਰਟੀ ਪ੍ਰਤੀ ਨਰਾਜ਼ਗੀ ਹੈ। ਇਸ ਦਾ ਸਿੱਟਾ ਇਹ ਨਿਕਲਿਆ ਕਿ ਦੇਸ਼ ਅਤੇ ਪੰਜਾਬ ‘ਚ ਸਿੱਖਾਂ ਦੇ ਮਸਲਿਆਂ ਨੂੰ ਸਰਕਾਰਾਂ ਵੱਲੋਂ ਨਜ਼ਰਅੰਦਾਜ਼ ਕੀਤਾ ਜਾਣ ਲੱਗਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਅਕਾਲ ਤਖਤ ਦੇ ਜਥੇਦਾਰ ਨੂੰ ਖਿਮਾ ਯਾਚਨਾ ਸਬੰਧੀ ਪੱਤਰ ਸੌਂਪਿਆ ਹੈ ਅਤੇ ਜਥੇਦਾਰ ਰਘਬੀਰ ਸਿੰਘ ਨੇ ਇਸ ਮਾਮਲੇ ਨੂੰ ਵਿਚਾਰਨ ਦਾ ਭਰੋਸਾ ਦਿੱਤਾ ਹੈ। ਉਧਰ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਸਿੱਖਾਂ ਦੀ ਪੁਰਾਤਨ ਰਾਜਸੀ ਜਥੇਬੰਦੀ ਹੈ ਅਤੇ ਇਸ ਨੂੰ ਕਾਇਮ ਰਹਿਣਾ ਚਾਹੀਦਾ ਹੈ। ਇਸ ਨੂੰ ਦੋਫਾੜ ਨਹੀਂ ਹੋਣਾ ਚਾਹੀਦਾ।