ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਝੂੰਦਾਂ ਕਮੇਟੀ ਦੀ ਰਿਪੋਰਟ ਜਨਤਕ

ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਦੋ ਸੀਨੀਅਰ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਝੂੰਦਾਂ ਕਮੇਟੀ ਦੀ ਰਿਪੋਰਟ ਦੇ ਕੁਝ ਅੰਸ਼ ਜਨਤਕ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਮਜ਼ਬੂਤੀ ਲਈ ਜੇਕਰ ਇਸ ਰਿਪੋਰਟ ਨੂੰ ਲਾਗੂ ਕੀਤਾ ਹੁੰਦਾ ਤਾਂ ਪਾਰਟੀ ਨੂੰ ਅੱਜ ਇਹ ਦਿਨ ਨਹੀਂ ਸੀ ਦੇਖਣੇ ਪੈਂਦੇ।

ਝੂੰਦਾਂ ਕਮੇਟੀ ਦੇ ਮੈਂਬਰ ਰਹੇ ਚੰਦੂਮਾਜਰਾ ਅਤੇ ਜਥੇਦਾਰ ਵਡਾਲਾ ਨੇ ਰਿਪੋਰਟ ਦਾ ਕੁਝ ਹਿੱਸਾ ਪੇਸ਼ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਈ ਨਵੀਂ ਮੁਸਬੀਤ ਖੜ੍ਹੀ ਕਰ ਦਿੱਤੀ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਕੋਲ ਇਸ ਰਿਪੋਰਟ ਦੀ ਨਕਲ ਵੀ ਨਹੀਂ ਹੈ। ਉਨ੍ਹਾਂ ਇਸ ਰਿਪੋਰਟ ਵਿਚ ਸ਼ਾਮਲ ਕੀਤੇ 16 ਨੁਕਤੇ ਪਹਿਲੀ ਵਾਰ ਜਨਤਕ ਕੀਤੇ।
ਚੰਦੂਮਾਜਰਾ ਤੇ ਵਡਾਲਾ ਨੇ ਕਿਹਾ ਕਿ ਝੂੰਦਾਂ ਕਮੇਟੀ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਵਿਚ ਵੱਡੇ ਪੱਧਰ ‘ਤੇ ਤਬਦੀਲੀ ਹੋਵੇ। ਪਾਰਟੀ ਵਰਕਰਾਂ ਦੀ ਇੱਛਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਸਰਕਾਰ ਸਮੇਂ ਹੋਈਆਂ ਭੁੱਲਾਂ ਬਖ਼ਸ਼ਾਈਆਂ ਜਾਣ ਅਤੇ ਮੁਆਫੀ ਮੰਗੀ ਜਾਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਮੁੜ ਪੰਥ ਤੇ ਪੰਜਾਬ ਵਿਚ ਪ੍ਰਵਾਨ ਚੜ੍ਹਾਉਣ ਅਤੇ ਲੋਕਾਂ ਦੀ ਖਾਤਰ ਲੜਨ ਲਈ ਨਵੀਂ ਲੀਡਰਸ਼ਿਪ ਤਿਆਰ ਕਰਨ ਦਾ ਸੁਨੇਹਾ ਦੇਣ ਵਾਲੀ ਝੂੰਦਾਂ ਕਮੇਟੀ ਦੀ ਰਿਪੋਰਟ ਲਾਗੂ ਨਾ ਕਰ ਕੇ ਅਕਾਲੀ ਵਰਕਰਾਂ ਨਾਲ ਧੋਖਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਰਿਪੋਰਟ ਤਾਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ‘ਤੇ ਵੀ ਚੋਣ ਲੜਨ ‘ਤੇ ਰੋਕ ਲਗਾਉਣ ਦੀ ਸਿਫਾਰਸ਼ ਕਰਦੀ ਹੈ। ਅਕਾਲੀ ਦਲ ਦੇ ਅਹੁਦੇਦਾਰ ਸਾਬਤ ਸੂਰਤ ਹੋਣੇ ਚਾਹੀਦੇ ਹਨ।
ਦੋਹਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੇ ਮੰਚ ‘ਤੇ ਝੂੰਦਾਂ ਕਮੇਟੀ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਆਗੂਆਂ ਦੀ ਕੋਈ ਸੁਣਵਾਈ ਨਹੀਂ ਹੋਈ ਜਿਹੜੇ ਇਸ ਰਿਪੋਰਟ ਨੂੰ ਜਨਤਕ ਕਰਨਾ ਚਾਹੁੰਦੇ ਸਨ। ਝੂੰਦਾਂ ਕਮੇਟੀ ਦੀ ਰਿਪੋਰਟ ਵਿਚ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ (ਸੋਈ) ਨੂੰ ਭੰਗ ਕਰਨ ਦੀ ਸਿਫਾਰਸ਼ ਕੀਤੀ ਗਈ ਸੀ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਬਹਾਲ ਕਰਨ ਦੀ ਗੱਲ ‘ਤੇ ਜ਼ੋਰ ਦਿੱਤਾ ਗਿਆ ਸੀ। ਟਿਕਟਾਂ ਦੀ ਵੰਡ ਲਈ ਪਾਰਲੀਮਾਨੀ ਬੋਰਡ ਬਣਾਉਣ, ਅਕਾਲੀ ਦਲ ਦਾ ਦਫ਼ਤਰ ਮੁੜ ਅੰਮ੍ਰਿਤਸਰ ਵਿਚ ਸਥਾਪਤ ਕਰਨ ਅਤੇ ਪ੍ਰਧਾਨ ਦੀ ਮਿਆਦ ਦੋ ਵਾਰ ਤੋਂ ਬਾਅਦ ਲਗਾਤਾਰ ਨਾ ਹੋਣ ਦੀ ਸਿਫਾਰਸ਼ ਕੀਤੀ ਗਈ ਸੀ। ਜਥੇਦਾਰ ਵਡਾਲਾ ਨੇ ਕਿਹਾ ਕਿ ਝੂੰਦਾਂ ਰਿਪੋਰਟ ਵਿਚ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਸੀ ਕਿ ਪਾਰਟੀ ਵਿਚੋਂ ਏਕਾਧਿਕਾਰ ਖਤਮ ਕਰਕੇ ਸਮੂਹਿਕ ਲੀਡਰਸ਼ਿਪ ਸਾਹਮਣੇ ਆਉਣੀ ਚਾਹੀਦੀ ਹੈ ਜਿਵੇਂ ਪਹਿਲਾਂ ਵਾਲੇ ਸਮਿਆਂ ਵਿਚ ਸੀ। ਸ਼੍ਰੋਮਣੀ ਕਮੇਟੀ ਮੈਂਬਰ ਵੀ ਰਾਜਨੀਤਕ ਚੋਣ ਨਹੀਂ ਲੜ ਸਕਦਾ। ਫੈਡਰਲ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਬੁਨਿਆਦੀ ਮੁੱਦਿਆਂ ‘ਤੇ ਡੱਟ ਕੇ ਪਹਿਰੇਦਾਰੀ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ ਗਈ ਸੀ। ਇਕ ਪਰਿਵਾਰ ਇੱਕ ਟਿਕਟ ਅਤੇ ਸ਼੍ਰੋਮਣੀ ਕਮੇਟੀ ਵਿਚ ਰਾਜਨੀਤਕ ਦਖਲਅੰਦਾਜ਼ੀ ਬੰਦ ਕਰਨ ਦੀ ਵੀ ਸਿਫਾਰਿਸ਼ ਕੀਤੀ ਗਈ ਸੀ।