ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਸੜਕ ਮਾਰਗਾਂ ‘ਚ ਪਏ ਅੜਿੱਕਿਆਂ ਨੂੰ ਦੂਰ ਕਰਨ ਵਾਸਤੇ ਕਮਾਨ ਆਪਣੇ ਹੱਥਾਂ ਵਿਚ ਲੈ ਲਈ ਹੈ। ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ 15 ਜੁਲਾਈ ਨੂੰ ਦਿੱਲੀ ਵਿਚ ਮੀਟਿੰਗ ਦੌਰਾਨ ਪੰਜਾਬ ਦੀ ਖਿਚਾਈ ਕਰਦਿਆਂ ਚਿਤਾਵਨੀ ਦਿੱਤੀ ਸੀ ਕਿ ਕੌਮੀ ਮਾਰਗਾਂ ਵਿਚਲੇ ਅੜਿੱਕੇ ਦੂਰ ਨਾ ਕੀਤੇ ਗਏ ਤਾਂ ਆਗਾਮੀ ਸੜਕ ਪ੍ਰੋਜੈਕਟ ਰੋਕ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਇਸ ਸਖ਼ਤ ਰੌਂਅ ਨੂੰ ਸੰਜੀਦਗੀ ਨਾਲ ਲਿਆ ਹੈ। ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀ ਫ਼ੌਰੀ ਮੀਟਿੰਗ ਬੁਲਾਈ ਜਿਸ ਵਿਚ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੀ ਸ਼ਾਮਲ ਸਨ। ਮੁੱਖ ਮਸਲਾ ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈੱਸਵੇਅ ਦਾ ਵਿਚਾਰਿਆ ਗਿਆ ਜਿਸ ਦੇ ਮੁਕੰਮਲ ਹੋਣ ਵਿਚ ਵੀ ਸੈਂਕੜੇ ਅੜਿੱਕੇ ਪਏ ਹੋਏ ਹਨ। ਤਕਰੀਬਨ 20 ਤੋਂ 25 ਫ਼ੀਸਦੀ ਸੜਕੀ ਖੇਤਰ ਦਾ ਕੰਮ ਅਧਵਾਟੇ ਲਟਕਿਆ ਪਿਆ ਹੈ। ਮੁੱਖ ਮੰਤਰੀ ਨੇ ਵਿਸਥਾਰ ਵਿਚ ਇਸ ਪ੍ਰੋਜੈਕਟ ‘ਤੇ ਵਿਚਾਰ ਵਟਾਂਦਰਾ ਕੀਤਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਨੂੰ ਲੈ ਕੇ ਟੀਚਾ ਦਿੱਤਾ ਹੈ। ਮੁੱਖ ਮੰਤਰੀ ਨੇ ਮੀਟਿੰਗ ਵਿਚ ਕਿਹਾ ਕਿ ਉਹ ਇਸ ਪ੍ਰੋਜੈਕਟ ਨੂੰ ਮੁਕੰਮਲ ਕਰਾਉਣ ਲਈ ਖ਼ੁਦ ਮੈਦਾਨ ਵਿਚ ਉੱਤਰਨਗੇ ਅਤੇ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਐਕੁਆਇਰ ਹੋਈਆਂ ਹਨ, ਉਨ੍ਹਾਂ ਨਾਲ ਸਿੱਧਾ ਸੰਵਾਦ ਰਚਾਉਣਗੇ। ਕਿਸਾਨਾਂ ਨੂੰ ਦਿੱਤੇ ਮੁਆਵਜ਼ੇ ਅਤੇ ਇਸ ਨਾਲ ਸਬੰਧਿਤ ਮਸਲਿਆਂ ਦੀ ਸ਼ਨਾਖ਼ਤ ਕੀਤੀ ਜਾਵੇਗੀ।
ਮੀਟਿੰਗ ਵਿਚ ਇਹ ਵੀ ਚਰਚਾ ਹੋਈ ਕਿ ਕੁੱਝ ਲੋਕ ਕਿਸਾਨਾਂ ਨੂੰ ਭੜਕਾ ਕੇ ਆਪਣੀ ਰਾਜਨੀਤੀ ਕਰ ਰਹੇ ਹਨ ਜੋ ਸੂਬੇ ਦੇ ਵਿਕਾਸ ਦੇ ਉਲਟ ਭੁਗਤ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿਚ ਫ਼ੈਸਲਾ ਕੀਤਾ ਕਿ ਉਹ ਮੁਢਲੇ ਪੜਾਅ ‘ਤੇ ਜਲਦ ਹੀ ਸਬੰਧਤ ਕਿਸਾਨਾਂ ਨਾਲ ਗੱਲਬਾਤ ਕਰਨਗੇ ਅਤੇ ਉਸ ਮਗਰੋਂ ਅਗਲਾ ਕਦਮ ਚੁੱਕਣਗੇ। ਚੇਤੇ ਰਹੇ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਦੋ ਮਹੀਨਿਆਂ ਦੀ ਮੋਹਲਤ ਲਈ ਹੈ। ਕੇਂਦਰ ਸਰਕਾਰ ਨੇ ਪਹਿਲਾਂ ਹੀ 3303 ਕਰੋੜ ਰੁਪਏ ਦੇ ਤਿੰਨ ਕੌਮੀ ਸੜਕ ਪ੍ਰੋਜੈਕਟ ਰੱਦ ਕਰ ਦਿੱਤੇ ਹਨ ਅਤੇ 4942 ਕਰੋੜ ਦੇ ਪ੍ਰੋਜੈਕਟਾਂ ਨੂੰ ਲੈ ਕੇ ਕੇਂਦਰੀ ਐਕਸ਼ਨ ਪ੍ਰਕਿਰਿਆ ਅਧੀਨ ਹੈ।