ਬਰਤਾਨੀਆ ਦੇ ਗੁਰਦੁਆਰੇ ਵਿਚ ਹਮਲੇ ਦੇ ਦੋਸ਼ ਹੇਠ ਨਾਬਾਲਗ ਕਾਬੂ

ਲੰਡਨ: ਦੱਖਣ-ਪੂਰਬੀ ਇੰਗਲੈਂਡ ਦੇ ਕੈਂਟ ਵਿਚਲੇ ਇਕ ਗੁਰਦੁਆਰੇ ਵਿਚ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ 17 ਸਾਲਾ ਲੜਕੇ ਨੂੰ ਹਿਰਾਸਤ ‘ਚ ਲਿਆ ਹੈ। ਇਸ ਘਟਨਾ ‘ਚ ਦੋ ਔਰਤਾਂ ਜ਼ਖ਼ਮੀ ਹੋ ਗਈਆਂ ਸਨ।

ਕੈਂਟ ਪੁਲਿਸ ਨੇ ਕਿਹਾ ਕਿ ਇਕ ਵਿਅਕਤੀ ਵੱਲੋਂ ਗੁਰਦੁਆਰੇ ਵਿਚ ਹਮਲਾ ਕਰਨ ਦੇ ਮਾਮਲੇ ਵਿਚ ਜਾਂਚ ਕਰਨ ਲਈ ਉਨ੍ਹਾਂ ਨੂੰ ਗੁਰੂ ਨਾਨਕ ਦਰਬਾਰ ਗੁਰਦੁਆਰੇ ਵਿਚ ਬੁਲਾਇਆ ਗਿਆ ਸੀ। ਗੁਰਦੁਆਰਾ ਪ੍ਰਬੰਧਕੀ ਕਮੇਟੀ ਨੇ ਦੱਸਿਆ ਕਿ ਘਟਨਾ ਸਮੇਂ ਦਰਬਾਰ ਹਾਲ ਵਿਚ ‘ਗੁਰੂ ਗ੍ਰੰਥ ਸਾਹਿਬ` ਸੁਸ਼ੋਭਿਤ ਨਹੀਂ ਸਨ। ਕੈਂਟ ਪੁਲਿਸ ਨੇ ਕਿਹਾ, ‘‘ਇਹ ਦੱਸਿਆ ਗਿਆ ਹੈ ਕਿ ਇਕ ਵਿਅਕਤੀ ਨੇ ਗੁਰਦੁਆਰੇ ਵਿਚ ਦਾਖਲ ਹੋ ਕੇ ਉਥੇ ਮੌਜੂਦ ਲੋਕਾਂ `ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋ ਔਰਤਾਂ ਜ਼ਖ਼ਮੀ ਹੋ ਗਈਆਂ।“ ਪੁਲਿਸ ਨੇ ਕਤਲ ਦੀ ਕੋਸ਼ਿਸ਼ ਅਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੇਸ਼ ਹੇਠ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਮੌਕੇ ਤੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤਾ ਹੈ।
ਇਧਰ, ਇੰਗਲੈਂਡ ਵਿਚ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਸੈਂਡ ਵਿਚ ਇਕ ਵਿਅਕਤੀ ਵੱਲੋਂ ਸੰਗਤ ‘ਤੇ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨਿੰਦਾ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਸੰਜੀਦਗੀ ਨਾਲ ਲਿਆ ਜਾਵੇ ਅਤੇ ਵਿਦੇਸ਼ ਮੰਤਰਾਲੇ ਰਾਹੀਂ ਇੰਗਲੈਂਡ ਸਰਕਾਰ ਨੂੰ ਕਾਰਵਾਈ ਲਈ ਕਿਹਾ ਜਾਵੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਧਰਮ ਅੰਦਰ ਗੁਰਦੁਆਰਾ ਸਾਹਿਬ ਦੀ ਵੱਡੀ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ ਦੀ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਸਿੱਖਾਂ ‘ਤੇ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਗੰਭੀਰ ਯਤਨ ਕਰੇ। ਉਨ੍ਹਾਂ ਇੰਗਲੈਂਡ ਦੀ ਸਰਕਾਰ ਨੂੰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਅਪੀਲ ਕਰਨ ਦੇ ਨਾਲ-ਨਾਲ ਭਾਰਤ ਸਰਕਾਰ ਨੂੰ ਵੀ ਕਿਹਾ ਕਿ ਮਾਮਲੇ ਨੂੰ ਸੰਜੀਦਗੀ ਨਾਲ ਲਵੇ।
ਘਟਨਾ ਚਿੰਤਾਜਨਕ ਤੇ ਨਿੰਦਣਯੋਗ: ਜਥੇਦਾਰ
ਅੰਮ੍ਰਿਤਸਰ: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੰਗਲੈਂਡ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਚ ਸੰਗਤ ‘ਤੇ ਕੀਤੇ ਗਏ ਹਮਲੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਥੇਦਾਰ ਨੇ ਕਿਹਾ ਕਿ ਇੰਗਲੈਂਡ ਦੇ ਗੁਰਦੁਆਰੇ ਵਿਚ ਇਹ ਘਟਨਾ ਵਾਪਰਨੀ ਚਿੰਤਾਜਨਕ ਅਤੇ ਨਿੰਦਣਯੋਗ ਹੈ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਸਣੇ ਹੋਰ ਮੈਂਬਰਾਂ ਨੇ ਕਿਹਾ ਕਿ ਕੁਝ ਕੱਟੜਪੰਥੀਆਂ ਵੱਲੋਂ ਖੁੱਲ੍ਹੇਆਮ ਸਿੱਖਾਂ ਦੇ ਧਾਰਮਿਕ ਅਸਥਾਨਾਂ ਦੇ ਅੰਦਰ ਸਿੱਖਾਂ ਨੂੰ ਹਿੰਸਾ ਦਾ ਸ਼ਿਕਾਰ ਬਣਾਉਣ ਦੀ ਘਟਨਾ ਨਿੰਦਣਯੋਗ ਅਤੇ ਮੰਦਭਾਗੀ ਹੈ। ਉਨ੍ਹਾਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਇੰਗਲੈਂਡ ਸਰਕਾਰ ਨਾਲ ਰਾਬਤਾ ਕਰ ਕੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ।