ਸੁਖਬੀਰ ਮੁੱਦੇ `ਤੇ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਸਪਸ਼ਟੀਕਰਨ ਜਨਤਕ ਕਰਨ ਤੋਂ ਬਾਅਦ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਲਈ ਹੈ।

ਉਮੀਦ ਹੈ ਕਿ ਇਸ ਮੀਟਿੰਗ ਵਿਚ ਅਕਾਲੀ ਸਰਕਾਰ ਦੌਰਾਨ ਹੋਈ ਬੇਅਦਬੀ, ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਟਾਉਣ ਲਈ ਚੱਲ ਰਹੇ ਟਕਰਾਅ ਦੇ ਮੁੱਦੇ ‘ਤੇ ਕੋਈ ਫੈਸਲਾ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਸ਼ਾਸਨ ਦੀਆਂ ਸਾਰੀਆਂ ਗਲਤੀਆਂ ਲਈ ਖੁਦ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਆਖਿਆ ਹੈ ਕਿ ਉਹ ਸਿੰਘ ਸਾਹਿਬਾਨ ਦਾ ਹਰ ਹੁਕਮ ਮੰਨਣਗੇ। ਇਸ ਸਪਸ਼ਟੀਕਰਨ ਵਿਚ ਲਿਖਿਆ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਮਾਮਲੇ ਵਿਚ 24 ਸਤੰਬਰ 2015 ਨੂੰ ਸ੍ਰੀ ਅਕਾਲ ਵਿਖੇ ਹੋਈ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਗੁਰਮਤਾ ਪਾਸ ਕੀਤਾ ਗਿਆ ਸੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਪ੍ਰਧਾਨ ਅਵਤਾਰ ਸਿੰਘ ਦੇ ਹੁਕਮਾਂ ‘ਤੇ ਮੁੱਖ ਸਕੱਤਰ ਹਰਚਰਨ ਸਿੰਘ ਵੱਲੋਂ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਸਪਸ਼ਟੀਕਰਨ ਵਿਚ ਕਿਹਾ ਹੈ ਕਿ ਅਕਾਲੀ ਦਲ ਦੇ ਕੁਝ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੁਆਫ਼ੀ ਪੱਤਰ ਸੌਂਪਿਆ ਸੀ। ਇਸ ਵਿਚ ਉਨ੍ਹਾਂ ਦੇ ਵਿਰੁੱਧ ਜੋ ਵੀ ਲਿਖਿਆ ਗਿਆ ਹੈ, ਉਹ ਆਪਣੀ ਝੋਲੀ ਪਾਉਂਦੇ ਹਨ ਤੇ ਜੋ ਵੀ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਦੇਣਗੇ, ਉਹ ਵੀ ਉਨ੍ਹਾਂ ਨੂੰ ਪ੍ਰਵਾਨ ਹੋਵੇਗਾ। ਇਸ ਮੁਆਫ਼ੀਨਾਮੇ ਵਿਚ ਉਨ੍ਹਾਂ ਨੇ ਆਪਣੇ ਪਿਤਾ ਤੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲਿਖੀ ਚਿੱਠੀ ਨੂੰ ਵੀ ਸ਼ਾਮਲ ਕੀਤਾ ਹੈ ਤੇ ਉਸ ਦਾ ਹਵਾਲਾ ਵੀ ਦਿੱਤਾ ਹੈ। ਉਧਰ, ਅਕਾਲ ਤਖਤ ਦੇ ਸਪਸ਼ਟੀਕਰਨ ਬਾਰੇ ਵਿਚਾਰ ਤੋਂ ਪਹਿਲਾਂ ਸੁਖਬੀਰ ਧੜੇ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਅਕਾਲੀ ਦਲ ਵੱਲੋਂ ਅਗਲੇ ਦਿਨਾਂ ਵਿਚ ਕਈ ਪ੍ਰੋਗਰਾਮ ਉਲੀਕੇ ਗਏ ਹਨ। 15 ਅਗਸਤ ਨੂੰ ਈਸੜੂ ‘ਚ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ ‘ਚ ਅਕਾਲੀ ਦਲ ਦੀ ਕਾਨਫਰੰਸ ਸੱਦੀ ਗਈ। 19 ਅਗਸਤ ਨੂੰ ਬਾਬਾ ਬਕਾਲਾ ਵਿਚ ਵੀ ਸਲਾਨਾ ਕਾਨਫਰੰਸ ਸੱਦੀ ਹੈ। ਇਸ ਤੋਂ ਇਲਾਵਾ 20 ਅਗਸਤ ਨੂੰ ਸੰਤ ਹਰਚਰਨ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਲੌਂਗੋਵਾਲ ‘ਚ ਵੱਡੇ ਪੱਧਰ ‘ਤੇ ਸ਼ਹੀਦੀ ਸਮਾਗਮ ਰੱਖਿਆ ਹੈ। ਇਸ ਤੋਂ ਇਲਾਵਾ ਅਕਾਲੀ ਦਲ ਨੇ ਆਉਣ ਵਾਲੀਆਂ ਚਾਰ ਵਿਧਾਨ ਸਭਾ ਦੀਆਂ ਚਾਰ ਜ਼ਿਮਨੀ ਚੋਣਾਂ ਲੜਨ ਦਾ ਵੀ ਫੈਸਲਾ ਕੀਤਾ ਹੈ।
ਸਾਬਕਾ ਆਈ.ਜੀ. ਖੱਟੜਾ ਨੂੰ ਚਿਤਾਵਨੀ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਆਈ.ਜੀ. ਰਣਬੀਰ ਸਿੰਘ ਖੱਟੜਾ ਨੂੰ ਕਰੜੇ ਹੱਥੀਂ ਲਿਆ ਹੈ ਅਤੇ ਉਸ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਗੁਮਰਾਹਕੁਨ ਤੇ ਤੱਥਹੀਣ ਬਿਆਨਬਾਜ਼ੀ ਕਰਾਰ ਦਿੱਤਾ ਹੈ। ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਉਹ ਸੰਗਤ ਨੂੰ ਗੁਮਰਾਹ ਕਰਨ ਤੋਂ ਗੁਰੇਜ਼ ਕਰੇ, ਨਹੀਂ ਤਾਂ ਕਮੇਟੀ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੋਸ਼ ਲਾਇਆ ਕਿ ਸਾਬਕਾ ਆਈ.ਜੀ. ਸਿੱਖ ਸੰਸਥਾ ਵਿਰੁੱਧ ਬੇਬਨਿਆਦ ਦੋਸ਼ ਲਾ ਰਹੇ ਹਨ ਅਤੇ ਇਹ ਸਿੱਧ ਕਰਨ ਦਾ ਯਤਨ ਕਰ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਨੇ ਬੇਅਦਬੀ ਮਾਮਲੇ ਵਿਚ ਸੀ.ਬੀ.ਆਈ. ਕਲੋਜਰ ਰਿਪੋਰਟ ਦੇ ਪੱਖ ਵਿਚ ਹਲਫ਼ੀਆ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਕਿ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਸਬੰਧੀ ਕੇਸਾਂ ਵਿਚ ਕੇਂਦਰੀ ਜਾਂਚ ਏਜੰਸੀ ਵੱਲੋਂ 2019 ਵਿਚ ਅਦਾਲਤ ‘ਚ ਕਲੋਜਰ ਰਿਪੋਰਟ ਦਰਜ ਕੀਤੀ ਗਈ ਸੀ ਜਿਸ ਦਾ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਕਰਦਿਆਂ ਇਸ ਨੂੰ ਰੱਦ ਕਰ ਦਿੱਤਾ ਸੀ। ਸ਼੍ਰੋਮਣੀ ਕਮੇਟੀ ਵੱਲੋਂ ਇਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਸੀ।