ਸੁਖਬੀਰ ਨੇ ਜਥੇਦਾਰ ਨੂੰ ਬੰਦ ਲਿਫਾਫੇ ਵਿਚ ਸਪਸ਼ਟੀਕਰਨ ਸੌਂਪਿਆ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਥੇ ਸ੍ਰੀ ਅਕਾਲ ਤਖਤ ਅੱਗੇ ਪੇਸ਼ ਹੋਏ। ਉਨ੍ਹਾਂ ਆਪਣਾ ਸਪਸ਼ਟੀਕਰਨ ਬੰਦ ਲਿਫਾਫੇ ਵਿਚ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ। ਜਥੇਦਾਰ ਨੇ ਕਿਹਾ ਕਿ ਇਸ ਸਪਸ਼ਟੀਕਰਨ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਵਿਚਾਰਨ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਆਪਣਾ ਸਪਸ਼ਟੀਕਰਨ ਅਕਾਲ ਤਖ਼ਤ ਵਿਖੇ ਸੌਂਪ ਦਿੱਤਾ ਹੈ। ਪੰਜ ਸਿੰਘ ਸਾਹਿਬਾਨ ਦੀ 15 ਜੁਲਾਈ ਨੂੰ ਹੋਈ ਬੈਠਕ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਰੋਧੀ ਧੜੇ ਵੱਲੋਂ ਲਾਏ ਗਏ ਦੋਸ਼ਾਂ ਸਬੰਧੀ ਸਪਸ਼ਟੀਕਰਨ ਦੇਣ ਲਈ 15 ਦਿਨਾਂ ਅੰਦਰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਸ੍ਰੀ ਬਾਦਲ ਨੇ ਉਪਰੋਕਤ ਦੋਸ਼ਾਂ ਦੇ ਸਬੰਧ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪਸ਼ਟੀਕਰਨ ਸੌਂਪਿਆ। ਇਸ ਮੌਕੇ ਉਨ੍ਹਾਂ ਦੇ ਨਾਲ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਮਹੇਸ਼ ਇੰਦਰ ਸਿੰਘ ਗਰੇਵਾਲ ਤੇ ਹੋਰ ਹਾਜ਼ਰ ਸਨ।
ਇਸ ਤੋਂ ਪਹਿਲਾਂ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਤੇ ਸ੍ਰੀ ਅਕਾਲ ਤਖਤ ਵਿਖੇ ਮੱਥਾ ਟੇਕਿਆ। ਉਨ੍ਹਾਂ ਮੀਡੀਆ ਨਾਲ ਗੱਲ ਕਰਨ ਤੋਂ ਸੰਕੋਚ ਕੀਤਾ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਗਿਆ ਸਪਸ਼ਟੀਕਰਨ ਮਿਲ ਗਿਆ ਹੈ ਅਤੇ ਇਸ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਵਿਚਾਰਨ ਉਪਰੰਤ ਅਗਲੇਰੀ ਕਾਰਵਾਈ ਹੋਵੇਗੀ।
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਵਿਚ ਸ਼ਾਮਲ ਆਗੂਆਂ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ ਤੇ ਹੋਰਨਾਂ ਨੇ ਪਹਿਲੀ ਜੁਲਾਈ ਨੂੰ ਸ਼੍ਰੀ ਅਕਾਲ ਤਖਤ ਵਿਖੇ ਇਕ ਪੱਤਰ ਦੇ ਕੇ ਖਿਮਾ ਯਾਚਨਾ ਦੀ ਅਪੀਲ ਕੀਤੀ ਸੀ। ਇਸ ਪੱਤਰ ਵਿਚ ਉਨ੍ਹਾਂ ਦੋਸ਼ ਲਾਇਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਅਕਾਲੀ ਸਰਕਾਰ ਕੋਲੋਂ ਵੱਡੀਆਂ ਭੁੱਲਾਂ ਤੇ ਗਲਤੀਆਂ ਹੋਈਆਂ ਹਨ। ਉਸ ਵੇਲੇ ਉਹ ਵੀ ਅਕਾਲੀ ਦਲ ਦੀ ਸਰਕਾਰ ਵਿਚ ਸ਼ਾਮਲ ਸਨ ਅਤੇ ਇਨ੍ਹਾਂ ਭੁੱਲਾਂ ਅਤੇ ਗਲਤੀਆਂ ਦਾ ਬੋਝ ਮਹਿਸੂਸ ਕਰ ਰਹੇ ਹਨ। ਇਸ ਪੱਤਰ ਵਿਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਚਾਰ ਅਹਿਮ ਦੋਸ਼ ਲਾਏ ਸਨ। ਜਿਨ੍ਹਾਂ ਵਿਚ ਸਲਾਬਤਪੁਰਾ ਕੇਸ ਵਿਚ ਡੇਰਾ ਮੁਖੀ ਖਿਲਾਫ ਕਾਰਵਾਈ ਦੀ ਥਾਂ ਦਰਜ ਕੇਸ ਵਾਪਸ ਲੈਣਾ, 2015 ਵਿਚ ਹੋਈਆਂ ਬੇਅਦਬੀਆਂ ਦੇ ਮਾਮਲੇ ਵਿਚ ਸਰਕਾਰ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਵਿਚ ਅਸਫਲ ਰਹੀ, ਡੇਰਾ ਸਿਰਸਾ ਮੁਖੀ ਨੂੰ ਮਾਫ ਕਰਵਾਉਣ ਵਾਸਤੇ ਸਰਕਾਰ ਵਲੋਂ ਪ੍ਰਭਾਵ ਵਰਤਣਾ ਅਤੇ ਸੁਮੇਧ ਸੈਣੀ ਨੂੰ ਡੀ.ਜੀ.ਪੀ. ਬਣਾਉਣਾ ਤੇ ਹੋਰ ਸ਼ਾਮਲ ਸੀ। ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਅੰਦਰੂਨੀ ਸੰਕਟ ਨਾਲ ਜੂਝ ਰਿਹਾ ਹੈ। ਨਾਰਾਜ਼ ਧਿਰ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਦਾ ਅਹੁਦਾ ਛੱਡਣ ਦੀ ਵੀ ਮੰਗ ਕੀਤੀ ਜਾ ਰਹੀ ਹੈ।
ਉਧਰ, ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਬੰਦ ਲਿਫਾਫਾ ਸਪਸ਼ਟੀਕਰਨ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਚਰਨ ਸਿੰਘ ਗਰੇਵਾਲ, ਅਲਵਿੰਦਰ ਸਿੰਘ ਪੱਖੋਕੇ ਅਤੇ ਸਕੱਤਰ ਪ੍ਰਤਾਪ ਸਿੰਘ ਮੌਜੂਦ ਸਨ।
ਸ਼੍ਰੋਮਣੀ ਕਮੇਟੀ ਖਿਲਾਫ ਲੱਗੇ ਦੋਸ਼ ਇਹ ਸਨ…
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਖਿਲਾਫ ਦੋਸ਼ ਹਨ ਕਿ ਉਸ ਨੇ ਡੇਰਾ ਸਿਰਸਾ ਮੁਖੀ ਨੂੰ ਮਾਫ ਕਰਨ ਦੇ ਮਾਮਲੇ ਦੀ ਪ੍ਰੋੜਤਾ ਕਰਦਿਆਂ ਲਗਭਗ 90 ਲੱਖ ਰੁਪਏ ਦੇ ਇਸ਼ਤਿਹਾਰ ਮੀਡੀਆ ਵਿਚ ਦਿੱਤੇ ਸਨ, ਜਦੋਂ ਕਿ ਸੰਗਤ ਰੋਹ ਦੇ ਕਾਰਨ ਬਾਅਦ ਵਿਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਡੇਰਾ ਸਿਰਸਾ ਨੂੰ ਮਾਫੀ ਦੇਣ ਦਾ ਫੈਸਲਾ ਵਾਪਸ ਲੈਣਾ ਪਿਆ ਸੀ। ਇਸ ਲਈ 90 ਲੱਖ ਰੁਪਏ ਦੀ ਖਰਚ ਕੀਤੀ ਰਕਮ ਨਾਲ ਗੁਰੂ ਦੀ ਗੋਲਕ ਉਤੇ ਵਾਧੂ ਬੋਝ ਪਾਇਆ ਗਿਆ ਸੀ।